ਸਰਸਵਤੀ ਸੀਨੀਅਰ ਸੈਕੰਡਰੀ ਸਕੂਲ ਜੈਤੋ ਵਿਖੇ ਵਣ ਮਹਾਂ ਉਤਸਵ ਮਨਾਇਆ
ਜੈਤੋ, 4 ਅਗਸਤ (ਗੁਰਮੀਤਪਾਲ ਰੋੜੀਕਪੂਰਾ)-ਸਥਾਨਕ ਸਰਸਵਤੀ ਸੀਨੀਅਰ ਸੈਕੰਡਰੀ ਸਕੂਲ ਜੈਤੋ ਵਿਖੇ ਵਣ ਮਹਾਂ ਉਤਸਵ ਬੜੇ ਉਤਸ਼ਾਹ ਅਤੇ ਜੋਸ਼ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੀ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਰਾਕੇਸ਼ ਰੋਮਾਨਾ, ਸਕੱਤਰ ਮਦਨ ਲਾਲ ਗੋਇਲ ਅਤੇ ਮੈਨੇਜਰ ਦਿਨੇਸ਼ ਗੋਇਲ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।
ਜੈਤੋ, 4 ਅਗਸਤ (ਗੁਰਮੀਤਪਾਲ ਰੋੜੀਕਪੂਰਾ)-ਸਥਾਨਕ ਸਰਸਵਤੀ ਸੀਨੀਅਰ ਸੈਕੰਡਰੀ ਸਕੂਲ ਜੈਤੋ ਵਿਖੇ ਵਣ ਮਹਾਂ ਉਤਸਵ ਬੜੇ ਉਤਸ਼ਾਹ ਅਤੇ ਜੋਸ਼ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੀ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਰਾਕੇਸ਼ ਰੋਮਾਨਾ, ਸਕੱਤਰ ਮਦਨ ਲਾਲ ਗੋਇਲ ਅਤੇ ਮੈਨੇਜਰ ਦਿਨੇਸ਼ ਗੋਇਲ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਸਮਾਗਮ ਦੌਰਾਨ ਵਿਦਿਆਰਥੀਆਂ ਨੇ ਵਾਤਾਵਰਨ ਸੰਭਾਲ ਵਿਸ਼ੇ ’ਤੇ ਪ੍ਰਭਾਵਸ਼ਾਲੀ ਭਾਸ਼ਣ, ਕਵਿਤਾਵਾਂ ਅਤੇ ਗੀਤ ਪੇਸ਼ ਕਰਕੇ ਰੁੱਖਾਂ ਅਤੇ ਕੁਦਰਤ ਦੀ ਮਹੱਤਤਾ ਬਾਰੇ ਜਾਗਰੂਕਤਾ ਦਾ ਸੰਦੇਸ਼ ਦਿੱਤਾ। ਇਸ ਮੌਕੇ ਸਕੂਲ ਪ੍ਰਬੰਧਕੀ ਕਮੇਟੀ ਵਲੋਂ ਵਿਦਿਆਰਥੀਆਂ ਨੂੰ ਪੌਦੇ ਵੀ ਵੰਡੇ ਗਏ ਅਤੇ ਉਨ੍ਹਾਂ ਨੂੰ ਵੱਧ ਤੋਂ ਵੱਧ ਰੁੱਖ ਲਗਾਉਣ ਲਈ ਪ੍ਰੇਰਿਤ ਕੀਤਾ ਗਿਆ। ਪ੍ਰਬੰਧਕੀ ਕਮੇਟੀ ਦੇ ਮੈਂਬਰਾਂ ਨੇ ਕਿਹਾ ਕਿ ਵਾਤਾਵਰਨ ਨੂੰ ਪ੍ਰਦੂਸ਼ਣ-ਮੁਕਤ ਅਤੇ ਹਰਿਆ-ਭਰਿਆ ਬਣਾਉਣ ਲਈ ਹਰ ਵਿਅਕਤੀ ਨੂੰ ਰੁੱਖ-ਬੂਟੇ ਲਗਾਉਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਸਿਰਫ਼ ਪੌਦੇ ਲਗਾਉਣਾ ਹੀ ਕਾਫ਼ੀ ਨਹੀਂ, ਸਗੋਂ ਉਨ੍ਹਾਂ ਦੀ ਨਿਯਮਿਤ ਸਾਂਭ-ਸੰਭਾਲ ਕਰਨਾ ਵੀ ਸਾਡੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਵਾਤਾਵਰਨ ਸੁਰੱਖਿਆ ਲਈ ਸਰਗਰਮ ਭੂਮਿਕਾ ਨਿਭਾਉਣ ਦਾ ਸੱਦਾ ਦਿੱਤਾ। ਸਮਾਗਮ ਦੇ ਅੰਤ ਵਿਚ ਸਕੂਲ ਪ੍ਰਬੰਧਕਾਂ ਨੇ ਇਸ ਪ੍ਰੋਗਰਾਮ ਨੂੰ ਸਫ਼ਲ ਬਣਾਉਣ ਲਈ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ ਅਤੇ ਵਾਤਾਵਰਨ ਸੰਭਾਲ ਲਈ ਹਮੇਸ਼ਾ ਅਜਿਹੀਆਂ ਗਤੀਵਿਧੀਆਂ ਜਾਰੀ ਰੱਖਣ ਦਾ ਸੰਕਲਪ ਦੁਹਰਾਇਆ।