11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਮਲੋਟ ਅਨਾਜ ਮੰਡੀ ਵਿਚ ਮੀਂਹ ਦਾ ਕਹਿਰ, ਹਜ਼ਾਰਾਂ ਕੁਇੰਟਲ ਝੋਨਾ ਭਿੱਜਿਆ ਕਿਸਾਨਾਂ ਨੇ ਪ੍ਰਸ਼ਾਸਨ ਦੇ ਪ੍ਰਬੰਧਾਂ ’ ਤੇ ਚੁੱਕੇ ਸਵਾਲ

ਮਲੋਟ, 11 ਅਕਤੂਬਰ (ਪਾਟਿਲ)-ਮਲੋਟ ਦੀ ਅਨਾਜ ਮੰਡੀ ਵਿਚ ਪਏ ਭਾਰੀ ਮੀਂਹ ਕਾਰਨ ਕਿਸਾਨਾਂ ਦੀਆਂ ਫ਼ਸਲਾਂ ਦਾ ਵੱਡੇ ਪੱਧਰ ’ਤੇ ਨੁਕਸਾਨ ਹੋਣ ਦੀਆਂ ਖ਼ਬਰਾਂ ਸਾਹਮਣੇ ਆਈਆਂ ਹਨ। ਮੰਡੀ ਵਿਚ ਖੁੱਲ੍ਹੇ ਅਸਮਾਨ ਹੇਠ ਪਿਆ ਹਜ਼ਾਰਾਂ ਕੁਇੰਟਲ ਝੋਨਾ ਮੀਂਹ ਦੇ ਪਾਣੀ ਵਿਚ ਭਿੱਜ ਗਿਆ, ਜਿਸ ਕਾਰਨ ਕਿਸਾਨਾਂ ਦੀਆਂ ਮੁਸ਼ਕਿਲਾਂ ਵਧ ਗਈਆਂ ਹਨ।

Ad Position 21
No active advertisement
ਅਜੀਤ ਡੈਸਕ 12-10-2026
ਮਲੋਟ, 11 ਅਕਤੂਬਰ (ਪਾਟਿਲ)-ਮਲੋਟ ਦੀ ਅਨਾਜ ਮੰਡੀ ਵਿਚ ਪਏ ਭਾਰੀ ਮੀਂਹ ਕਾਰਨ ਕਿਸਾਨਾਂ ਦੀਆਂ ਫ਼ਸਲਾਂ ਦਾ ਵੱਡੇ ਪੱਧਰ ’ਤੇ ਨੁਕਸਾਨ ਹੋਣ ਦੀਆਂ ਖ਼ਬਰਾਂ ਸਾਹਮਣੇ ਆਈਆਂ ਹਨ। ਮੰਡੀ ਵਿਚ ਖੁੱਲ੍ਹੇ ਅਸਮਾਨ ਹੇਠ ਪਿਆ ਹਜ਼ਾਰਾਂ ਕੁਇੰਟਲ ਝੋਨਾ ਮੀਂਹ ਦੇ ਪਾਣੀ ਵਿਚ ਭਿੱਜ ਗਿਆ, ਜਿਸ ਕਾਰਨ ਕਿਸਾਨਾਂ ਦੀਆਂ ਮੁਸ਼ਕਿਲਾਂ ਵਧ ਗਈਆਂ ਹਨ। ਕਿਸਾਨਾਂ ਨੇ ਮੰਡੀ ਵਿਚ ਪਾਣੀ ਦੀ ਨਿਕਾਸੀ ਦੇ ਢੁਕਵੇਂ ਪ੍ਰਬੰਧ ਨਾ ਹੋਣ, ਸ਼ੈੱਡਾਂ ਦੀਆਂ ਟੁੱਟੀਆਂ ਛੱਤਾਂ ਅਤੇ ਪ੍ਰਸ਼ਾਸਨ ਦੀ ਕਥਿਤ ਲਾਪ੍ਰਵਾਹੀ ਨੂੰ ਲੈ ਕੇ ਰੋਸ ਜ਼ਾਹਿਰ ਕੀਤਾ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਉਹ ਕਈ-ਕਈ ਦਿਨਾਂ ਤੋਂ ਆਪਣੀ ਫ਼ਸਲ ਵੇਚਣ ਲਈ ਮੰਡੀ ਵਿਚ ਬੈਠੇ ਹਨ, ਪਰ ਮੀਂਹ ਨੇ ਉਨ੍ਹਾਂ ਦੀ ਮਿਹਨਤ ’ਤੇ ਪਾਣੀ ਫੇਰ ਦਿੱਤਾ ਹੈ। ਪਿੰਡ ਝੋਰੜ ਦੇ ਕਿਸਾਨ ਗੁਰਮੀਤ ਸਿੰਘ ਨੇ ਦੱਸਿਆ ਕਿ ਉਹ ਪਿਛਲੇ ਕਈ ਦਿਨਾਂ ਤੋਂ ਆਪਣੀ ਫ਼ਸਲ ਵੇਚਣ ਲਈ ਮੰਡੀ ਵਿਚ ਉਡੀਕ ਕਰ ਰਹੇ ਹਨ। ਮੀਂਹ ਕਾਰਨ ਉਨ੍ਹਾਂ ਦਾ ਲਗਪਗ 100 ਮਣ ਝੋਨਾ ਪੂਰੀ ਤਰ੍ਹਾਂ ਖ਼ਰਾਬ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਕਿਸਾਨ ਪਹਿਲਾਂ ਹੀ ਫ਼ਸਲ ਦੀ ਕਟਾਈ ਤੇ ਢੋਆ-ਢੁਆਈ ’ਤੇ ਖ਼ਰਚ ਕਰਕੇ ਮੰਡੀ ਵਿਚ ਪਹੁੰਚਦੇ ਹਨ ਪਰ ਅਜਿਹੇ ਹਾਲਾਤ ਵਿਚ ਉਨ੍ਹਾਂ ਨੂੰ ਆਰਥਿਕ ਨੁਕਸਾਨ ਝੱਲਣਾ ਪੈ ਰਿਹਾ ਹੈ। ਇਸੇ ਤਰ੍ਹਾਂ ਪਿੰਡ ਰਾਣੀਵਾਲਾ ਦੇ ਇਕ ਕਿਸਾਨ ਨੇ ਦੱਸਿਆ ਕਿ ਉਹ ਪਿਛਲੇ ਸੱਤ ਦਿਨਾਂ ਤੋਂ ਮੰਡੀ ’ਚ ਆਪਣੀ ਫ਼ਸਲ ਵੇਚਣ ਦੀ ਉਡੀਕ ਕਰ ਰਿਹਾ ਹੈ। ਮੰਡੀ ਦੇ ਸ਼ੈੱਡਾਂ ਦੀਆਂ ਛੱਤਾਂ ਟੁੱਟੀਆਂ ਹੋਣ ਕਾਰਨ ਉਸ ਦੇ 400 ਮਣ ਝੋਨੇ ਵਿਚੋਂ ਲਗਪਗ 150 ਮਣ ਝੋਨਾ ਮੀਂਹ ਦੇ ਪਾਣੀ ਵਿਚ ਭਿੱਜ ਗਿਆ ਹੈ। ਕਿਸਾਨਾਂ ਅਨੁਸਾਰ ਜੇਕਰ ਸ਼ੈੱਡਾਂ ਦੀ ਸਮੇਂ ਸਿਰ ਮੁਰੰਮਤ ਤੇ ਪਾਣੀ ਦੀ ਨਿਕਾਸੀ ਦੇ ਢੁਕਵੇਂ ਪ੍ਰਬੰਧ ਕੀਤੇ ਜਾਂਦੇ ਤਾਂ ਫ਼ਸਲ ਦੇ ਨੁਕਸਾਨ ਨੂੰ ਕਾਫ਼ੀ ਹੱਦ ਤੱਕ ਬਚਾਇਆ ਜਾ ਸਕਦਾ ਸੀ। ਕਿਸਾਨਾਂ ਨੇ ਦੋਸ਼ ਲਗਾਇਆ ਕਿ ਮੰਡੀ ਵਿਚ ਪਾਣੀ ਦੀ ਨਿਕਾਸੀ ਲਈ ਲੱਗੀਆਂ ਪਾਈਪਾਂ ਟੁੱਟੀਆਂ ਹੋਈਆਂ ਹਨ ਜਿਸ ਕਾਰਨ ਮੀਂਹ ਦਾ ਪਾਣੀ ਸਿੱਧਾ ਸ਼ੈੱਡਾਂ ਹੇਠ ਆ ਜਾਂਦਾ ਹੈ। ਕਿਸਾਨ ਨਸੀਬ ਸਿੰਘ ਨੇ ਦੱਸਿਆ ਕਿ ਸ਼ੈੱਡ ਨੀਂਵੇ ਹੋਣ ਤੇ ਪਾਣੀ ਦੀ ਨਿਕਾਸੀ ਦਾ ਕੋਈ ਢੁਕਵਾਂ ਪ੍ਰਬੰਧ ਨਾ ਹੋਣ ਕਾਰਨ ਉਨ੍ਹਾਂ ਦਾ ਲਗਪਗ 50 ਫ਼ੀਸਦੀ ਝੋਨਾ ਨੁਕਸਾਨਿਆ ਗਿਆ ਹੈ। ਉਨ੍ਹਾਂ ਇਹ ਵੀ ਦੋਸ਼ ਲਗਾਇਆ ਕਿ ਮੰਡੀ ਵਿਚ ਝੋਨੇ ਦੀ ਬੋਲੀ ਤੇ ਤੋਲ ਦਾ ਕੰਮ ਸਹੀ ਢੰਗ ਨਾਲ ਨਹੀਂ ਹੋ ਰਿਹਾ ਤੇ ਕਿਸਾਨਾਂ ਦੀਆਂ ਮੁਸ਼ਕਿਲਾਂ ਵੱਲ ਸਰਕਾਰੀ ਅਧਿਕਾਰੀ ਧਿਆਨ ਨਹੀਂ ਦੇ ਰਹੇ। ਪਿੰਡ ਕਬਰਵਾਲਾ ਦੇ ਕਿਸਾਨ ਸੁਖਜੀਤ ਸਿੰਘ ਮਿੰਟੂ ਨੇ ਮੰਡੀ ਦੇ ਪ੍ਰਬੰਧਾਂ ’ਤੇ ਸਵਾਲ ਚੁੱਕਦਿਆਂ ਕਿਹਾ ਕਿ ਕਿਸਾਨਾਂ ਲਈ ਪੀਣ ਵਾਲੇ ਪਾਣੀ ਅਤੇ ਬਾਥਰੂਮਾਂ ਦੀਆਂ ਢੁਕਵੀਆਂ ਸਹੂਲਤਾਂ ਨਹੀਂ ਹਨ। ਉਨ੍ਹਾਂ ਕਿਹਾ ਕਿ ਕਈ ਦਿਨਾਂ ਤੋਂ ਮੰਡੀ ਵਿਚ ਬੈਠੇ ਕਿਸਾਨਾਂ ਨੂੰ ਮੁੱਢਲੀਆਂ ਸਹੂਲਤਾਂ ਦੀ ਘਾਟ ਕਾਰਨ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਖ਼ਾਸ ਕਰਕੇ ਬਜ਼ੁਰਗ ਕਿਸਾਨਾਂ ਨੂੰ ਵਧੇਰੇ ਦਿੱਕਤਾਂ ਆ ਰਹੀਆਂ ਹਨ ਅਤੇ ਰਾਤ ਸਮੇਂ ਹਨੇਰੇ ਤੇ ਚਿੱਕੜ ਕਾਰਨ ਕਈ ਬਜ਼ੁਰਗਾਂ ਦੇ ਡਿੱਗਣ ਦੀਆਂ ਘਟਨਾਵਾਂ ਵੀ ਵਾਪਰ ਰਹੀਆਂ ਹਨ। ਕਿਸਾਨਾਂ ਨੇ ਮੰਗ ਕੀਤੀ ਕਿ ਮੰਡੀ ਵਿਚ ਤੁਰੰਤ ਪਾਣੀ ਦੀ ਨਿਕਾਸੀ ਦਾ ਪ੍ਰਬੰਧ ਕੀਤਾ ਜਾਵੇ, ਟੁੱਟੇ ਸ਼ੈੱਡਾਂ ਦੀ ਮੁਰੰਮਤ ਕਰਵਾਈ ਜਾਵੇ ਤੇ ਮੀਂਹ ਕਾਰਨ ਖ਼ਰਾਬ ਹੋਈ ਫ਼ਸਲ ਦਾ ਮੁਆਵਜ਼ਾ ਦਿੱਤਾ ਜਾਵੇ। ਮੰਡੀ ਵਿਚ ਪੈਦਾ ਹੋਏ ਹਾਲਾਤ ਦਾ ਜਾਇਜ਼ਾ ਲੈਣ ਲਈ ਮੌਕੇ ’ਤੇ ਪਹੁੰਚੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਮੀਂਹ ਕਾਰਨ ਹੋਏ ਨੁਕਸਾਨ ਨੂੰ ਕੁਦਰਤੀ ਆਫ਼ਤ ਦੱਸਦਿਆਂ ਕਿਹਾ ਕਿ ਭਾਰੀ ਮੀਂਹ ਕਾਰਨ ਝੋਨੇ ਦੀ ਖ਼ਰੀਦ ਦੀ ਪਹਿਲੀ ਬੋਲੀ ਦੇ ਕੰਮ ਵਿਚ ਵਿਘਨ ਪਿਆ ਹੈ ਅਤੇ ਫ਼ਸਲ ਦਾ ਨੁਕਸਾਨ ਵੀ ਹੋਇਆ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਵਲੋਂ ਝੋਨੇ ਦਾ ਘੱਟੋ-ਘੱਟ ਸਮਰਥਨ ਮੁੱਲ 2,460 ਰੁਪਏ ਪ੍ਰਤੀ ਕੁਇੰਟਲ ਤਹਿ ਕੀਤਾ ਗਿਆ ਹੈ। ਉਨ੍ਹਾਂ ਅਨੁਸਾਰ ਮੰਡੀ ਵਿਚ ਲਾਈਟਾਂ, ਪਾਣੀ, ਬਾਰਦਾਨੇ ਅਤੇ ਮਜ਼ਦੂਰਾਂ ਸਮੇਤ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ। ਹਾਲਾਂਕਿ ਕਿਸਾਨਾਂ ਵਲੋਂ ਇਨ੍ਹਾਂ ਪ੍ਰਬੰਧਾਂ ਦੀ ਘਾਟ ਨੂੰ ਲੈ ਕੇ ਸ਼ਿਕਾਇਤਾਂ ਕੀਤੀਆਂ ਜਾ ਰਹੀਆਂ ਹਨ। ਪ੍ਰਸ਼ਾਸਨ ਵਲੋਂ ਕਿਸਾਨਾਂ ਨੂੰ ਭਰੋਸਾ ਦਿਵਾਇਆ ਗਿਆ ਹੈ ਕਿ ਮੀਂਹ ਕਾਰਨ ਹੋਏ ਨੁਕਸਾਨ ਦਾ ਜ਼ਮੀਨੀ ਪੱਧਰ ’ਤੇ ਸਰਵੇਖਣ ਕਰਵਾਇਆ ਜਾਵੇਗਾ। ਵਿਭਾਗੀ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਕਿਸਾਨਾਂ ਦੀਆਂ ਸਮੱਸਿਆਵਾਂ ਦਾ ਹੱਲ ਕੱਢਣ ਅਤੇ ਉਨ੍ਹਾਂ ਨੂੰ ਖ਼ੱਜਲ-ਖ਼ੁਆਰੀ ਤੋਂ ਬਚਾਉਣ ਲਈ ਯਤਨ ਕੀਤੇ ਜਾਣਗੇ। ਹੁਣ ਕਿਸਾਨਾਂ ਦੀ ਨਜ਼ਰ ਸਰਕਾਰ ਤੇ ਪ੍ਰਸ਼ਾਸਨ ਦੀ ਅਗਲੀ ਕਾਰਵਾਈ ’ਤੇ ਟਿਕੀ ਹੋਈ ਹੈ। ਕਿਸਾਨਾਂ ਨੂੰ ਉਮੀਦ ਹੈ ਕਿ ਉਨ੍ਹਾਂ ਦੀ ਫ਼ਸਲ ਦੇ ਨੁਕਸਾਨ ਦਾ ਸਹੀ ਮੁਲਾਂਕਣ ਕਰਕੇ ਬਣਦਾ ਮੁਆਵਜ਼ਾ ਦਿੱਤਾ ਜਾਵੇਗਾ ਅਤੇ ਮੰਡੀ ਵਿਚ ਬੁਨਿਆਦੀ ਸਹੂਲਤਾਂ ਦੇ ਪ੍ਰਬੰਧ ਜਲਦ ਸੁਧਾਰੇ ਜਾਣਗੇ।
Ad Position 22
No active advertisement
ਪਿਛਲੀ ਖ਼ਬਰ ਦਸਮੇਸ਼ ਮਾਡਰਨ ਸੀਨੀਅਰ ਸੈਕੰਡਰੀ ਸਕੂਲ ਭਾਣਾ ਵਿਖੇ ਅੰਤਰ ਹਾਊਸ ਮੁਕਾਬਲੇ ਕਰਵਾਏ ਅਗਲੀ ਖ਼ਬਰ ਡੀ.ਏ.ਵੀ ਸਕੂਲ ’ਚ ਮੈਰਿਟ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਦਾ ਸਨਮਾਨ
Ad Position 24