ਪੀ.ਐਸ.ਯੂ. ਵਲੋਂ ਆਈ.ਟੀ.ਆਈ. ਖਿਉਵਾਲੀ ਵਿਖੇ ਮੀਟਿੰਗ
ਲੰਬੀ, 18 ਨਵੰਬਰ (ਮੇਵਾ ਸਿੰਘ)-ਸਰਕਾਰੀ ਆਈ. ਟੀ.
ਲੰਬੀ, 18 ਨਵੰਬਰ (ਮੇਵਾ ਸਿੰਘ)-ਸਰਕਾਰੀ ਆਈ.ਟੀ.ਆਈ. ਬਾਦਲ ਨੂੰ ਮੁੜ ਚਾਲੂ ਕਰਨ ਦਾ ਭਰੋਸਾ ਦੇ ਕੇ ਚਾਰ ਮਹੀਨੇ ਬੀਤਣ ਦੇ ਬਾਵਜੂਦ ਕੋਈ ਠੋਸ ਕਾਰਵਾਈ ਨਾ ਕਰਨ ਖ਼ਿਲਾਫ਼ ਪੰਜਾਬ ਸਟੂਡੈਂਟਸ ਯੂਨੀਅਨ ਵਲੋਂ ਲਗਾਤਾਰ ਸੰਘਰਸ਼ ਜਾਰੀ ਹੈ। ਪੀ.ਐਸ.ਯੂ. ਦੇ ਜ਼ਿਲ੍ਹਾ ਪ੍ਰਧਾਨ ਸੁਖਪ੍ਰੀਤ ਕੌਰ ਤੇ ਮੀਤ ਪ੍ਰਧਾਨ ਰਜਿੰਦਰ ਢਿੱਲਵਾਂ ਨੇ ਕਿਹਾ ਕਿ ਆਈ.ਟੀ.ਆਈ. ਬਾਦਲ ਨੂੰ ਖਿਉਵਾਲੀ ਆਈ.ਟੀ.ਆਈ. ਵਿਚ ਸ਼ਿਫ਼ਟ ਕਰਨ ਦੇ ਫ਼ੈਸਲੇ ਖ਼ਿਲਾਫ਼ 3 ਵਾਰ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਤੇ ਇਕ ਵਾਰ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨਾਲ ਮਿਲਣ ਤੋਂ ਬਾਅਦ ਆਈ.ਟੀ.ਆਈ. ਬਾਦਲ ਮੁੜ ਚਾਲੂ ਕਰਨ ਦਾ ਭਰੋਸਾ ਦਿੱਤਾ ਗਿਆ ਸੀ, ਪ੍ਰੰਤੂ ਹੁਣ ਤੱਕ ਲਗਪਗ 4 ਮਹੀਨੇ ਦਾ ਸਮਾਂ ਬੀਤ ਚੁੱਕਾ ਹੈ, ਪਰ ਆਈ.ਟੀ.ਆਈ. ਨੂੰ ਮੁੜ ਖੋਲ੍ਹਣ ਦੇ ਯਤਨ ਕਰਨ ਦੀ ਥਾਂ ਲਗਾਤਾਰ ਲਾਰੇ ਲਾਏ ਜਾ ਰਹੇ ਹਨ। ਇਕਾਈ ਆਗੂ ਲਖਵਿੰਦਰ ਸਿੰਘ ਖਿਉਵਾਲੀ ਨੇ ਕਿਹਾ ਕਿ ਕੇਂਦਰ ਸਰਕਾਰ ਦੀ ਨਵੀਂ ਸਿੱਖਿਆ ਨੀਤੀ 2020 ਤਹਿਤ ਸਰਕਾਰੀ ਵਿਦਿਅਕ ਸੰਸਥਾਵਾਂ ਨੂੰ ਮਰਜ਼ ਤੇ ਬੰਦ ਕਰਨ ਦੀ ਨੀਤੀ ਨੂੰ ਪੰਜਾਬ ਵਿਚ ਵੀ ਲਾਗੂ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਮਸਲੇ ਦੇ ਹੱਲ ਦਾ ਭਰੋਸਾ ਦੇਣ ਦੇ ਬਾਵਜੂਦ ਇਸ ਨੂੰ ਲਟਕਾਈ ਰੱਖਣਾ, ਸਰਕਾਰ ਦੀ ਨੀਅਤ ਤੇ ਕਾਰਗੁਜ਼ਾਰੀ ’ਤੇ ਸਵਾਲ ਖੜ੍ਹੇ ਕਰਦਾ ਹੈ। ਆਗੂਆਂ ਨੇ ਕਿਹਾ ਕਿ ਹੁਣ ਸੰਘਰਸ਼ ਨੂੰ ਹੋਰ ਤੇਜ਼ ਕਰਨ ਲਈ 20 ਨਵੰਬਰ ਨੂੰ ਆਮ ਆਦਮੀ ਪਾਰਟੀ ਦੇ ਹਲਕਾ ਲੰਬੀ ਤੋਂ ਉਮੀਦਵਾਰ ਰਣਧੀਰ ਸਿੰਘ ਧੀਰਾ ਖੁੱਡੀਆਂ ਦੇ ਘਰ ਅੱਗੇ ਇਕੱਠ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਤੋਂ ਮੰਗ ਕੀਤੀ ਕਿ ਬਿਨਾਂ ਹੋਰ ਦੇਰੀ ਸਰਕਾਰੀ ਆਈ.ਟੀ.ਆਈ. ਬਾਦਲ ਨੂੰ ਮੁੜ ਚਾਲੂ ਕੀਤਾ ਜਾਵੇ। ਇਸ ਮੌਕੇ ਗੁਰਮੀਤ ਸਿੰਘ, ਗੋਰਾ ਖਿਉਵਾਲੀ, ਅਮਰਦੀਪ ਸਿੰਘ ਬੀਦੋਵਾਲੀ ਅਤੇ ਆਈ.ਟੀ.ਆਈ. ਦੇ ਸਮੂਹ ਵਿਦਿਆਰਥੀ ਹਾਜ਼ਰ ਸਨ।