ਡਿਪਟੀ ਕਮਿਸ਼ਨਰ ਵਲੋਂ ਵੱਖ-ਵੱਖ ਵਿਭਾਗਾਂ ਨਾਲ ਸਮੀਖਿਆ ਮੀਟਿੰਗ
ਫ਼ਰੀਦਕੋਟ, 5 ਅਕਤੂਬਰ (ਜਸਵੰਤ ਸਿੰਘ ਪੁਰਬਾ)-ਪੰਜਾਬ ਸਰਕਾਰ ਦੇ ਅਧਿਕਾਰਤ ਪੋਰਟਲ ’ਤੇ ਦਰਜ ਵਪਾਰੀਆਂ ਦੀਆਂ ਸਮੱਸਿਆਵਾਂ ਅਤੇ ਸ਼ਿਕਾਇਤਾਂ ਦੇ ਤੁਰੰਤ ਨਿਪਟਾਰੇ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਡਿਪਟੀ ਕਮਿਸ਼ਨਰ ਰਾਹੁਲ ਚਾਬਾ ਵਲੋਂ ਪੰਜਾਬ ਸਟੇਟ ਟਰੇਡਰਜ਼ ਕਮਿਸ਼ਨ ਨਾਲ ਸਬੰਧਿਤ ਮਾਮਲਿਆਂ ਅਤੇ ਪ੍ਰਾਪਤ ਸ਼ਿਕਾਇਤਾਂ ਦੇ ਨਿਪਟਾਰੇ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ ਗਈ।
ਫ਼ਰੀਦਕੋਟ, 5 ਅਕਤੂਬਰ (ਜਸਵੰਤ ਸਿੰਘ ਪੁਰਬਾ)-ਪੰਜਾਬ ਸਰਕਾਰ ਦੇ ਅਧਿਕਾਰਤ ਪੋਰਟਲ ’ਤੇ ਦਰਜ ਵਪਾਰੀਆਂ ਦੀਆਂ ਸਮੱਸਿਆਵਾਂ ਅਤੇ ਸ਼ਿਕਾਇਤਾਂ ਦੇ ਤੁਰੰਤ ਨਿਪਟਾਰੇ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਡਿਪਟੀ ਕਮਿਸ਼ਨਰ ਰਾਹੁਲ ਚਾਬਾ ਵਲੋਂ ਪੰਜਾਬ ਸਟੇਟ ਟਰੇਡਰਜ਼ ਕਮਿਸ਼ਨ ਨਾਲ ਸਬੰਧਿਤ ਮਾਮਲਿਆਂ ਅਤੇ ਪ੍ਰਾਪਤ ਸ਼ਿਕਾਇਤਾਂ ਦੇ ਨਿਪਟਾਰੇ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਵਪਾਰੀਆਂ ਵਲੋਂ ਪਾਵਰਕਾਮ, ਪੁਲਿਸ ਵਿਭਾਗ, ਕਰ ਤੇ ਆਬਕਾਰੀ ਵਿਭਾਗ, ਟਰਾਂਸਪੋਰਟ ਵਿਭਾਗ, ਜਲ ਸਪਲਾਈ ਅਤੇ ਸੀਵਰੇਜ ਬੋਰਡ ਸਮੇਤ ਵੱਖ-ਵੱਖ ਵਿਭਾਗਾਂ ਨਾਲ ਸਬੰਧਿਤ ਸਮੱਸਿਆਵਾਂ ਡਿਪਟੀ ਕਮਿਸ਼ਨਰ ਦੇ ਧਿਆਨ ਵਿਚ ਲਿਆਂਦੀਆਂ ਗਈਆਂ। ਇਸ ਤੋਂ ਇਲਾਵਾ ਦੁਸਹਿਰੇ ਅਤੇ ਦੀਵਾਲੀ ਦੇ ਤਿਉਹਾਰਾਂ ਨੂੰ ਮੁੱਖ ਰੱਖਦਿਆਂ ਸ਼ਹਿਰ ਦੇ ਸੁੰਦਰੀਕਰਨ, ਸਫ਼ਾਈ ਅਤੇ ਸੁਰੱਖਿਆ ਪ੍ਰਬੰਧਾਂ ਸਬੰਧੀ ਵੀ ਵਿਚਾਰ-ਵਟਾਂਦਰਾ ਕੀਤਾ ਗਿਆ। ਡਿਪਟੀ ਕਮਿਸ਼ਨਰ ਨੇ ਵਪਾਰੀਆਂ ਵਲੋਂ ਰੱਖੀਆਂ ਗਈਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਇਨ੍ਹਾਂ ਦਾ ਹਰ ਸੰਭਵ ਹੱਲ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਆਨਲਾਈਨ ਪੋਰਟਲ ਰਾਹੀਂ ਪ੍ਰਾਪਤ ਹੋਣ ਵਾਲੀਆਂ ਸ਼ਿਕਾਇਤਾਂ ਦਾ ਨਿਰਧਾਰਤ ਸਮੇਂ ਅੰਦਰ ਨਿਪਟਾਰਾ ਕੀਤਾ ਜਾਵੇ ਅਤੇ ਜਿੱਥੇ ਸੰਭਵ ਹੋਵੇ, ਸ਼ਿਕਾਇਤਾਂ ਦਾ ਮੌਕੇ ’ਤੇ ਹੀ ਹੱਲ ਕੀਤਾ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਵਪਾਰੀਆਂ ਨੂੰ ਵਪਾਰਕ ਗਤੀਵਿਧੀਆਂ ਨਾਲ ਸਬੰਧਿਤ ਕਿਸੇ ਵੀ ਕਿਸਮ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ ਅਤੇ ਉਨ੍ਹਾਂ ਦੀਆਂ ਸ਼ਿਕਾਇਤਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਵਪਾਰਕ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਨ ਦੇ ਨਾਲ-ਨਾਲ ਉਦਯੋਗਪਤੀਆਂ ਅਤੇ ਦੁਕਾਨਦਾਰਾਂ ਦੀਆਂ ਪ੍ਰਸ਼ਾਸਨਿਕ ਅਤੇ ਕਰ ਸਬੰਧੀ ਸਮੱਸਿਆਵਾਂ ਦਾ ਸਮੇਂ ਸਿਰ ਨਿਪਟਾਰਾ ਕਰਨਾ ਜ਼ਿਲ੍ਹਾ ਪ੍ਰਸ਼ਾਸਨ ਦੀ ਪ੍ਰਮੁੱਖ ਤਰਜੀਹ ਹੈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੰਦੀਪ ਮਲਹੋਤਰਾ, ਐਸ.ਡੀ.ਐਮ. ਕੋਟਕਪੂਰਾ ਰਜਿੰਦਰ ਸਿੰਘ, ਸਹਾਇਕ ਕਮਿਸ਼ਨਰ ਸਟੇਟ ਟੈਕਸ ਵਰੁਣ ਨਾਗਪਾਲ, ਜ਼ਿਲ੍ਹਾ ਮੰਡੀ ਅਫ਼ਸਰ ਮਨੀਸ਼ ਕੁਮਾਰ, ਐਕਸੀਅਨ ਸ਼ਮਿੰਦਰ ਸਿੰਘ, ਜ਼ਿਲ੍ਹਾ ਚੇਅਰਮੈਨ ਟਰੇਡ ਕਮਿਸ਼ਨ ਨਰੇਸ਼ ਸਿੰਗਲਾ, ਚੇਅਰਮੈਨ ਫ਼ਰੀਦਕੋਟ ਗੁਰਪ੍ਰੀਤ ਸਿੰਘ, ਚੇਅਰਮੈਨ ਕੋਟਕਪੂਰਾ ਰਵਿੰਦਰ ਗੋਇਲ ਅਤੇ ਚੇਅਰਮੈਨ ਜੈਤੋ ਗੋਪਾਲ ਕ੍ਰਿਸ਼ਨ ਸ਼ੈਲੀ ਗਰਗ ਹਾਜ਼ਰ ਸਨ।