ਝੋਨੇ ਦੀ ਲਿਫ਼ਟਿੰਗ ਦੀ ਸਮੱਸਿਆ ਕਾਰਨ ਆੜ੍ਹਤੀਏ, ਕਿਸਾਨ ਤੇ ਮਜ਼ਦੂਰ ਪ੍ਰੇਸ਼ਾਨ- ਗਿਰਧਰ
ਸ੍ਰੀ ਮੁਕਤਸਰ ਸਾਹਿਬ, 9 ਨਵੰਬਰ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦੀ ਮੁੱਖ ਅਨਾਜ ਮੰਡੀ ’ਚ ਝੋਨੇ ਦੀ ਲਿਫ਼ਟਿੰਗ ਦੀ ਸਮੱਸਿਆ ਗੰਭੀਰ ਰੂਪ ਧਾਰਨ ਕਰਦੀ ਜਾ ਰਹੀ ਹੈ, ਜਿਸ ਕਾਰਨ ਮੰਡੀ ਨਾਲ ਜੁੜੇ ਆੜ੍ਹਤੀਆਂ, ਕਿਸਾਨਾਂ ਤੇ ਮਜ਼ਦੂਰਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮੰਡੀ ਵਿਚ ਥਾਂ-ਥਾਂ ਝੋਨੇ ਦੀਆਂ ਬੋਰੀਆਂ ਦੇ ਅੰਬਾਰ ਲੱਗੇ ਹੋਏ ਹਨ ਅਤੇ ਲਿਫ਼ਟਿੰਗ ਦੀ ਰਫ਼ਤਾਰ ਮੱਠੀ ਹੋਣ ਕਾਰਨ ਨਵੀਂ ਫ਼ਸਲ ਲਾਹੁਣ ਲਈ ਲੋੜੀਂਦੀ ਜਗ੍ਹਾ ਨਹੀਂ ਮਿਲ ਰਹੀ।
ਸ੍ਰੀ ਮੁਕਤਸਰ ਸਾਹਿਬ, 9 ਨਵੰਬਰ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦੀ ਮੁੱਖ ਅਨਾਜ ਮੰਡੀ ’ਚ ਝੋਨੇ ਦੀ ਲਿਫ਼ਟਿੰਗ ਦੀ ਸਮੱਸਿਆ ਗੰਭੀਰ ਰੂਪ ਧਾਰਨ ਕਰਦੀ ਜਾ ਰਹੀ ਹੈ, ਜਿਸ ਕਾਰਨ ਮੰਡੀ ਨਾਲ ਜੁੜੇ ਆੜ੍ਹਤੀਆਂ, ਕਿਸਾਨਾਂ ਤੇ ਮਜ਼ਦੂਰਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮੰਡੀ ਵਿਚ ਥਾਂ-ਥਾਂ ਝੋਨੇ ਦੀਆਂ ਬੋਰੀਆਂ ਦੇ ਅੰਬਾਰ ਲੱਗੇ ਹੋਏ ਹਨ ਅਤੇ ਲਿਫ਼ਟਿੰਗ ਦੀ ਰਫ਼ਤਾਰ ਮੱਠੀ ਹੋਣ ਕਾਰਨ ਨਵੀਂ ਫ਼ਸਲ ਲਾਹੁਣ ਲਈ ਲੋੜੀਂਦੀ ਜਗ੍ਹਾ ਨਹੀਂ ਮਿਲ ਰਹੀ। ਇਸ ਮਾਮਲੇ ਨੂੰ ਲੈ ਕੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਸਾਬਕਾ ਜਨਰਲ ਸਕੱਤਰ ਗੁਰਦਾਸ ਗਿਰਧਰ ਨੇ ਸੂਬਾ ਸਰਕਾਰ ਅਤੇ ਮੰਡੀ ਪ੍ਰਬੰਧਾਂ ਦੀ ਕਾਰਗੁਜ਼ਾਰੀ ’ ਤੇ ਸਵਾਲ ਉਠਾਉਂਦਿਆਂ ਕਿਹਾ ਕਿ ਸਰਕਾਰ ਵਲੋਂ ਖ਼ਰੀਦ ਪ੍ਰਬੰਧਾਂ ਨੂੰ ਸੁਚਾਰੂ ਬਣਾਉਣ ਦੇ ਕੀਤੇ ਜਾ ਰਹੇ ਦਾਅਵਿਆਂ ਦੇ ਬਾਵਜੂਦ ਮੰਡੀ ਵਿਚ ਲਿਫ਼ਟਿੰਗ ਦੀ ਸਮੱਸਿਆ ਦਾ ਕੋਈ ਠੋਸ ਹੱਲ ਨਹੀਂ ਨਿਕਲ ਰਿਹਾ। ਗੁਰਦਾਸ ਗਿਰਧਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਇਸ ਗੰਭੀਰ ਸਮੱਸਿਆ ਵੱਲ ਕੋਈ ਧਿਆਨ ਨਹੀਂ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਲਿਫ਼ਟਿੰਗ ਠੇਕੇਦਾਰਾਂ ਤੇ ਸੰਬੰਧਿਤ ਪ੍ਰਬੰਧਕੀ ਅਮਲੇ ਦੀ ਢਿੱਲ ਕਾਰਨ ਆੜ੍ਹਤੀਆਂ ਨੂੰ ਆਰਥਿਕ ਨੁਕਸਾਨ ਝੱਲਣਾ ਪੈ ਰਿਹਾ ਹੈ। ਹਾਲਾਤ ਇਹ ਬਣ ਗਏ ਹਨ ਕਿ ਲਿਫ਼ਟਿੰਗ ਵਿਚ ਦੇਰੀ ਹੋਣ ਕਾਰਨ ਕਈ ਆੜ੍ਹਤੀਆਂ ਨੂੰ ਆਪਣੀ ਜੇਬ ਵਿਚੋਂ ਪੈਸੇ ਖ਼ਰਚ ਕਰਕੇ ਝੋਨੇ ਦੀਆਂ ਬੋਰੀਆਂ ਦੀ ਢੋਆ-ਢੁਆਈ ਕਰਵਾਉਣੀ ਪੈ ਰਹੀ ਹੈ। ਉਨ੍ਹਾਂ ਕਿਹਾ ਕਿ ਜਿਹੜਾ ਖ਼ਰਚਾ ਸੰਬੰਧਿਤ ਪ੍ਰਬੰਧਾਂ ਤਹਿਤ ਹੋਣਾ ਚਾਹੀਦਾ ਹੈ, ਉਸ ਦਾ ਬੋਝ ਆੜ੍ਹਤੀਆਂ ’ਤੇ ਪੈ ਰਿਹਾ ਹੈ, ਜਿਸ ਕਾਰਨ ਉਨ੍ਹਾਂ ਦੀ ਆਰਥਿਕ ਸਥਿਤੀ ਪ੍ਰਭਾਵਿਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਸਮੱਸਿਆ ਦਾ ਪਹਿਲ ਦੇ ਆਧਾਰ ’ਤੇ ਹੱਲ ਕਰਕੇ ਕਿਸਾਨਾਂ ਦੀ ਫ਼ਸਲ ਦੀ ਨਿਰਵਿਘਨ ਖ਼ਰੀਦ ਅਤੇ ਮੰਡੀ ਵਿਚ ਕੰਮਕਾਜ ਸੁਚਾਰੂ ਬਣਾਇਆ ਜਾਵੇ।