ਨੌਜਵਾਨਾਂ ਦਾ ਇਕੱਠ ਪੰਜਾਬ ਦੀ ਬਦਲਾਅ ਦੀ ਰਾਜਨੀਤੀ ਤੋਂ ਮੋਹ ਭੰਗ ਹੋਣ ਦਾ ਸੰਕੇਤ
ਸ੍ਰੀ ਮੁਕਤਸਰ ਸਾਹਿਬ, 29 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਵਿਖੇ ਸਾਬਕਾ ਵਿਧਾਇਕ ਤੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਦੀ ਅਗਵਾਈ ਹੇਠ ਯੂਥ ਅਕਾਲੀ ਦਲ ਦੀ ਹੋਈ ਰੈਲੀ ਨੂੰ ਸੰਬੋਧਨ ਕਰਦਿਆਂ ਯੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਨੇ ਕਿਹਾ ਕਿ ਝੋਨੇ ਦੀ ਕਟਾਈ ਦਾ ਸਿਖ਼ਰਲਾ ਸੀਜ਼ਨ ਚੱਲਣ, ਕਣਕ ਦੀ ਬਿਜਾਈ ਸ਼ੁਰੂ ਹੋਣ ਅਤੇ ਵਿਆਹਾਂ ਦੇ ਦਿਨ ਹੋਣ ਦੇ ਬਾਵਜੂਦ ਵੱਡੀ ਗਿਣਤੀ ਵਿਚ ਨੌਜਵਾਨਾਂ ਦਾ ਰੈਲੀ ’ਚ ਪਹੁੰਚਣਾ ਦਰਸਾਉਂਦਾ ਹੈ ਕਿ ਪੰਜਾਬ ਦਾ ਨੌਜਵਾਨ ਮੌਜੂਦਾ ਸਰਕਾਰ ਦੀ ਕਾਰਗੁਜ਼ਾਰੀ ਤੋਂ ਨਿਰਾਸ਼ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਹੁਣ ਸ਼੍ਰੋਮਣੀ ਅਕਾਲੀ ਦਲ ਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੋਂ ਉਮੀਦਾਂ ਹਨ।
ਪ
ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸਰਬਜੀਤ ਸਿੰਘ ਝਿੰਜਰ, ਨਾਲ ਸਾਬਕਾ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ। ਅਜੀਤ ਤਸਵੀਰ
30-10-2026
ਸ੍ਰੀ ਮੁਕਤਸਰ ਸਾਹਿਬ, 29 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਵਿਖੇ ਸਾਬਕਾ ਵਿਧਾਇਕ ਤੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਦੀ ਅਗਵਾਈ ਹੇਠ ਯੂਥ ਅਕਾਲੀ ਦਲ ਦੀ ਹੋਈ ਰੈਲੀ ਨੂੰ ਸੰਬੋਧਨ ਕਰਦਿਆਂ ਯੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਨੇ ਕਿਹਾ ਕਿ ਝੋਨੇ ਦੀ ਕਟਾਈ ਦਾ ਸਿਖ਼ਰਲਾ ਸੀਜ਼ਨ ਚੱਲਣ, ਕਣਕ ਦੀ ਬਿਜਾਈ ਸ਼ੁਰੂ ਹੋਣ ਅਤੇ ਵਿਆਹਾਂ ਦੇ ਦਿਨ ਹੋਣ ਦੇ ਬਾਵਜੂਦ ਵੱਡੀ ਗਿਣਤੀ ਵਿਚ ਨੌਜਵਾਨਾਂ ਦਾ ਰੈਲੀ ’ਚ ਪਹੁੰਚਣਾ ਦਰਸਾਉਂਦਾ ਹੈ ਕਿ ਪੰਜਾਬ ਦਾ ਨੌਜਵਾਨ ਮੌਜੂਦਾ ਸਰਕਾਰ ਦੀ ਕਾਰਗੁਜ਼ਾਰੀ ਤੋਂ ਨਿਰਾਸ਼ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਹੁਣ ਸ਼੍ਰੋਮਣੀ ਅਕਾਲੀ ਦਲ ਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੋਂ ਉਮੀਦਾਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੇ ਬਦਲਾਅ ਦੀ ਉਮੀਦ ਨਾਲ ਆਮ ਆਦਮੀ ਪਾਰਟੀ ਨੂੰ ਵੋਟਾਂ ਪਾਈਆਂ ਸਨ, ਪਰ ਅੱਜ ਸੂਬੇ ਵਿਚ ਨਸ਼ਿਆਂ, ਗੈਂਗਸਟਰਵਾਦ ਅਤੇ ਕਾਨੂੰਨ ਵਿਵਸਥਾ ਦੀ ਸਥਿਤੀ ਨੂੰ ਲੈ ਕੇ ਗੰਭੀਰ ਸਵਾਲ ਉਠ ਰਹੇ ਹਨ। ਉਨ੍ਹਾਂ ਦੋਸ਼ ਲਗਾਇਆ ਕਿ ਨਸ਼ਾ ਤਸਕਰੀ ਵਿਰੁੱਧ ਆਵਾਜ਼ ਚੁੱਕਣ ਵਾਲਿਆਂ ਅਤੇ ਸਮਾਜਿਕ ਮਸਲਿਆਂ ’ਤੇ ਬੋਲਣ ਵਾਲੇ ਨੌਜਵਾਨਾਂ ਨੂੰ ਵੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਬਾਵਜੂਦ ਨਸ਼ਿਆਂ ਦੀ ਸਮੱਸਿਆ ਪੂਰੀ ਤਰ੍ਹਾਂ ਖ਼ਤਮ ਨਹੀਂ ਹੋ ਸਕੀ। ਉਨ੍ਹਾਂ ਪੰਜਾਬ ਦੀ ਕਾਨੂੰਨ ਵਿਵਸਥਾ ’ਤੇ ਸਵਾਲ ਉਠਾਉਂਦਿਆਂ ਕਿਹਾ ਕਿ ਲੋਕਾਂ ਵਿਚ ਸੁਰੱਖਿਆ ਦੀ ਭਾਵਨਾ ਮਜ਼ਬੂਤ ਹੋਣੀ ਚਾਹੀਦੀ ਹੈ ਅਤੇ ਸਰਕਾਰ ਦੀ ਜ਼ਿੰਮੇਵਾਰੀ ਹੈ ਕਿ ਨਸ਼ਾ ਤਸਕਰਾਂ, ਗੈਂਗਸਟਰਾਂ ਤੇ ਅਪਰਾਧਿਕ ਅਨਸਰਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਦੋਸ਼ ਲਗਾਇਆ ਕਿ ਪੰਜਾਬ ਵਿਚ ਆਪਣੇ ਹੱਕਾਂ ਤੇ ਸਮਾਜਿਕ ਮੁੱਦਿਆਂ ਲਈ ਆਵਾਜ਼ ਉਠਾਉਣ ਵਾਲਿਆਂ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਪਰਵਿੰਦਰ ਸਿੰਘ ਝੋਟਾ ਸਮੇਤ ਪੰਜਾਬ ਦੇ ਮਸਲਿਆਂ ਨੂੰ ਲੈ ਕੇ ਆਵਾਜ਼ ਬੁਲੰਦ ਕਰਨ ਵਾਲੇ ਨੌਜਵਾਨਾਂ ਦੇ ਮਾਮਲਿਆਂ ਦਾ ਹਵਾਲਾ ਦਿੰਦਿਆਂ ਸਰਕਾਰ ਦੀ ਕਾਰਜਸ਼ੈਲੀ ਦੀ ਆਲੋਚਨਾ ਕੀਤੀ। ਸਰਬਜੀਤ ਸਿੰਘ ਝਿੰਜਰ ਨੇ ਕਾਂਗਰਸ ਤੇ ਆਮ ਆਦਮੀ ਪਾਰਟੀ ਦੀ ਤੁਲਨਾ ਕਰਦਿਆਂ ਦੋਸ਼ ਲਗਾਇਆ ਕਿ ਦੋਵਾਂ ਪਾਰਟੀਆਂ ਦੀਆਂ ਸਰਕਾਰਾਂ ਨੇ ਪੰਜਾਬ ਦੇ ਨੌਜਵਾਨਾਂ ਦੀਆਂ ਸਮੱਸਿਆਵਾਂ ਦਾ ਢੁਕਵਾਂ ਹੱਲ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਕਾਂਗਰਸ ਨੇ ਘਰ-ਘਰ ਨੌਕਰੀ ਦੇ ਵਾਅਦੇ ਕੀਤੇ ਸਨ, ਜਦਕਿ ਆਮ ਆਦਮੀ ਪਾਰਟੀ ਨੇ ਬਦਲਾਅ ਦੇ ਨਾਂਅ ’ਤੇ ਲੋਕਾਂ ਤੋਂ ਸਮਰਥਨ ਹਾਸਿਲ ਕੀਤਾ, ਪਰ ਨੌਜਵਾਨ ਅੱਜ ਵੀ ਰੁਜ਼ਗਾਰ, ਨਸ਼ਿਆਂ ਤੇ ਸੁਰੱਖਿਆ ਵਰਗੀਆਂ ਸਮੱਸਿਆਵਾਂ ਨਾਲ ਜੂਝ ਰਹੇ ਹਨ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਰਬਜੀਤ ਸਿੰਘ ਝਿੰਜਰ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੇ ਹੱਕਾਂ ਅਤੇ ਸੂਬੇ ਦੇ ਮੁੱਦਿਆਂ ਦੀ ਗੱਲ ਕਰ ਰਿਹਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਰੈਲੀ ਵਿਚ ਨੌਜਵਾਨਾਂ ਦੀ ਵੱਡੀ ਸ਼ਮੂਲੀਅਤ ਪਾਰਟੀ ਪ੍ਰਤੀ ਉਨ੍ਹਾਂ ਦੇ ਭਰੋਸੇ ਨੂੰ ਦਰਸਾਉਂਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਨਸ਼ਿਆਂ ਤੇ ਗੈਂਗਸਟਰਵਾਦ ਤੋਂ ਮੁਕਤ ਕਰਨ, ਨੌਜਵਾਨਾਂ ਨੂੰ ਰੁਜ਼ਗਾਰ ਦੇਣ ਅਤੇ ਸੂਬੇ ਵਿਚ ਅਮਨ-ਕਾਨੂੰਨ ਦੀ ਸਥਿਤੀ ਸੁਧਾਰਨ ਲਈ ਠੋਸ ਕਦਮ ਚੁੱਕਣ ਦੀ ਲੋੜ ਹੈ। ਇਸ ਮੌਕੇ ਸਾਬਕਾ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਨੇ ਸਰਬਜੀਤ ਸਿੰਘ ਝਿੰਜਰ ਦੇ ਸ੍ਰੀ ਮੁਕਤਸਰ ਸਾਹਿਬ ਵਿਖੇ ਪਹੁੰਚਣ ’ਤੇ ਜੀ ਆਇਆ ਆਖਿਆ ਅਤੇ ਸੰਬੋਧਨ ਕਰਦਿਆਂ ਕਿਹਾ ਕਿ ਆਉਣ ਵਾਲੀਆਂ 2027 ਦੀਆਂ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਪੰਜਾਬ ’ਚ ਸਰਕਾਰ ਬਣਾਈ ਜਾਵੇ, ਕਿਉਂਕਿ ਇਸ ਪਾਰਟੀ ਦਾ ਰਾਜ ਲੋਕ ਪਹਿਲਾਂ ਵੇਖ ਚੁੱਕੇ ਹਨ। ਇਸ ਤੋਂ ਇਲਾਵਾ ਵੱਖ-ਵੱਖ ਸਰਕਲਾਂ ਦੇ ਯੂਥ ਪ੍ਰਧਾਨ, ਅਹੁਦੇਦਾਰ ਤੇ ਮੈਂਬਰ ਹਾਜ਼ਰ ਸਨ।