ਡੀ.ਆਈ.ਜੀ. ਅਤੇ ਐੱਸ.ਐੱਸ.ਪੀ. ਵਲੋਂ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ
ਸ੍ਰੀ ਮੁਕਤਸਰ ਸਾਹਿਬ, 11 ਅਗਸਤ (ਰਣਜੀਤ ਸਿੰਘ ਢਿੱਲੋਂ)-ਡੀ. ਆਈ.
ਸ੍ਰੀ ਮੁਕਤਸਰ ਸਾਹਿਬ, 11 ਅਗਸਤ (ਰਣਜੀਤ ਸਿੰਘ ਢਿੱਲੋਂ)-ਡੀ.ਆਈ.ਜੀ. ਬਿਊਰੋ ਆਫ਼ ਇਨਵੈਸਟੀਗੇਸ਼ਨ ਅਤੇ ਕ੍ਰਾਈਮ ਪੰਜਾਬ ਚੰਡੀਗੜ੍ਹ ਸਰਬਜੀਤ ਸਿੰਘ ਦੀ ਨਿਗਰਾਨੀ ਹੇਠ ਆਉਣ ਵਾਲੇ 15 ਅਗਸਤ ਆਜ਼ਾਦੀ ਦਿਵਸ ਨੂੰ ਸੁਰੱਖਿਅਤ, ਸ਼ਾਂਤੀਪੂਰਨ ਅਤੇ ਸੁਚੱਜੇ ਢੰਗ ਨਾਲ ਮਨਾਉਣ ਲਈ ਸ੍ਰੀ ਮੁਕਤਸਰ ਸਾਹਿਬ ਪੁਲਿਸ ਵਲੋਂ ਜ਼ਿਲ੍ਹੇ ਭਰ ਵਿਚ ਸਖ਼ਤ ਤੇ ਪੁਖ਼ਤਾ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਇਨ੍ਹਾਂ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਡੀ.ਆਈ.ਜੀ. ਬਿਊਰੋ ਆਫ਼ ਇਨਵੈਸਟੀਗੇਸ਼ਨ ਅਤੇ ਕ੍ਰਾਈਮ ਪੰਜਾਬ ਸਰਬਜੀਤ ਸਿੰਘ ਅਤੇ ਐੱਸ.ਐੱਸ.ਪੀ. ਅਭਿਮਨਿਊ ਰਾਣਾ ਵਲੋਂ ਖ਼ੁਦ ਮੈਦਾਨ ਵਿਚ ਜਾ ਕੇ ਵੱਖ-ਵੱਖ ਸਥਾਨਾਂ ’ਤੇ ਚੈਕਿੰਗ ਕੀਤੀ ਗਈ। ਡੀ.ਆਈ.ਜੀ. ਅਤੇ ਐੱਸ.ਐੱਸ.ਪੀ. ਵਲੋਂ ਸ਼ਹਿਰ ਤੇ ਜ਼ਿਲ੍ਹੇ ਦੇ ਵੱਖ-ਵੱਖ ਮੁੱਖ ਰੂਟਾਂ ’ਤੇ ਲਗਾਏ ਗਏ ਨਾਕਿਆਂ ਦੀ ਚੈਕਿੰਗ ਕੀਤੀ ਗਈ। ਨਾਕਿਆਂ ’ਤੇ ਤਾਇਨਾਤ ਪੁਲਿਸ ਅਧਿਕਾਰੀਆਂ ਤੇ ਕਰਮਚਾਰੀਆਂ ਨਾਲ ਗੱਲਬਾਤ ਕਰਕੇ ਉਨ੍ਹਾਂ ਨੂੰ ਡਿਊਟੀ ਦੌਰਾਨ ਪੂਰੀ ਮੁਸਤੈਦੀ ਵਰਤਣ ਤੇ ਹਰੇਕ ਸ਼ੱਕੀ ਵਿਅਕਤੀ ਤੇ ਵਾਹਨ ਦੀ ਬਾਰੀਕੀ ਨਾਲ ਜਾਂਚ ਕਰਨ ਸੰਬੰਧੀ ਹਦਾਇਤਾਂ ਜਾਰੀ ਕੀਤੀਆਂ ਗਈਆਂ। ਪੁਲਿਸ ਟੀਮਾਂ ਵਲੋਂ ਆਉਣ-ਜਾਣ ਵਾਲੇ ਵਾਹਨਾਂ ਦੀ ਚੈਕਿੰਗ ਦੇ ਨਾਲ-ਨਾਲ ਸ਼ੱਕੀ ਵਿਅਕਤੀਆਂ ਦੀ ਪਛਾਣ ਦੀ ਤਸਦੀਕ ਕੀਤੀ ਜਾ ਰਹੀ ਹੈ। 15 ਅਗਸਤ ਨੂੰ ਜ਼ਿਲ੍ਹਾ ਪੱਧਰੀ ਮੁੱਖ ਸਮਾਗਮ ਗੁਰੂ ਗੋਬਿੰਦ ਸਿੰਘ ਸਟੇਡੀਅਮ ਸ੍ਰੀ ਮੁਕਤਸਰ ਸਾਹਿਬ ਵਿਖੇ ਕਰਵਾਇਆ ਜਾਣਾ ਹੈ। ਇਸ ਦੇ ਮੱਦੇਨਜ਼ਰ ਡੀ.ਆਈ.ਜੀ. ਅਤੇ ਐੱਸ.ਐੱਸ.ਪੀ. ਵਲੋਂ ਸਟੇਡੀਅਮ ਵਿਖੇ ਪਹੁੰਚ ਕੇ ਸੁਰੱਖਿਆ ਪ੍ਰਬੰਧਾਂ ਦਾ ਵਿਸਥਾਰਪੂਰਵਕ ਜਾਇਜ਼ਾ ਲਿਆ ਗਿਆ। ਸਟੇਡੀਅਮ ਦੇ ਐਂਟਰੀ ਤੇ ਐਗਜ਼ਿਟ ਪੁਆਇੰਟਾਂ, ਦਰਸ਼ਕਾਂ ਦੀ ਆਵਾਜਾਈ, ਪਾਰਕਿੰਗ, ਸੁਰੱਖਿਆ ਘੇਰੇ ਅਤੇ ਪੁਲਿਸ ਤਾਇਨਾਤੀ ਸੰਬੰਧੀ ਪ੍ਰਬੰਧਾਂ ਦੀ ਜਾਂਚ ਕੀਤੀ ਗਈ। ਸੁਰੱਖਿਆ ਨੂੰ ਹੋਰ ਮਜ਼ਬੂਤ ਕਰਨ ਲਈ ਮੈਟਲ ਡਿਟੈਕਟਰ, ਮੈਨੂਅਲ ਚੈਕਿੰਗ ਅਤੇ ਸੀ.ਸੀ.ਟੀ.ਵੀ. ਕੈਮਰਿਆਂ ਰਾਹੀਂ ਨਿਗਰਾਨੀ ਸਮੇਤ ਲੋੜੀਂਦੇ ਪ੍ਰਬੰਧ ਯਕੀਨੀ ਬਣਾਉਣ ਲਈ ਅਧਿਕਾਰੀਆਂ ਨੂੰ ਹਦਾਇਤਾਂ ਦਿੱਤੀਆਂ ਗਈਆਂ। ਇਸ ਤੋਂ ਇਲਾਵਾ ਮਲੋਟ ਤੇ ਗਿੱਦੜਬਾਹਾ ਵਿਖੇ ਹੋਣ ਵਾਲੇ ਸਬ-ਡਵੀਜ਼ਨ ਪੱਧਰੀ ਸਮਾਗਮਾਂ ਲਈ ਵੀ ਸੁਰੱਖਿਆ ਪ੍ਰਬੰਧਾਂ ਨੂੰ ਮਜ਼ਬੂਤ ਰੱਖਣ ਲਈ ਪੁਲਿਸ ਟੀਮਾਂ ਨੂੰ ਲੋੜੀਂਦੀਆਂ ਹਦਾਇਤਾਂ ਦਿੱਤੀਆਂ ਗਈਆਂ ਹਨ। ਪੰਜਾਬ-ਹਰਿਆਣਾ ਤੇ ਪੰਜਾਬ-ਰਾਜਸਥਾਨ ਸਰਹੱਦਾਂ ’ਤੇ ਵਿਸ਼ੇਸ਼ ਨਾਕਾਬੰਦੀ ਕਰਕੇ ਆਉਣ-ਜਾਣ ਵਾਲੇ ਵਾਹਨਾਂ ਦੀ ਬਾਰੀਕੀ ਨਾਲ ਚੈਕਿੰਗ ਕੀਤੀ ਜਾ ਰਹੀ ਹੈ। ਇਸ ਮੌਕੇ ਮਨਮੀਤ ਸਿੰਘ ਢਿੱਲੋਂ ਐੱਸ.ਪੀ. (ਡੀ.) ਸ੍ਰੀ ਮੁਕਤਸਰ ਸਾਹਿਬ ਅਤੇ ਬਚਨ ਸਿੰਘ ਡੀ.ਐੱਸ.ਪੀ. ਸ੍ਰੀ ਮੁਕਤਸਰ ਸਾਹਿਬ ਸਮੇਤ ਹੋਰ ਪੁਲਿਸ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ। ਇਸ ਮੌਕੇ ਡੀ.ਆਈ.ਜੀ. ਨੇ ਕਿਹਾ ਕਿ 15 ਅਗਸਤ ਆਜ਼ਾਦੀ ਦਿਵਸ ਦੇ ਮੱਦੇਨਜ਼ਰ ਜ਼ਿਲ੍ਹੇ ਵਿਚ ਸੁਰੱਖਿਆ ਪ੍ਰਬੰਧ ਪੂਰੀ ਤਰ੍ਹਾਂ ਮਜ਼ਬੂਤ ਕੀਤੇ ਗਏ ਹਨ। ਪੁਲਿਸ ਵਲੋਂ ਵੱਖ-ਵੱਖ ਥਾਵਾਂ ’ਤੇ ਨਾਕਾਬੰਦੀ ਕਰਕੇ ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ।