ਫ਼ਿਰੋਜ਼ਪੁਰ 5 ਨਵੰਬਰ (ਸੁਖਵਿੰਦਰ ਸਿੰਘ)-ਐਸ.ਡੀ.ਐਮ ਫ਼ਿਰੋਜ਼ਪੁਰ ਸ੍ਰੀ ਅਭਿਸ਼ੇਕ ਸ਼ਰਮਾ ਨੇ ਆਪਣੇ ਇਕ ਸੰਦੇਸ਼ ਵਿਚ ਵਾਤਾਵਰਨ ਦੀ ਸ਼ੁੱਧਤਾ, ਮਿੱਟੀ ਦੀ ਉਪਜਾਊ ਸ਼ਕਤੀ ਨੂੰ ਬਣਾਏ ਰੱਖਣ ਅਤੇ ਮਨੁੱਖ ਦੀ ਚੰਗੀ ਸਿਹਤ ਲਈ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਅਪੀਲ ਕੀਤੀ ਹੈ। ਐਸ.ਡੀ.ਐਮ ਅਭਿਸ਼ੇਕ ਸ਼ਰਮਾ ਨੇ ਕਿਹਾ ਕਿ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਲਗਾਤਾਰ ਕਿਸਾਨ ਭਰਾਵਾਂ ਨੂੰ ਜਾਗਰੂਕ ਕੀਤਾ ਜਾਂਦਾ ਹੈ ਅਤੇ ਨਾਲ ਹੀ ਪਰਾਲੀ ਦੇ ਸਹੀ ਨਿਪਟਾਰੇ ਲਈ ਖੇਤੀਬਾੜੀ ਵਿਭਾਗ ਰਾਹੀਂ ਸਬਸਿਡੀ ਅਤੇ ਮਸ਼ੀਨਾਂ ਮੁਹੱਈਆ ਕਰਵਾਈਆਂ ਜਾਂਦੀਆਂ ਹਨ। ਉਨ੍ਹਾਂ ਦੱਸਿਆ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਲਈ ਜਿੱਥੇ ਵਾਤਾਵਰਨ ਦੂਸ਼ਿਤ ਹੁੰਦਾ ਹੈ ਉੱਥੇ ਮਿੱਟੀ ਦੀ ਊਪਜਾਉ ਸ਼ਕਤੀ ਵੀ ਘਟਦੀ ਹੈ ਅਤੇ ਸਾਨੂੰ ਕਈ ਤਰ੍ਹਾਂ ਦੀਆਂ ਬਿਮਾਰੀਆਂ ਦਾ ਸਾਹਮਣਾ ਵੀ ਕਰਨਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਕਿਸਾਨ ਪਰਾਲੀ ਨੂੰ ਅੱਗ ਨਾ ਲਗਾਉਣ ਬਲਕਿ ਅੱਗ ਲਗਾਉਣ ਦੀ ਬਜਾਏ ਉਸ ਨੂੰ ਖੇਤ ਵਿਚ ਹੀ ਵਾਹ ਲਿਆ ਜਾਵੇ। ਉਨ੍ਹਾਂ ਕਿਹਾ ਕਿ ਪਰਾਲੀ ਦੀ ਸਹੀ ਨਿਪਟਾਰੇ ਲਈ ਖੇਤੀਬਾੜੀ ਵਿਭਾਗ ਪਾਸ ਸਭ ਡਵੀਜ਼ਨ ਫ਼ਿਰੋਜ਼ਪੁਰ ਵਿਚ 9 ਹੈਪੀਸੀਡਰ, 1426 ਸੁਪਰ ਸੀਡਰ, 171 ਮਲਚਰ, 67 ਬੈਲਰ, 704 ਜ਼ੀਰੇ ਟਿਲ ਡਰਿਲ, 135 ਪਲਾਓ ਆਦਿ ਉਪਲਬਧ ਹਨ, ਇਨ੍ਹਾਂ ਮਸ਼ੀਨਾਂ ਰਾਹੀਂ ਖੇਤਾਂ ਵਿਚ ਹੀ ਪਰਾਲੀ ਦਾ ਪ੍ਰਬੰਧਨ ਕੀਤਾ ਜਾ ਸਕਦਾ ਹੈ। ਇਨ੍ਹਾਂ ਮਸ਼ੀਨਾਂ ਬਾਰੇ ਜਾਣਕਾਰੀ ਆਦਿ ਲਈ ਆਪਣੇ ਨਜਦੀਕੀ ਖੇਤੀਬਾੜੀ ਵਿਕਾਸ ਅਫ਼ਸਰ ਨਾਲ ਸੰਪਰਕ ਕੀਤਾ ਜਾ ਸਕਦਾ ਹੈ। ਉਨ੍ਹਾਂ ਸਮੂਹ ਕਿਸਾਨ ਭਰਾਵਾਂ ਨੂੰ ਅਪੀਲ ਹੈ ਕਿ ਪਰਾਲੀ ਨੂੰ ਅੱਗ ਲਗਾਉਣ ਤੋਂ ਗੁਰੇਜ਼ ਕੀਤਾ ਜਾਵੇ ਤਾਂ ਜੋ ਆਪਾਂ ਆਪਣੇ ਵਾਤਾਵਰਨ ਨੂੰ ਬਚਾ ਸਕੀਏ ਅਤੇ ਆਪਣੀ ਆਉਣ ਵਾਲੀ ਪੀੜੀ ਨੂੰ ਵੀ ਚੰਗਾ ਵਾਤਾਵਰਨ ਅਤੇ ਚੰਗੀ ਉਪਜਾਊ ਜਮੀਨ ਅਤੇ ਚੰਗੀ ਸਿਹਤ ਦੇ ਸਕੀਏ।