ਆਰ.ਈ.ਸੀ. ਟੀਮ ਵਲੋਂ ਪ੍ਰੋਜੈਕਟ ਊਰਜਾ ਅਧੀਨ ਚਾਰ ਜ਼ਿਲ੍ਹਿਆਂ ਦੇ 120 ਪਿੰਡਾਂ ’ਚ ਕੀਤੇ ਜਾ ਰਹੇ ਕੰਮਾਂ ਦਾ ਜਾਇਜ਼ਾ
ਜੈਤੋ, 28 ਨਵੰਬਰ (ਗੁਰਚਰਨ ਸਿੰਘ ਗਾਬੜੀਆ)-ਖੇਤੀ ਵਿਰਾਸਤ ਮਿਸ਼ਨ ਵਲੋਂ ਆਰ. ਈ.
ਸ
ਸਰਫ਼ੇਸ ਸੀਡਿੰਗ (ਸਤ੍ਹਾ ’ਤੇ ਬਿਜਾਈ) ਤਕਨੀਕ ਰਾਹੀਂ ਕਣਕ ਦੀ ਬਿਜਾਈ ਸਬੰਧੀ ਕਿਸਾਨਾਂ ਨੂੰ ਜਾਗਰੂਕ ਕਰਦੇ ਹੋਏ ਮਾਹਿਰ। ਅਜੀਤ ਤਸਵੀਰ
29-11-2026
ਜੈਤੋ, 28 ਨਵੰਬਰ (ਗੁਰਚਰਨ ਸਿੰਘ ਗਾਬੜੀਆ)-ਖੇਤੀ ਵਿਰਾਸਤ ਮਿਸ਼ਨ ਵਲੋਂ ਆਰ.ਈ.ਸੀ ਲਿਮਟਿਡ ਦੀ ਸੀ.ਐਸ.ਆਰ. ਪਹਿਲ ਆਰ.ਈ.ਸੀ. ਫ਼ਾਊਂਡੇਸ਼ਨ ਦੇ ਸਹਿਯੋਗ ਨਾਲ ਚਲਾਏ ਜਾ ਰਹੇ ਪ੍ਰੋਜੈਕਟ ਊਰਜਾ ਚਲਾਇਆ ਜਾ ਰਿਹਾ ਹੈ। ਇਸ ਪ੍ਰੋਜੈਕਟ ਤਹਿਤ ਪੰਜਾਬ ਦੇ ਚਾਰ ਜ਼ਿਲਿ੍ਹਆਂ ਮੁਕਤਸਰ, ਮੋਗਾ, ਬਠਿੰਡਾ ਅਤੇ ਫ਼ਰੀਦਕੋਟ ਵਿਚ ਪਰਾਲੀ ਸਾੜੇ ਬਿਨਾਂ ਕਣਕ ਦੀ ਬਿਜਾਈ ਨੂੰ ਉਤਸ਼ਾਹਿਤ ਕਰਨ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਸ ਪ੍ਰੋਜੈਕਟ ਤਹਿਤ ਕਿਸਾਨਾਂ ਨੂੰ ਵਾਤਾਵਰਨ ਪੱਖੀ ਖੇਤੀ ਤਕਨੀਕਾਂ ਨਾਲ ਜੋੜਦਿਆਂ ਸਰਫ਼ੇਸ ਸੀਡਿੰਗ (ਸਤ੍ਹਾ ’ਤੇ ਬਿਜਾਈ) ਤਕਨੀਕ ਰਾਹੀਂ ਕਣਕ ਦੀ ਬਿਜਾਈ ਕਰਵਾਈ ਜਾ ਰਹੀ ਹੈ। ਇਸ ਪਹਿਲਕਦਮੀ ਅਧੀਨ ਚਾਰਾਂ ਜ਼ਿਲਿ੍ਹਆਂ ਦੇ ਕੁੱਲ 120 ਪਿੰਡਾਂ ਵਿਚ ਕਿਸਾਨਾਂ ਦੇ ਖੇਤਾਂ ਵਿਚ ਪ੍ਰਦਰਸ਼ਨੀ ਪਲਾਟ ਸਥਾਪਤ ਕੀਤੇ ਗਏ ਹਨ। ਇਨ੍ਹਾਂ ਪ੍ਰਦਰਸ਼ਨੀ ਪਲਾਟਾਂ ਰਾਹੀਂ ਕਿਸਾਨਾਂ ਨੂੰ ਬਿਨਾਂ ਪਰਾਲੀ ਸਾੜੇ ਕਣਕ ਦੀ ਬਿਜਾਈ ਕਰਨ ਦੀ ਤਕਨੀਕ ਬਾਰੇ ਵਿਹਾਰਕ ਸਿਖਲਾਈ ਦਿੱਤੀ ਜਾਵੇਗੀ, ਤਾਂ ਕਿ ਵੱਧ ਤੋਂ ਵੱਧ ਕਿਸਾਨਾਂ ਇਸ ਟਿਕਾਊ ਖੇਤੀ ਵਿਧੀ ਅਪਣਾਉਣ ਲਈ ਪ੍ਰੇਰਿਤ ਕੀਤਾ ਜਾ ਸਕੇ। ਇਸ ਪਹਿਲਕਦਮੀ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਅਤੇ ਜ਼ਮੀਨੀ ਪੱਧਰ ’ਤੇ ਕੀਤੇ ਜਾ ਰਹੇ ਕੰਮਾਂ ਦੀ ਸਮੀਖਿਆ ਕਰਨ ਲਈ ਆਰ.ਈ.ਸੀ. ਟੀਮ ਦੇ ਈਸ਼ਵਰ ਸਿੰਘ ਭਾਸਕਰ ਅਤੇ ਹੇਮਾਂਸ਼ੂ ਨੇ ਪ੍ਰੋਜੈਕਟ ਅਧੀਨ ਆਉਂਦੇ ਪਿੰਡਾਂ ਦਾ ਦੌਰਾ ਕੀਤਾ। ਇਸ ਮੌਕੇ ਖੇਤੀ ਵਿਰਾਸਤ ਮਿਸ਼ਨ ਦੇ ਪ੍ਰੋਜੈਕਟ ਡਾਇਰੈਕਟਰ ਸੌਰਭ ਸੈਣੀ, ਜ਼ਿਲ੍ਹਾ ਕੋਆਰਡੀਨੇਟਰ ਪਵਨ ਅਤੇ ਫ਼ੀਲਡ ਕੋਆਰਡੀਨੇਟਰ ਅਮਰਿੰਦਰ ਸਿੰਘ ਵੀ ਮੌਜੂਦ ਸਨ। ਦੌਰੇ ਦੌਰਾਨ ਟੀਮ ਨੇ ਕਿਸਾਨਾਂ ਦੇ ਖੇਤਾਂ ਵਿਚ ਸਥਾਪਿਤ ਕੀਤੇ ਗਏ ਪ੍ਰਦਰਸ਼ਨੀ ਪਲਾਟਾਂ ਦਾ ਨਿਰੀਖਣ ਕੀਤਾ ਅਤੇ ਕਿਸਾਨਾਂ ਨਾਲ ਗੱਲਬਾਤ ਕੀਤੀ। ਆਰ.ਈ.ਸੀ. ਅਤੇ ਖੇਤੀ ਵਿਰਾਸਤ ਮਿਸ਼ਨ ਦੀਆਂ ਟੀਮਾਂ ਨੇ ਕਿਸਾਨਾਂ ਨੂੰ ਸਰਫ਼ੇਸ ਸੀਡਿੰਗ ਤਕਨੀਕ, ਪਰਾਲੀ ਪ੍ਰਬੰਧਨ ਅਤੇ ਬਿਨਾਂ ਅੱਗ ਲਗਾਏ ਫ਼ਸਲਾਂ ਦੀ ਰਹਿੰਦ-ਖੂੰਹਦ ਵਿਚ ਕਣਕ ਦੀ ਬਿਜਾਈ ਕਰਨ ਦੇ ਤਰੀਕਿਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਇਸ ਦੇ ਨਾਲ ਹੀ ਕਿਸਾਨਾਂ ਦੇ ਤਜਰਬਿਆਂ, ਸੁਝਾਵਾਂ ਅਤੇ ਜ਼ਮੀਨੀ ਪੱਧਰ ’ਤੇ ਆਉਣ ਵਾਲੀਆਂ ਮੁਸ਼ਕਿਲਾਂ ਨੂੰ ਵੀ ਗੰਭੀਰਤਾ ਨਾਲ ਸੁਣਿਆ। ਇਸ ਮੌਕੇ ਕਿਸਾਨਾਂ ਨੇ ਵੀ ਇਸ ਤਕਨੀਕ ਸਬੰਧੀ ਆਪਣੇ ਤਜਰਬੇ ਅਤੇ ਵਿਚਾਰ ਸਾਂਝੇ ਕੀਤੇ। ਵਿਚਾਰ-ਵਟਾਂਦਰੇ ਦੌਰਾਨ ਇਸ ਪਹਿਲਕਦਮੀ ਨੂੰ ਆਉਣ ਵਾਲੇ ਸਮੇਂ ਵਿਚ ਹੋਰ ਵੱਡੇ ਪੱਧਰ ’ਤੇ ਲਾਗੂ ਕਰਨ ਅਤੇ ਵੱਧ ਤੋਂ ਵੱਧ ਕਿਸਾਨਾਂ ਤੱਕ ਪਹੁੰਚਾਉਣ ਦੀਆਂ ਸੰਭਾਵਨਾਵਾਂ ਬਾਰੇ ਚਰਚਾ ਕੀਤੀ ਗਈ। ਟੀਮ ਨੇ ਕਿਸਾਨਾਂ ਦੇ ਸੁਝਾਵਾਂ ਨੂੰ ਸਮਝਦਿਆਂ ਇਸ ਤਕਨੀਕ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਜ਼ਮੀਨੀ ਪੱਧਰ ’ਤੇ ਲਾਗੂ ਕਰਨ ਲਈ ਮਿਲ ਕੇ ਕੰਮ ਕਰਨ ’ਤੇ ਜ਼ੋਰ ਦਿੱਤਾ। ਖੇਤੀ ਵਿਰਾਸਤ ਮਿਸ਼ਨ ਦਾ ਉਦੇਸ਼ ਪ੍ਰੋਜੈਕਟ ਊਰਜਾ ਰਾਹੀਂ ਕਿਸਾਨਾਂ ਨੂੰ ਅਜਿਹੀਆਂ ਖੇਤੀ ਵਿਧੀਆਂ ਨਾਲ ਜੋੜਨਾ ਹੈ, ਜੋ ਮਿੱਟੀ ਦੀ ਸਿਹਤ ਵਿਚ ਸੁਧਾਰ ਕਰਨ, ਵਾਤਾਵਰਨ ਦੀ ਸੰਭਾਲ ਕਰਨ ਅਤੇ ਪਰਾਲੀ ਸਾੜਨ ਦੀ ਸਮੱਸਿਆ ਨੂੰ ਘਟਾਉਣ ਵਿਚ ਸਹਾਇਕ ਹੋਣ। ਪ੍ਰੋਜੈਕਟ ਊਰਜਾ ਰਾਹੀਂ ਖੇਤੀ ਵਿਰਾਸਤ ਮਿਸ਼ਨ ਅਤੇ ਆਰ.ਈ.ਸੀ. ਫਾਊਂਡੇਸ਼ਨ ਦੀ ਇਹ ਸਾਂਝ ਪੰਜਾਬ ਵਿਚ ਪਰਾਲੀ ਪ੍ਰਬੰਧਨ ਲਈ ਇਕ ਚੰਗਾ ਅਤੇ ਟਿਕਾਊ ਬਦਲ ਵਿਕਸਿਤ ਕਰਨ ਅਤੇ ਕਿਸਾਨਾਂ ਨੂੰ ਵਾਤਾਵਰਨ ਪੱਖੀ ਖੇਤੀ ਤਕਨੀਕਾਂ ਅਪਣਾਉਣ ਲਈ ਉਤਸ਼ਾਹਿਤ ਕਰਨ ਦੀ ਦਿਸ਼ਾ ਵਿਚ ਇਕ ਮਹੱਤਵਪੂਰਨ ਕਦਮ ਹੈ।