ਗੁਰਦਾਸ ਗਿਰਧਰ ਵਲੋਂ ਹਲਕਾ ਸ੍ਰੀ ਮੁਕਤਸਰ ਸਾਹਿਬ ਤੋਂ ਕਾਂਗਰਸ ਦੀ ਟਿਕਟ ਲਈ ਦਾਅਵੇਦਾਰੀ ਪੇਸ਼
ਸ੍ਰੀ ਮੁਕਤਸਰ ਸਾਹਿਬ, 18 ਨਵੰਬਰ (ਰਣਜੀਤ ਸਿੰਘ ਢਿੱਲੋਂ)-2027 ਦੀਆਂ ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸੀਨੀਅਰ ਕਾਂਗਰਸੀ ਆਗੂ, ਸਮਾਜ ਸੇਵੀ ਤੇ ਆਜ਼ਾਦੀ ਘੁਲਾਟੀਏ ਪਰਿਵਾਰ ਨਾਲ ਸੰਬੰਧਿਤ ਗੁਰਦਾਸ ਗਿਰਧਰ ਨੇ ਵਿਧਾਨ ਸਭਾ ਹਲਕਾ ਸ੍ਰੀ ਮੁਕਤਸਰ ਸਾਹਿਬ ਤੋਂ ਕਾਂਗਰਸ ਪਾਰਟੀ ਦੀ ਟਿਕਟ ਲਈ ਆਪਣੀ ਦਾਅਵੇਦਾਰੀ ਪੇਸ਼ ਕੀਤੀ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਮੇਰਾ ਮੁੱਖ ਟੀਚਾ ਹਲਕਾ ਸ੍ਰੀ ਮੁਕਤਸਰ ਸਾਹਿਬ ਨੂੰ ਪੰਜਾਬ ਦਾ ਮਾਡਲ ਹਲਕਾ ਬਣਾਉਣਾ ਹੈ।
ਸ੍ਰੀ ਮੁਕਤਸਰ ਸਾਹਿਬ, 18 ਨਵੰਬਰ (ਰਣਜੀਤ ਸਿੰਘ ਢਿੱਲੋਂ)-2027 ਦੀਆਂ ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸੀਨੀਅਰ ਕਾਂਗਰਸੀ ਆਗੂ, ਸਮਾਜ ਸੇਵੀ ਤੇ ਆਜ਼ਾਦੀ ਘੁਲਾਟੀਏ ਪਰਿਵਾਰ ਨਾਲ ਸੰਬੰਧਿਤ ਗੁਰਦਾਸ ਗਿਰਧਰ ਨੇ ਵਿਧਾਨ ਸਭਾ ਹਲਕਾ ਸ੍ਰੀ ਮੁਕਤਸਰ ਸਾਹਿਬ ਤੋਂ ਕਾਂਗਰਸ ਪਾਰਟੀ ਦੀ ਟਿਕਟ ਲਈ ਆਪਣੀ ਦਾਅਵੇਦਾਰੀ ਪੇਸ਼ ਕੀਤੀ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਮੇਰਾ ਮੁੱਖ ਟੀਚਾ ਹਲਕਾ ਸ੍ਰੀ ਮੁਕਤਸਰ ਸਾਹਿਬ ਨੂੰ ਪੰਜਾਬ ਦਾ ਮਾਡਲ ਹਲਕਾ ਬਣਾਉਣਾ ਹੈ। ਆਪਣੀਆਂ ਤਰਜ਼ੀਹਾਂ ਬਾਰੇ ਜਾਣਕਾਰੀ ਦਿੰਦਿਆਂ ਗੁਰਦਾਸ ਗਿਰਧਰ ਨੇ ਕਿਹਾ ਕਿ ਜੇਕਰ ਪਾਰਟੀ ਹਾਈਕਮਾਨ ਉਨ੍ਹਾਂ ’ਤੇ ਭਰੋਸਾ ਜਤਾਉਂਦੀ ਹੈ ਤਾਂ ਉਹ ਹਲਕੇ ਵਿਚ ਸਿਹਤ ਤੇ ਵਿਦਿਅਕ ਸੇਵਾਵਾਂ ਦਾ ਮਿਆਰ ਉਚਾ ਚੁੱਕਣ ਲਈ ਵਿਸ਼ੇਸ਼ ਯਤਨ ਕਰਨਗੇ। ਇਸ ਤੋਂ ਇਲਾਵਾ ਘਰੇਲੂ ਉਦਯੋਗਿਕ ਧੰਦਿਆਂ, ਪੋਲਟਰੀ ਫਾਰਮਾਂ ਅਤੇ ਡੇਅਰੀ ਫਾਰਮਾਂ ਨੂੰ ਉਤਸ਼ਾਹਿਤ ਕਰਨਾ, ਵੱਡੀਆਂ ਉਦਯੋਗਿਕ ਇਕਾਈਆਂ ਸਥਾਪਤ ਕਰਵਾਉਣ ਲਈ ਯਤਨ ਕਰਨਾ ਅਤੇ ਨੌਜਵਾਨਾਂ ਲਈ ਰੁਜ਼ਗਾਰ ਦੇ ਵਧੇਰੇ ਮੌਕੇ ਪੈਦਾ ਕਰਨਾ ਉਨ੍ਹਾਂ ਦੇ ਮੁੱਖ ਟੀਚਿਆਂ ਵਿਚ ਸ਼ਾਮਿਲ ਹੋਵੇਗਾ। ਉਨ੍ਹਾਂ ਕਿਹਾ ਕਿ ਇਤਿਹਾਸਕ ਸ਼ਹਿਰ ਸ੍ਰੀ ਮੁਕਤਸਰ ਸਾਹਿਬ ਦੇ ਗੁਰਦੁਆਰਾ ਸਾਹਿਬਾਨ ਵਿਖੇ ਦਰਸ਼ਨਾਂ ਲਈ ਦੇਸ਼-ਵਿਦੇਸ਼ ਤੋਂ ਸ਼ਰਧਾਲੂ ਪਹੁੰਚਦੇ ਹਨ। ਆਪਣੇ ਸਿਆਸੀ ਸਫ਼ਰ ਬਾਰੇ ਦੱਸਦਿਆਂ ਗੁਰਦਾਸ ਗਿਰਧਰ ਨੇ ਕਿਹਾ ਕਿ ਉਹ ਕਾਂਗਰਸ ਪਾਰਟੀ ਦੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪ੍ਰਧਾਨ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਵਜੋਂ ਸੇਵਾਵਾਂ ਨਿਭਾ ਚੁੱਕੇ ਹਨ। ਪਿੰਡ ਕਾਉਣੀ ਦੇ ਜੰਮਪਲ ਗਿਰਧਰ ਨੇ ਦੱਸਿਆ ਕਿ ਉਨ੍ਹਾਂ ਦਾ ਪਰਿਵਾਰ ਪਿਛਲੇ ਕਰੀਬ 100 ਸਾਲਾਂ ਤੋਂ ਕਾਂਗਰਸ ਪਾਰਟੀ ਨਾਲ ਜੁੜਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੀ ਆਜ਼ਾਦੀ ਦੀ ਲੜਾਈ ਦੌਰਾਨ ਉਨ੍ਹਾਂ ਦੇ ਵਡੇਰਿਆਂ ਨੇ ਮੁਲਤਾਨ ਦੀਆਂ ਜੇਲ੍ਹਾਂ ਵਿਚ ਕੈਦ ਕੱਟੀ ਸੀ, ਜਦਕਿ ਉਨ੍ਹਾਂ ਦੇ ਪਿਤਾ ਬਿਹਾਰੀ ਲਾਲ ਨੇ ਪੰਡਿਤ ਜਵਾਹਰ ਲਾਲ ਨਹਿਰੂ ਨਾਲ ਜੈਤੋ ਦੇ ਮੋਰਚੇ ਵਿਚ ਹਿੱਸਾ ਲਿਆ ਸੀ। ਉਨ੍ਹਾਂ ਆਪਣੇ ਪਰਿਵਾਰ ਦੀ ਪਾਰਟੀ ਪ੍ਰਤੀ ਵਫ਼ਾਦਾਰੀ ਦਾ ਜ਼ਿਕਰ ਕਰਦਿਆਂ ਦੱਸਿਆ ਕਿ 7 ਦਸੰਬਰ 1962 ਨੂੰ ਤਤਕਾਲੀ ਮੁੱਖ ਮੰਤਰੀ ਪ੍ਰਤਾਪ ਸਿੰਘ ਕੈਰੋਂ ਨੇ ਪਿੰਡ ਕਾਉਣੀ ਆਉਣਾ ਸੀ। ਇਸ ਤੋਂ ਇਕ ਦਿਨ ਪਹਿਲਾਂ ਉਨ੍ਹਾਂ ਦੀ ਦਾਦੀ ਦਾ ਦਿਹਾਂਤ ਹੋ ਗਿਆ ਸੀ, ਪਰ ਪਾਰਟੀ ਸਮਾਗਮ ਵਿਚ ਸ਼ਮੂਲੀਅਤ ਕਰਨ ਲਈ ਪਰਿਵਾਰ ਵਲੋਂ ਅੰਤਿਮ ਸਸਕਾਰ ਜਲਦੀ ਕਰਕੇ ਸਮਾਗਮ ’ਚ ਹਾਜ਼ਰੀ ਭਰੀ ਗਈ ਸੀ। ਉਨ੍ਹਾਂ ਦੱਸਿਆ ਕਿ ਸਾਬਕਾ ਮੁੱਖ ਮੰਤਰੀ ਹਰਚਰਨ ਸਿੰਘ ਬਰਾੜ ਅਤੇ ਜਗਮੀਤ ਸਿੰਘ ਬਰਾੜ ਨਾਲ ਵੀ ਉਨ੍ਹਾਂ ਨੇ ਲੰਮਾ ਸਮਾਂ ਕੰਮ ਕਰਦਿਆਂ ਪਾਰਟੀ ਦੀ ਸੇਵਾ ਕੀਤੀ ਹੈ। ਗੁਰਦਾਸ ਗਿਰਧਰ ਨੇ ਕਾਂਗਰਸ ਹਾਈਕਮਾਨ ਤੋਂ ਮੰਗ ਕੀਤੀ ਕਿ ਇਸ ਵਾਰ ਉਨ੍ਹਾਂ ਨੂੰ ਹਲਕਾ ਸ੍ਰੀ ਮੁਕਤਸਰ ਸਾਹਿਬ ਤੋਂ ਚੋਣ ਲੜਨ ਦਾ ਮੌਕਾ ਦਿੱਤਾ ਜਾਵੇ।