ਪਰਾਲੀ ਸਾੜਨ ਦੇ ਮਾਮਲਿਆਂ ’ਚ ਜ਼ੀਰੋ ਟਾਲਰੈਂਸ ਦੀ ਨੀਤੀ ਅਪਣਾਈ ਜਾ ਰਹੀ- ਡੀ.ਸੀ.
ਸ੍ਰੀ ਮੁਕਤਸਰ ਸਾਹਿਬ, 5 ਨਵੰਬਰ (ਰਣਜੀਤ ਸਿੰਘ ਢਿੱਲੋਂ)-ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੇ ਕਿਹਾ ਕਿ ਜ਼ਿਲ੍ਹੇ ਵਿਚ ਪਰਾਲੀ ਨੂੰ ਅੱਗ ਲਗਾਉਣ ਦੇ ਮਾਮਲਿਆਂ ਨੂੰ ਗੰਭੀਰਤਾ ਨਾਲ ਲਿਆ ਜਾ ਰਿਹਾ ਹੈ ਅਤੇ ਇਸ ਸੰਬੰਧੀ ਜ਼ੀਰੋ ਟਾਲਰੈਂਸ ਦੀ ਨੀਤੀ ਅਪਣਾਈ ਜਾ ਰਹੀ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪਰਾਲੀ ਨੂੰ ਅੱਗ ਲਗਾਉਣ ਤੋਂ ਪੂਰੀ ਤਰ੍ਹਾਂ ਗੁਰੇਜ਼ ਕਰਨ ਅਤੇ ਇਸ ਦੇ ਸੁਚੱਜੇ ਪ੍ਰਬੰਧਨ ਲਈ ਸਰਕਾਰ ਤੇ ਖੇਤੀਬਾੜੀ ਵਿਭਾਗ ਵਲੋਂ ਸੁਝਾਈਆਂ ਆਧੁਨਿਕ ਤਕਨੀਕਾਂ ਦੀ ਵਰਤੋਂ ਕਰਨ।
ਸ੍ਰੀ ਮੁਕਤਸਰ ਸਾਹਿਬ, 5 ਨਵੰਬਰ (ਰਣਜੀਤ ਸਿੰਘ ਢਿੱਲੋਂ)-ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੇ ਕਿਹਾ ਕਿ ਜ਼ਿਲ੍ਹੇ ਵਿਚ ਪਰਾਲੀ ਨੂੰ ਅੱਗ ਲਗਾਉਣ ਦੇ ਮਾਮਲਿਆਂ ਨੂੰ ਗੰਭੀਰਤਾ ਨਾਲ ਲਿਆ ਜਾ ਰਿਹਾ ਹੈ ਅਤੇ ਇਸ ਸੰਬੰਧੀ ਜ਼ੀਰੋ ਟਾਲਰੈਂਸ ਦੀ ਨੀਤੀ ਅਪਣਾਈ ਜਾ ਰਹੀ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪਰਾਲੀ ਨੂੰ ਅੱਗ ਲਗਾਉਣ ਤੋਂ ਪੂਰੀ ਤਰ੍ਹਾਂ ਗੁਰੇਜ਼ ਕਰਨ ਅਤੇ ਇਸ ਦੇ ਸੁਚੱਜੇ ਪ੍ਰਬੰਧਨ ਲਈ ਸਰਕਾਰ ਤੇ ਖੇਤੀਬਾੜੀ ਵਿਭਾਗ ਵਲੋਂ ਸੁਝਾਈਆਂ ਆਧੁਨਿਕ ਤਕਨੀਕਾਂ ਦੀ ਵਰਤੋਂ ਕਰਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪਰਾਲੀ ਸਾੜਨ ਨਾਲ ਵਾਤਾਵਰਣ ਵਿਚ ਪ੍ਰਦੂਸ਼ਣ ਵਧਦਾ ਹੈ, ਜਿਸ ਦਾ ਸਿੱਧਾ ਮਾੜਾ ਪ੍ਰਭਾਵ ਮਨੁੱਖੀ ਸਿਹਤ , ਖੇਤੀਬਾੜੀ ਤੇ ਕੁਦਰਤੀ ਵਾਤਾਵਰਣ ’ਤੇ ਪੈਂਦਾ ਹੈ। ਇਸ ਨਾਲ ਜ਼ਮੀਨ ਵਿਚ ਮੌਜੂਦ ਮਿੱਤਰ ਕੀਟ ਅਤੇ ਲਾਭਦਾਇਕ ਸੂਖ਼ਮ ਜੀਵ ਨਸ਼ਟ ਹੋ ਜਾਂਦੇ ਹਨ, ਜਿਸ ਕਾਰਨ ਮਿੱਟੀ ਦੀ ਉਪਜਾਊ ਸ਼ਕਤੀ ਤੇ ਗੁਣਵੱਤਾ ਪ੍ਰਭਾਵਿਤ ਹੁੰਦੀ ਹੈ। ਉਨ੍ਹਾਂ ਕਿਹਾ ਕਿ ਕਿਸਾਨ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਖੇਤਾਂ ਵਿਚ ਹੀ ਵਾਹ ਕੇ ਜ਼ਮੀਨ ਦੀ ਸਿਹਤ ਸੁਧਾਰਨ ਵਿਚ ਯੋਗਦਾਨ ਪਾਉਣ। ਇਸ ਦੇ ਨਾਲ ਹੀ ਸੁਪਰ ਸੀਡਰ, ਹੈਪੀ ਸੀਡਰ ਅਤੇ ਹੋਰ ਆਧੁਨਿਕ ਖੇਤੀ ਮਸ਼ੀਨਰੀ ਦੀ ਵਰਤੋਂ ਕਰਕੇ ਪਰਾਲੀ ਦਾ ਵਾਤਾਵਰਣ ਪੱਖੀ ਨਿਪਟਾਰਾ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਪਰਾਲੀ ਪ੍ਰਬੰਧਨ ਲਈ ਕਿਸਾਨਾਂ ਨੂੰ ਜਾਗਰੂਕ ਕਰਨ ਵਾਸਤੇ ਜ਼ਿਲ੍ਹਾ ਪ੍ਰਸ਼ਾਸਨ ਤੇ ਖੇਤੀਬਾੜੀ ਵਿਭਾਗ ਵਲੋਂ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਝੋਨੇ ਦੀ ਖ਼ਰੀਦ ਸੰਬੰਧੀ ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਵਲੋਂ ਨਿਰਧਾਰਤ ਮਾਪਦੰਡਾਂ ਅਨੁਸਾਰ ਸੁੱਕਾ ਝੋਨਾ ਹੀ ਮੰਡੀਆਂ ਵਿਚ ਲੈ ਕੇ ਆਉਣ।