ਮਿਡ-ਡੇ-ਮੀਲ ਦੀ ਰਾਸ਼ੀ ਜਾਰੀ ਨਾ ਹੋਣ ’ਤੇ ਅਧਿਆਪਕ ਜਥੇਬੰਦੀਆਂ ਵਲੋਂ ਡੀ. ਈ. ਓ. ਨੂੰ ਨੋਟਿਸ
ਸ੍ਰੀ ਮੁਕਤਸਰ ਸਾਹਿਬ, 6 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਪੀ. ਐਮ.
ਸ੍ਰੀ ਮੁਕਤਸਰ ਸਾਹਿਬ, 6 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਪੀ.ਐਮ. ਪੋਸ਼ਣ ਸਕੀਮ ਤਹਿਤ ਸਰਕਾਰੀ ਸਕੂਲਾਂ ਵਿਚ ਚੱਲ ਰਹੇ ਮਿਡ-ਡੇ-ਮੀਲ ਦੀ ਕੁਕਿੰਗ ਕਾਸਟ ਦੀ ਰਾਸ਼ੀ ਲੰਮੇ ਸਮੇਂ ਤੋਂ ਜਾਰੀ ਨਾ ਹੋਣ ਕਾਰਨ ਸਕੂਲਾਂ ਨੂੰ ਦਰਪੇਸ਼ ਮੁਸ਼ਕਿਲਾਂ ਦੇ ਮਾਮਲੇ ਨੂੰ ਲੈ ਕੇ ਸਮੂਹ ਅਧਿਆਪਕ ਜਥੇਬੰਦੀਆਂ ਵਲੋਂ ਅੱਜ ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਲਿਖ਼ਤੀ ਨੋਟਿਸ ਸੌਂਪਿਆ ਗਿਆ। ਅਧਿਆਪਕ ਆਗੂਆਂ ਪਵਨ ਕੁਮਾਰ, ਲਖਵੀਰ ਸਿੰਘ, ਅਮਰਜੀਤ ਸਿੰਘ ਤੇ ਕੁਲਬੀਰ ਜੋਸ਼ੀ ਦੀ ਸਾਂਝੀ ਅਗਵਾਈ ਹੇਠ ਵਫ਼ਦ ਨੇ ਡੀ.ਈ.ਓ. ਸ੍ਰੀ ਮੁਕਤਸਰ ਸਾਹਿਬ ਨਾਲ ਮੁਲਾਕਾਤ ਕਰਕੇ ਮਿਡ-ਡੇ-ਮੀਲ ਦੀ ਰਾਸ਼ੀ ਤੁਰੰਤ ਜਾਰੀ ਕਰਨ ਦੀ ਮੰਗ ਕੀਤੀ। ਅਧਿਆਪਕ ਆਗੂਆਂ ਨੇ ਦੱਸਿਆ ਕਿ ਪਿਛਲੇ ਕਈ ਮਹੀਨਿਆਂ ਤੋਂ ਮਿਡ-ਡੇ-ਮੀਲ ਲਈ ਬਣਦੀ ਕੁਕਿੰਗ ਕਾਸਟ ਸਕੂਲਾਂ ਨੂੰ ਪ੍ਰਾਪਤ ਨਹੀਂ ਹੋਈ। ਇਸ ਕਾਰਨ ਸਕੂਲ ਮੁਖੀਆਂ ਨੂੰ ਰੋਜ਼ਾਨਾ ਮਿਡ-ਡੇ-ਮੀਲ ਲਈ ਲੋੜੀਂਦਾ ਰਾਸ਼ਨ ਖ਼ਰੀਦਣ ਵਿੱਚ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਕਈ ਸਕੂਲਾਂ ਵਲੋਂ ਦੁਕਾਨਦਾਰਾਂ ਤੋਂ ਉਧਾਰ ’ਤੇ ਰਾਸ਼ਨ ਲੈ ਕੇ ਬੱਚਿਆਂ ਲਈ ਮਿਡ-ਡੇ-ਮੀਲ ਦਾ ਪ੍ਰਬੰਧ ਕੀਤਾ ਜਾ ਰਿਹਾ ਸੀ, ਪਰ ਲੰਮੇ ਸਮੇਂ ਤੋਂ ਭੁਗਤਾਨ ਨਾ ਹੋਣ ਕਾਰਨ ਦੁਕਾਨਦਾਰਾਂ ਨੇ ਵੀ ਹੋਰ ਰਾਸ਼ਨ ਦੇਣ ਤੋਂ ਇਨਕਾਰ ਕਰਨਾ ਸ਼ੁਰੂ ਕਰ ਦਿੱਤਾ ਹੈ। ਅਧਿਆਪਕ ਜਥੇਬੰਦੀਆਂ ਨੇ ਸਪੱਸ਼ਟ ਚਿਤਾਵਨੀ ਦਿੱਤੀ ਕਿ ਜੇਕਰ 11 ਅਕਤੂਬਰ ਤੱਕ ਬਕਾਇਆ ਰਾਸ਼ੀ ਸਕੂਲਾਂ ਦੇ ਸੰਬੰਧਿਤ ਖ਼ਾਤਿਆਂ ਵਿਚ ਜਾਰੀ ਨਾ ਕੀਤੀ ਗਈ, ਤਾਂ ਸਮੂਹ ਸਕੂਲਾਂ ਵਿਚ ਮਿਡ-ਡੇ-ਮੀਲ ਤਿਆਰ ਕਰਨਾ ਬੰਦ ਕਰ ਦਿੱਤਾ ਜਾਵੇਗਾ। ਆਗੂਆਂ ਨੇ ਸਮੂਹ ਸਕੂਲ ਮੁਖੀਆਂ ਤੇ ਅਧਿਆਪਕਾਂ ਨੂੰ ਅਪੀਲ ਕੀਤੀ ਕਿ ਸਕੂਲ ਮੈਨੇਜਮੈਂਟ ਕਮੇਟੀਆਂ ਦੀਆਂ ਹੋਣ ਵਾਲੀਆਂ ਮੀਟਿੰਗਾਂ ਵਿਚ ਮਿਡ-ਡੇ-ਮੀਲ ਦੀ ਬਕਾਇਆ ਰਾਸ਼ੀ ਦਾ ਮੁੱਦਾ ਵਿਸ਼ੇਸ਼ ਤੌਰ ’ਤੇ ਵਿਚਾਰਿਆ ਜਾਵੇ। ਆਗੂਆਂ ਨੇ ਕਿਹਾ ਕਿ ਜਦੋਂ ਸਕੂਲਾਂ ਨੂੰ ਰਾਸ਼ੀ ਹੀ ਹਾਲੇ ਤੱਕ ਜਾਰੀ ਨਹੀਂ ਕੀਤੀ ਗਈ ਤਾਂ ਨਿਰਧਾਰਤ ਸਮੇਂ ਵਿਚ ਇਸ ਨੂੰ ਖ਼ਰਚ ਕਰਨ ਦੇ ਹੁਕਮ ਦੇਣਾ ਵਿਵਹਾਰਕ ਨਹੀਂ ਹੈ। ਉਨ੍ਹਾਂ ਮੰਗ ਕੀਤੀ ਕਿ ਰਾਸ਼ੀ ਜਾਰੀ ਹੋਣ ਤੋਂ ਬਾਅਦ ਸਕੂਲਾਂ ਨੂੰ ਰੰਗ-ਰੋਗਨ ਦਾ ਕੰਮ ਕਰਵਾਉਣ ਲਈ ਢੁਕਵਾਂ ਸਮਾਂ ਦਿੱਤਾ ਜਾਵੇ। ਉਨ੍ਹਾਂ ਚਿਤਾਵਨੀ ਦਿੱਤੀ ਕਿ ਬਿਨਾਂ ਲੋੜੀਂਦੀ ਰਾਸ਼ੀ ਅਤੇ ਸਮੇਂ ਦੇ ਦਬਾਅ ਬਣਾਉਣ ਦੀ ਕੋਸ਼ਿਸ਼ ਕੀਤੀ ਗਈ ਤਾਂ ਜਥੇਬੰਦੀਆਂ ਵਲੋਂ ਇਸ ਦਾ ਵੀ ਵਿਰੋਧ ਕੀਤਾ ਜਾਵੇਗਾ। ਇਸ ਮੌਕੇ ਕੁਲਵਿੰਦਰ ਸਿੰਘ ਗੋਨਿਆਣਾ, ਮਨਦੀਪ ਸਿੰਘ, ਜਸਵੰਤ ਸਿੰਘ, ਸੁਰਿੰਦਰ ਕੁਮਾਰ, ਕੰਵਲਜੀਤ ਪਾਲ, ਸੁਭਾਸ਼ ਚੰਦਰ ਅਤੇ ਕੁਲਵੰਤ ਸਿੰਘ ਸਮੇਤ ਹੋਰ ਅਧਿਆਪਕ ਆਗੂ ਹਾਜ਼ਰ ਸਨ।