ਫ਼ਰੀਦਕੋਟ, 1 ਜਨਵਰੀ (ਜਸਵੰਤ ਸਿੰਘ ਪੁਰਬਾ)-ਸਰਬ ਸਾਂਝੀ ਧਾਰਮਿਕ ਕਮੇਟੀ, ਮਿੰਨੀ ਸਕੱਤਰੇਤ ਫ਼ਰੀਦਕੋਟ ਵਲੋਂ ਅੱਜ ਨਵੇਂ ਸਾਲ 2026 ਦੀ ਆਮਦ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ | ਇਸ ਧਾਰਮਿਕ ਸਮਾਗਮ ਦੌਰਾਨ ਮਿੰਨੀ ਸਕੱਤਰੇਤ ਵਿਖੇ ਕੰਮ ਕਰਦੇ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਤੋਂ ਇਲਾਵਾ ਕਾਨੂੰਗੋ, ਪਟਵਾਰੀਆਂ, ਫ਼ੋਟੋ ਸਟੇਟ ਮੇਕਰਾਂ, ਟਾਈਪਿਸਟਾਂ, ਅਰਜੀ ਨਵੀਸਾਂ, ਨਕਸ਼ਾ ਨਵੀਸਾਂ, ਅਸ਼ਟਾਮ ਫਰੋਸ਼, ਐਡਵੋਕੇਟਸ ਅਤੇ ਇਲਾਕੇ ਦੀ ਵੱਡੀ ਗਿਣਤੀ ਵਿਚ ਸੰਗਤ ਨੇ ਸ਼ਮੂਲੀਅਤ ਕੀਤੀ | ਇਸ ਮੌਕੇ ਸਭ ਨੇ ਮਿਲ ਕੇ ਸਰਬੱਤ ਦੇ ਭਲੇ, ਅਮਨ-ਸ਼ਾਂਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ | ਸਰਬ ਸਾਂਝੀ ਧਾਰਮਿਕ ਕਮੇਟੀ ਦੇ ਮੁੱਖ ਸੇਵਾਦਾਰ ਅਮਰੀਕ ਸਿੰਘ ਸੰਧੂ ਨੇ ਸਮਾਗਮ ਵਿਚ ਪਹੁੰਚੀ ਸਮੂਹ ਸੰਗਤ ਅਤੇ ਮਹਿਮਾਨਾਂ ਨੂੰ ਜੀ ਆਇਆਂ ਆਖਦਿਆਂ ਨਵੇਂ ਸਾਲ ਦੀਆਂ ਵਧਾਈਆਂ ਦਿੱਤੀਆਂ | ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਨੇ ਕਿਹਾ ਕਿ ਸਰਬ ਸਾਂਝੀ ਧਾਰਮਿਕ ਕਮੇਟੀ ਵਲੋਂ ਨਵੇਂ ਸਾਲ ਦੀ ਆਮਦ ਮੌਕੇ ਅਜਿਹਾ ਧਾਰਮਿਕ ਸਮਾਗਮ ਕਰਵਾਉਣਾ ਬਹੁਤ ਹੀ ਪ੍ਰਸੰਸਾਯੋਗ ਉਪਰਾਲਾ ਹੈ | ਉਨ੍ਹਾਂ ਕਿਹਾ ਕਿ ਸ੍ਰੀ ਅਖੰਡ ਪਾਠ ਸਾਹਿਬ ਸਾਨੂੰ ਸੇਵਾ, ਸਬਰ ਅਤੇ ਆਪਸੀ ਸਾਂਝ ਦਾ ਸੰਦੇਸ਼ ਦਿੰਦਾ ਹੈ | ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਸਰਕਾਰੀ ਦਫ਼ਤਰਾਂ ਵਿਚ ਆਪਣੇ ਕੰਮ ਕਰਵਾਉਣ ਵਾਲੇ ਲੋਕਾਂ ਦੇ ਕੰਮ ਪੂਰੀ ਤਨਦੇਹੀ ਅਤੇ ਲਗਨ ਨਾਲ ਕਰਕੇ ਦਫ਼ਤਰ ਵਿਚ ਸਾਰੇ ਆਪਣੀ ਡਿਊਟੀ ਨਿਭਾਉਣ | ਉਨ੍ਹਾਂ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਨਵੇਂ ਸਾਲ 2026 ਦੀਆਂ ਵਧਾਈਆਂ ਦਿੰਦਿਆਂ ਤਰੱਕੀ, ਖੁਸ਼ਹਾਲੀ ਅਤੇ ਚੜ੍ਹਦੀ ਕਲਾ ਦੀ ਕਾਮਨਾ ਕੀਤੀ | ਇਸ ਮੌਕੇ ਸੀਨੀਅਰ ਪੁਲਿਸ ਕਪਤਾਨ ਡਾ. ਪ੍ਰਗਿਆ ਜੈਨ ਨੇ ਕਿਹਾ ਕਿ ਨਵੇਂ ਸਾਲ ਦੀ ਸ਼ੁਰੂਆਤ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਨਾਲ ਕਰਨਾ ਇਕ ਬਹੁਤ ਹੀ ਸ਼ੁਭ ਅਤੇ ਪ੍ਰੇਰਣਾਦਾਇਕ ਉਪਰਾਲਾ ਹੈ | ਉਨ੍ਹਾਂ ਕਿਹਾ ਕਿ ਸਾਨੂੰ ਸਭ ਨੂੰ ਦਫ਼ਤਰਾਂ ਵਿਚ ਆਉਣ ਵਾਲੇ ਲੋਕਾਂ ਦੀ ਸੇਵਾ ਪੂਰੇ ਮਨ ਨਾਲ ਕਰਨੀ ਚਾਹੀਦੀ ਹੈ | ਇਸ ਮੌਕੇ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਗੁਰਤੇਜ ਸਿੰਘ ਖੋਸਾ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸੰਦੀਪ ਮਲਹੋਤਰਾ, ਜੀ.ਏ. ਗੁਰਕਿਰਨਦੀਪ ਸਿੰਘ ਸਿੱਧੂ, ਡੀ.ਆਰ.ਓ ਲਵਪ੍ਰੀਤ ਕੌਰ ਤੋਂ ਇਲਾਵਾ ਵੱਡੀ ਗਿਣਤੀ ਵਿਚ ਅਧਿਕਾਰੀ/ ਕਰਮਚਾਰੀ ਤੇ ਇਲਾਕੇ ਦੀ ਸੰਗਤ ਹਾਜ਼ਰ ਸੀ |