ਪੀ.ਸੀ.ਐਸ. ਮੇਨਜ਼ ਪ੍ਰੀਖਿਆ ’ਚ ਕਥਿਤ ਧਾਂਦਲੀ ਖ਼ਿਲਾਫ਼ ਭਾਜਪਾ ਯੁਵਾ ਮੋਰਚਾ ਵਲੋਂ ਪ੍ਰਦਰਸ਼ਨ ਮੁੱਖ ਮੰਤਰੀ ਦਾ ਪੁਤਲਾ ਫ਼ੂਕਿਆ
ਸ੍ਰੀ ਮੁਕਤਸਰ ਸਾਹਿਬ, 11 ਨਵੰਬਰ (ਰਣਜੀਤ ਸਿੰਘ ਢਿੱਲੋਂ)-ਪੰਜਾਬ ਪਬਲਿਕ ਸਰਵਿਸ ਕਮਿਸ਼ਨ (ਪੀ. ਪੀ.
ਸ੍ਰੀ ਮੁਕਤਸਰ ਸਾਹਿਬ, 11 ਨਵੰਬਰ (ਰਣਜੀਤ ਸਿੰਘ ਢਿੱਲੋਂ)-ਪੰਜਾਬ ਪਬਲਿਕ ਸਰਵਿਸ ਕਮਿਸ਼ਨ (ਪੀ.ਪੀ.ਐਸ.ਸੀ.) ਵਲੋਂ ਕਰਵਾਈ ਗਈ ਪੀ.ਸੀ.ਐਸ. ਮੇਨਜ਼ ਪ੍ਰੀਖਿਆ ਵਿਚ ਕਥਿਤ ਧਾਂਦਲੀ, ਹੇਰਾਫੇਰੀ ਅਤੇ ਬੇਨਿਯਮੀਆਂ ਦੇ ਦੋਸ਼ਾਂ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਪੰਜਾਬ ਵਲੋਂ ਸੂਬੇ ਭਰ ਵਿਚ ਰੋਸ ਪ੍ਰਦਰਸ਼ਨ ਕੀਤੇ ਗਏ। ਇਸ ਤਹਿਤ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਵੀ ਭਾਜਪਾ ਤੇ ਭਾਰਤੀ ਜਨਤਾ ਯੁਵਾ ਮੋਰਚਾ ਦੇ ਆਗੂਆਂ ਤੇ ਵਰਕਰਾਂ ਵਲੋਂ ਪੰਜਾਬ ਸਰਕਾਰ ਅਤੇ ਪੀ.ਪੀ.ਐਸ.ਸੀ. ਖ਼ਿਲਾਫ਼ ਰੋਸ ਪ੍ਰਗਟ ਕਰਦਿਆਂ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ ਅਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਪੁਤਲਾ ਫ਼ੂਕਿਆ ਗਿਆ। ਇਸ ਮੌਕੇ ਭਾਜਪਾ ਯੁਵਾ ਮੋਰਚਾ ਦੇ ਸੂਬਾ ਜਨਰਲ ਸਕੱਤਰ ਜਗਵਿੰਦਰਪਾਲ ਸਿੰਘ ਸੰਧੂ ਅਤੇ ਜ਼ਿਲ੍ਹਾ ਪ੍ਰਧਾਨ ਗੁਰਵਿੰਦਰ ਸਿੰਘ ਰਾਜਾ ਬਰਕੰਦੀ ਨੇ ਕਿਹਾ ਕਿ ਪੰਜਾਬ ਦੇ ਹਜ਼ਾਰਾਂ ਨੌਜਵਾਨ ਆਪਣਾ ਸੁਨਹਿਰੀ ਭਵਿੱਖ ਬਣਾਉਣ ਲਈ ਦਿਨ-ਰਾਤ ਮਿਹਨਤ ਕਰਕੇ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਕਰਦੇ ਹਨ। ਅਜਿਹੇ ਵਿਚ ਜੇਕਰ ਕਿਸੇ ਵੀ ਪ੍ਰੀਖਿਆ ਦੌਰਾਨ ਧਾਂਦਲੀ ਜਾਂ ਬੇਨਿਯਮੀਆਂ ਹੁੰਦੀਆਂ ਹਨ ਤਾਂ ਇਸ ਨਾਲ ਮਿਹਨਤੀ ਤੇ ਯੋਗ ਉਮੀਦਵਾਰਾਂ ਦੇ ਭਵਿੱਖ ਨਾਲ ਖਿਲਵਾੜ ਹੁੰਦਾ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਨੌਕਰੀਆਂ ਦੀ ਭਰਤੀ ਪ੍ਰਕਿਰਿਆ ਪੂਰੀ ਤਰ੍ਹਾਂ ਪਾਰਦਰਸ਼ੀ, ਨਿਰਪੱਖ ਤੇ ਭਰੋਸੇਯੋਗ ਹੋਣੀ ਚਾਹੀਦੀ ਹੈ ਤਾਂ ਜੋ ਹਰ ਉਮੀਦਵਾਰ ਨੂੰ ਬਰਾਬਰ ਮੌਕਾ ਮਿਲ ਸਕੇ। ਆਗੂਆਂ ਨੇ ਮੰਗ ਕੀਤੀ ਕਿ ਪੀ.ਸੀ.ਐਸ. ਮੇਨਜ਼ ਪ੍ਰੀਖਿਆ ਸੰਬੰਧੀ ਲੱਗੇ ਦੋਸ਼ਾਂ ਦੀ ਉਚ ਪੱਧਰੀ ਤੇ ਨਿਰਪੱਖ ਜਾਂਚ ਕਰਵਾਈ ਜਾਵੇ ਅਤੇ ਜੇਕਰ ਜਾਂਚ ਦੌਰਾਨ ਕੋਈ ਬੇਨਿਯਮੀ ਸਾਹਮਣੇ ਆਉਂਦੀ ਹੈ ਤਾਂ ਸੰਬੰਧਿਤ ਵਿਅਕਤੀਆਂ ਦੀ ਜਵਾਬਦੇਹੀ ਤਹਿ ਕਰਕੇ ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੂੰ ਇਨਸਾਫ਼ ਦਿਵਾਉਣਾ ਸਰਕਾਰ ਦੀ ਜ਼ਿੰਮੇਵਾਰੀ ਹੈ ਅਤੇ ਇਸ ਮਾਮਲੇ ਨੂੰ ਕਿਸੇ ਵੀ ਕੀਮਤ ’ਤੇ ਅਣਗੌਲਿਆ ਨਹੀਂ ਕੀਤਾ ਜਾਣਾ ਚਾਹੀਦਾ। ਇਸ ਦੌਰਾਨ ਭਾਜਪਾ ਆਗੂਆਂ ਵਲੋਂ ਸੰਬੰਧਿਤ ਜ਼ਿਲਿ੍ਹਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਮੰਗ ਪੱਤਰ ਸੌਂਪ ਕੇ ਮਾਮਲੇ ਦੀ ਨਿਰਪੱਖ ਜਾਂਚ ਤੇ ਨੌਜਵਾਨਾਂ ਨੂੰ ਇਨਸਾਫ਼ ਦਿਵਾਉਣ ਦੀ ਮੰਗ ਵੀ ਕੀਤੀ ਗਈ। ਇਸ ਮੌਕੇ ਭਾਜਪਾ ਕਿਸਾਨ ਮੋਰਚੇ ਦੇ ਸੂਬਾ ਜਨਰਲ ਸਕੱਤਰ ਗੁਰਚਰਨ ਸਿੰਘ ਸੰਧੂ, ਅਨੁਰਾਗ ਸ਼ਰਮਾ ਪ੍ਰੈਸ ਸਕੱਤਰ, ਹਰਦੀਪ ਸਿੰਘ ਹਨੀ ਕਾਉਣੀ, ਗੁਰਪ੍ਰੀਤ ਸਿੰਘ ਗੋਪੀ, ਵਿਕਾਸ ਸ਼ੁਕਲਾ, ਵਿਕਰਾਂਤ ਤੇਰ੍ਹੀਆ, ਨਵੀਨ ਨਵੀ ਮੋਰਵਾਲ ਸਮੇਤ ਹੋਰ ਆਗੂ ਅਤੇ ਵਰਕਰ ਮੌਜੂਦ ਸਨ।