ਐਨ.ਡੀ.ਪੀ.ਐਸ. ਐਕਟ ਅਧੀਨ ਜੇਲ੍ਹ ਅੰਦਰ ਬੰਦ ਕੈਦੀ ਦੀ ਇਲਾਜ ਦੌਰਾਨ ਮੌਤ
ਫ਼ਰੀਦਕੋਟ, 13 ਅਗਸਤ (ਜਸਵੰਤ ਸਿੰਘ ਪੁਰਬਾ)-ਐਨ. ਡੀ.
ਫ਼ਰੀਦਕੋਟ, 13 ਅਗਸਤ (ਜਸਵੰਤ ਸਿੰਘ ਪੁਰਬਾ)-ਐਨ.ਡੀ.ਪੀ.ਐਸ ਐਕਟ ਤਹਿਤ ਫ਼ਰੀਦਕੋਟ ਦੀ ਜੇਲ੍ਹ ਵਿਚ ਬੰਦ ਇਕ ਕੈਦੀ ਦੀ ਇਲਾਜ ਦੌਰਾਨ ਮੌਤ ਹੋ ਗਈ। ਜਾਣਕਾਰੀ ਮੁਤਾਬਿਕ ਭੁਪਿੰਦਰ ਸਿੰਘ ਉਰਫ਼ ਭਿੰਦਾ ਜੋ ਕਿ ਫ਼ਰੀਦਕੋਟ ਦੇ ਕਸਬਾ ਕੋਟਕਪੂਰਾ ਦਾ ਰਹਿਣ ਵਾਲਾ ਸੀ ਅਤੇ ਜਿਸਦੇ ਖਿਲਾਫ਼ ਨਸ਼ਾ ਬਰਾਮਦਗੀ ਨੂੰ ਲੈ ਕੇ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਸੀ। ਮਿਲੀ ਜਾਣਕਾਰੀ ਅਨੁਸਾਰ ਭੁਪਿੰਦਰ ਸਿੰਘ ਦਿਮਾਗੀ ਤੌਰ ’ਤੇ ਪ੍ਰੇਸ਼ਾਨ ਰਹਿੰਦਾ ਸੀ ਅਤੇ ਉਸਦੇ ਵਿਵਹਾਰ ਵੀ ਠੀਕ ਨਹੀਂ ਸੀ। ਜਿਸ ਕਾਰਨ ਉਸ ਨੂੰ 29 ਜੁਲਾਈ ਨੂੰ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਫ਼ਰੀਦਕੋਟ ਵਿਖੇ ਦਾਖਲ ਕਰਵਾਇਆ ਗਿਆ ਸੀ ਅਤੇ 10 ਅਗਸਤ ਨੂੰ ਉਸ ਨੂੰ ਹਸਪਤਾਲ ਤੋਂ ਛੁੱਟੀ ਦੇ ਕੇ ਵਾਪਸ ਜੇਲ ਭੇਜਿਆ ਗਿਆ ਸੀ ਪਰ 11 ਅਗਸਤ ਨੂੰ ਮੁੜ ਉਸ ਦੀ ਹਾਲਤ ਖਰਾਬ ਹੋਣ ’ਤੇ ਉਸਨੂੰ ਜੇਲ੍ਹ ਦੇ ਅੰਦਰ ਬਣੇ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਪਰ ਉੱਥੇ ਉਸਦੀ ਹਾਲਤ ਜ਼ਿਆਦਾ ਖਰਾਬ ਹੋਣ ’ਤੇ ਸਿਵਲ ਹਸਪਤਾਲ ਫ਼ਰੀਦਕੋਟ ਲਿਜਾਇਆ ਗਿਆ ਜਿੱਥੇ ਡਾਕਟਰਾਂ ਵਲੋਂ ਉਸਨੂੰ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਰੈਫ਼ਰ ਕੀਤਾ ਗਿਆ ਪਰ ਕੱਲ੍ਹ ਦੇਰ ਸ਼ਾਮ ਉਸ ਦੀ ਹਸਪਤਾਲ ਵਿਚ ਇਲਾਜ ਦੇ ਦੌਰਾਨ ਮੌਤ ਹੋ ਗਈ। ਫਿਲਹਾਲ ਜੇਲ ਪ੍ਰਸ਼ਾਸਨ ਵਲੋਂ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ ਹੈ ਜਿਸ ਵਲੋਂ ਉਸਦੇ ਪੋਸਟਮਾਰਟਮ ਨੂੰ ਲੈ ਕੇ ਅਗਲੀ ਕਾਰਵਾਈ ਕੀਤੀ ਜਾ ਰਹੀ।