ਪਰਾਲੀ ਨੂੰ ਅੱਗ ਲਾ ਕੇ ਸਾੜਨ ਦਾ ਸਿਲਸਿਲਾ ਜਾਰੀ * ਰਾਤ ਸਮੇਂ ਖੇਤਾਂ ’ਚ ਵਿਖਾਈ ਦਿੰਦੇ ਹਨ ਅੱਗ ਦੇ ਭਾਂਬੜ * ਵਾਤਾਵਰਨ ਹੋ ਰਿਹਾ ਦੂਸ਼ਿਤ, ਸੜਕਾਂ ’ਤੇ ਧੂੰਆਂ ਫੈਲਣ ਨਾਲ ਹਾਦਸਿਆਂ ਦਾ ਖ਼ਤਰਾ ਵਧਿਆ
ਸ੍ਰੀ ਮੁਕਤਸਰ ਸਾਹਿਬ, 15 ਨਵੰਬਰ (ਰਣਜੀਤ ਸਿੰਘ ਢਿੱਲੋਂ)- ਝੋਨੇ ਦੀ ਕਟਾਈ ਦਾ ਸੀਜ਼ਨ ਲਗਪਗ ਸਮਾਪਤੀ ਵੱਲ ਵਧਣ ਦੇ ਬਾਵਜੂਦ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਦੇ ਖੇਤਾਂ ’ਚ ਝੋਨੇ ਦੀ ਪਰਾਲੀ ਨੂੰ ਅੱਗ ਲਾ ਕੇ ਸਾੜਨ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਖਾਸ ਕਰਕੇ ਰਾਤ ਸਮੇਂ ਖੇਤਾਂ ਵਿਚੋਂ ਉੱਠਦੇ ਅੱਗ ਦੇ ਭਾਂਬੜ ਦੂਰ-ਦੂਰ ਤੱਕ ਵਿਖਾਈ ਦਿੰਦੇ ਹਨ।
ਸ
ਸ੍ਰੀ ਮੁਕਤਸਰ ਸਾਹਿਬ ਨੇੜੇ ਸੜਕ ਕਿਨਾਰੇ ਰਾਤ ਸਮੇਂ ਝੋਨੇ ਦੀ ਪਰਾਲੀ ਨੂੰ ਲਾਈ ਅੱਗ ਦੇ ਉੱਠ ਰਹੇ ਭਾਂਬੜ ਅਤੇ ਧੂਆਂ। ਤਸਵੀਰ : ਰਣਜੀਤ ਸਿੰਘ ਢਿੱਲੋਂ
16-11-2026
ਸ੍ਰੀ ਮੁਕਤਸਰ ਸਾਹਿਬ, 15 ਨਵੰਬਰ (ਰਣਜੀਤ ਸਿੰਘ ਢਿੱਲੋਂ)- ਝੋਨੇ ਦੀ ਕਟਾਈ ਦਾ ਸੀਜ਼ਨ ਲਗਪਗ ਸਮਾਪਤੀ ਵੱਲ ਵਧਣ ਦੇ ਬਾਵਜੂਦ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਦੇ ਖੇਤਾਂ ’ਚ ਝੋਨੇ ਦੀ ਪਰਾਲੀ ਨੂੰ ਅੱਗ ਲਾ ਕੇ ਸਾੜਨ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਖਾਸ ਕਰਕੇ ਰਾਤ ਸਮੇਂ ਖੇਤਾਂ ਵਿਚੋਂ ਉੱਠਦੇ ਅੱਗ ਦੇ ਭਾਂਬੜ ਦੂਰ-ਦੂਰ ਤੱਕ ਵਿਖਾਈ ਦਿੰਦੇ ਹਨ। ਇਸ ਕਾਰਨ ਜਿੱਥੇ ਵਾਤਾਵਰਨ ਪ੍ਰਦੂਸ਼ਿਤ ਹੋ ਰਿਹਾ ਹੈ, ਉੱਥੇ ਹੀ ਆਮ ਲੋਕਾਂ ਦੀ ਸਿਹਤ ਅਤੇ ਸੜਕਾਂ ’ਤੇ ਆਵਾਜਾਈ ਦੀ ਸੁਰੱਖਿਆ ਲਈ ਵੀ ਗੰਭੀਰ ਖ਼ਤਰਾ ਪੈਦਾ ਹੋ ਰਿਹਾ ਹੈ। ਕਈ ਥਾਵਾਂ ’ਤੇ ਖੇਤਾਂ ਵਿਚ ਲੱਗੀ ਅੱਗ ਦਾ ਧੂੰਆਂ ਸੜਕਾਂ ਤੱਕ ਪਹੁੰਚ ਜਾਂਦਾ ਹੈ, ਜਿਸ ਕਾਰਨ ਰਾਹਗੀਰਾਂ ਨੂੰ ਆਉਣ-ਜਾਣ ਸਮੇਂ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ ਅਤੇ ਵਾਹਨਾਂ ਦੇ ਆਪਸ ਵਿਚ ਟਕਰਾਉਣ ਦਾ ਖ਼ਦਸ਼ਾ ਬਣਿਆ ਰਹਿੰਦਾ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਲੋੜੀਂਦੀ ਮਸ਼ੀਨਰੀ ਸਮੇਂ ਸਿਰ ਉਪਲੱਬਧ ਨਾ ਹੋਣ ਕਾਰਨ ਉਨ੍ਹਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਦੂਜੇ ਪਾਸੇ ਕਣਕ ਦੀ ਬਿਜਾਈ ਦਾ ਸਮਾਂ ਲੰਘਦਾ ਜਾ ਰਿਹਾ ਹੈ ਅਤੇ ਖੇਤਾਂ ਨੂੰ ਅਗਲੀ ਫ਼ਸਲ ਦੀ ਬਿਜਾਈ ਲਈ ਤਿਆਰ ਕਰਨਾ ਵੀ ਜ਼ਰੂਰੀ ਹੈ। ਕਿਸਾਨਾਂ ਅਨੁਸਾਰ ਜੇਕਰ ਪਰਾਲੀ ਦੀਆਂ ਗੱਠਾਂ ਤਿਆਰ ਕਰਨ ਅਤੇ ਉਨ੍ਹਾਂ ਨੂੰ ਖੇਤਾਂ ਵਿਚੋਂ ਚੁੱਕਣ ਲਈ ਲੋੜੀਂਦੇ ਸਾਧਨ ਸਮੇਂ ਸਿਰ ਮਿਲ ਜਾਣ ਤਾਂ ਇਸ ਸਮੱਸਿਆ ਨੂੰ ਕਾਫ਼ੀ ਹੱਦ ਤੱਕ ਹੱਲ ਕੀਤਾ ਜਾ ਸਕਦਾ ਹੈ। ਭਾਵੇਂ ਇਲਾਕੇ ਦੇ ਬਹੁਤ ਸਾਰੇ ਕਿਸਾਨਾਂ ਵਲੋਂ ਪਰਾਲੀ ਦੀਆਂ ਗੱਠਾਂ ਬਣਵਾਈਆਂ ਗਈਆਂ ਹਨ, ਜਿਨ੍ਹਾਂ ਨੂੰ ਵੱਖ-ਵੱਖ ਫੈਕਟਰੀਆਂ ਵਿਚ ਬਾਲਣ ਅਤੇ ਹੋਰ ਵਰਤੋਂ ਲਈ ਭੇਜਿਆ ਜਾ ਰਿਹਾ ਹੈ, ਪਰ ਕਈ ਥਾਵਾਂ ’ਤੇ ਗੱਠਾਂ ਬਣਾਉਣ ਵਾਲੀ ਮਸ਼ੀਨਰੀ ਦੀ ਘਾਟ ਅਤੇ ਤਿਆਰ ਗੱਠਾਂ ਨੂੰ ਸਮੇਂ ਸਿਰ ਚੁੱਕਣ ਤੇ ਲਿਜਾਣ ਦੇ ਪ੍ਰਬੰਧ ਨਾ ਹੋਣ ਕਾਰਨ ਕੰਮ ਵਿਚ ਦੇਰੀ ਹੋ ਰਹੀ ਹੈ। ਪਰਾਲੀ ਨੂੰ ਅੱਗ ਲਾਉਣ ਨਾਲ ਇਸ ਵਿਚ ਮੌਜੂਦ ਜੈਵਿਕ ਤੱਤ ਅਤੇ ਫ਼ਸਲਾਂ ਦੀ ਰਹਿੰਦ-ਖੂੰਹਦ ਵਿਚ ਮੌਜੂਦ ਪੌਸ਼ਟਿਕ ਤੱਤ ਨਸ਼ਟ ਹੋ ਜਾਂਦੇ ਹਨ, ਜਿਸ ਨਾਲ ਲੰਮੇ ਸਮੇਂ ਦੌਰਾਨ ਜ਼ਮੀਨ ਦੀ ਉਪਜਾਊ ਸ਼ਕਤੀ ’ਤੇ ਵੀ ਮਾੜਾ ਅਸਰ ਪੈਂਦਾ ਹੈ। ਇਸ ਤੋਂ ਇਲਾਵਾ ਅੱਗ ਦੀ ਲਪੇਟ ’ਚ ਆਉਣ ਕਾਰਨ ਖੇਤਾਂ ਵਿਚ ਰਹਿਣ ਵਾਲੇ ਪੰਛੀਆਂ, ਛੋਟੇ ਜੀਵਾਂ ਅਤੇ ਫ਼ਸਲਾਂ ਲਈ ਲਾਹੇਵੰਦ ਮਿੱਤਰ ਕੀੜਿਆਂ ਦਾ ਵੀ ਨੁਕਸਾਨ ਹੁੰਦਾ ਹੈ। ਪਰਾਲੀ ਸਾੜਨ ਨਾਲ ਉੱਠਣ ਵਾਲਾ ਧੂੰਆਂ ਹਵਾ ’ਚ ਜ਼ਹਿਰੀਲੇ ਅਤੇ ਨੁਕਸਾਨਦੇਹ ਕਣਾਂ ਦੀ ਮਾਤਰਾ ਵਧਾ ਦਿੰਦਾ ਹੈ, ਜਿਸ ਕਾਰਨ ਸਾਹ ਲੈਣ ਸਬੰਧੀ ਸਮੱਸਿਆਵਾਂ ਪੈਦਾ ਹੋਣ ਦਾ ਖ਼ਤਰਾ ਰਹਿੰਦਾ ਹੈ। ਇਸ ਧੂੰਏਂ ਨਾਲ ਬਣਨ ਵਾਲੀ ਧੁਆਂਖੀ ਧੁੰਦ ਬੱਚਿਆਂ, ਬਜ਼ੁਰਗਾਂ, ਦਮੇ ਅਤੇ ਸਾਹ ਦੀਆਂ ਬਿਮਾਰੀਆਂ ਤੋਂ ਪੀੜਤ ਮਰੀਜ਼ਾਂ ਲਈ ਵਿਸ਼ੇਸ਼ ਤੌਰ ’ਤੇ ਨੁਕਸਾਨਦੇਹ ਸਾਬਤ ਹੋ ਸਕਦੀ ਹੈ। ਪਹਿਲਾਂ ਹੀ ਠੰਢ ਦੇ ਮੌਸਮ ਕਾਰਨ ਧੁੰਦ ਪੈਣੀ ਸ਼ੁਰੂ ਹੋ ਜਾਂਦੀ ਹੈ ਅਤੇ ਅਜਿਹੇ ਵਿਚ ਪਰਾਲੀ ਦੇ ਧੂੰਏਂ ਨਾਲ ਦ੍ਰਿਸ਼ਟੀ ਦੀ ਹੱਦ ਘਟਣ ਕਾਰਨ ਸੜਕੀ ਆਵਾਜਾਈ ਵੀ ਪ੍ਰਭਾਵਿਤ ਹੁੰਦੀ ਹੈ। ਖਾਸ ਕਰਕ ੇ ਰਾਤ ਅਤੇ ਤੜਕਸਾਰ ਸਮੇਂ ਵਾਹਨ ਚਾਲਕਾਂ ਲਈ ਅਜਿਹੇ ਹਾਲਾਤ ਹਾਦਸਿਆਂ ਦਾ ਕਾਰਨ ਬਣ ਸਕਦੇ ਹਨ। ਵਾਤਾਵਰਨ ਪ੍ਰੇਮੀਆਂ ਅਤੇ ਆਮ ਲੋਕਾਂ ਨੇ ਪੰਜਾਬ ਸਰਕਾਰ ਅਤੇ ਸਬੰਧਿਤ ਵਿਭਾਗਾਂ ਤੋਂ ਮੰਗ ਕੀਤੀ ਹੈ ਕਿ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਕਿਸਾਨਾਂ ਨੂੰ ਲੋੜੀਂਦੀ ਮਸ਼ੀਨਰੀ ਸਮੇਂ ਸਿਰ ਅਤੇ ਕਿਫ਼ਾਇਤੀ ਦਰਾਂ ’ਤੇ ਮੁਹੱਈਆ ਕਰਵਾਈ ਜਾਵੇ। ਇਸ ਦੇ ਨਾਲ ਹੀ ਪਰਾਲੀ ਦੀਆਂ ਗੱਠਾਂ ਤਿਆਰ ਕਰਨ, ਉਨ੍ਹਾਂ ਦੀ ਢੋਆ-ਢੁਆਈ ਅਤੇ ਵੱਖ-ਵੱਖ ਉਦਯੋਗਾਂ ਤੱਕ ਸਪਲਾਈ ਦੇ ਪੁਖ਼ਤਾ ਪ੍ਰਬੰਧ ਕੀਤੇ ਜਾਣ ਤਾਂ ਜੋ ਕਿਸਾਨਾਂ ਨੂੰ ਪਰਾਲੀ ਦੇ ਨਿਪਟਾਰੇ ਲਈ ਕੋਈ ਮੁਸ਼ਕਿਲ ਨਾ ਆਵੇ।