ਸ੍ਰੀ ਮੁਕਤਸਰ ਸਾਹਿਬ, 6 ਮਾਰਚ (ਰਣਜੀਤ ਸਿੰਘ ਢਿੱਲੋਂ)-ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੀ ਜ਼ਿਲ੍ਹਾ ਪੱਧਰੀ ਮੀਟਿੰਗ ਭਾਈ ਮਹਾਂ ਸਿੰਘ ਦੀਵਾਨ ਹਾਲ ਸ੍ਰੀ ਮੁਕਤਸਰ ਸਾਹਿਬ ਵਿਖੇ ਜ਼ਿਲ੍ਹਾ ਪ੍ਰਧਾਨ ਰੁਪਿੰਦਰ ਸਿੰਘ ਡੋਹਕ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਸੂਬਾ ਮੀਤ ਪ੍ਰਧਾਨ ਸਿਮਰਜੀਤ ਸਿੰਘ ਬਰਾੜ ਘੁੱਦੂਵਾਲਾ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਮੀਟਿੰਗ ਵਿਚ ਵੱਖ-ਵੱਖ ਕਿਸਾਨੀ ਮੁੱਦਿਆਂ 'ਤੇ ਵਿਚਾਰ ਚਰਚਾ ਕੀਤੀ ਗਈ | ਇਸ ਤੋਂ ਇਲਾਵਾ ਸੰਯੁਕਤ ਕਿਸਾਨ ਮੋਰਚੇ ਵਲੋਂ ਅਮਰੀਕਾ ਭਾਰਤ ਮੁਕਤ ਵਪਾਰ ਸਮਝੌਤੇ, ਬਿਜਲੀ ਸੋਧ ਬਿੱਲ 2025 ਅਤੇ ਬੀਜ ਸੋਧ ਬਿੱਲ ਰੱਦ ਕਰਨ ਦੀ ਮੰਗ ਤੋਂ ਇਲਾਵਾ ਮਨਰੇਗਾ ਸਕੀਮ ਚਾਲੂ ਰੱਖਣ ਲਈ ਅਤੇ ਪਾਣੀ ਦੀ ਵੰਡ ਪ੍ਰਣਾਲੀ ਸਹੀ ਤਰੀਕੇ ਨਾਲ ਕਰਨ ਸੰਬੰਧੀ ਕੇਂਦਰ ਸਰਕਾਰ ਵਿਰੁੱਧ 10 ਮਾਰਚ ਨੂੰ ਬਰਨਾਲਾ ਵਿਖੇ ਕੀਤੀ ਜਾ ਰਹੀ ਮਹਾਂ ਪੰਚਾਇਤ 'ਚ ਵੱਡੀ ਗਿਣਤੀ ਵਿਚ ਸ਼ਾਮਿਲ ਹੋਣ ਦਾ ਫ਼ੈਸਲਾ ਕੀਤਾ ਗਿਆ | ਆਗੂਆਂ ਨੇ ਦੱਸਿਆ ਕਿ ਜ਼ਿਲ੍ਹੇ ਵਿਚੋਂ ਕਿਸਾਨਾਂ ਦਾ ਵੱਡਾ ਕਾਫ਼ਲਾ ਬਰਨਾਲਾ ਲਈ ਰਵਾਨਾ ਹੋਵੇਗਾ | ਇਸ ਤੋਂ ਇਲਾਵਾ ਇਲਾਕੇ ਵਿਚ ਕਿਸਾਨਾਂ ਦੇ ਖੇਤਾਂ 'ਚ ਬਿਜਲੀ ਮੋਟਰਾਂ ਅਤੇ ਟਰਾਂਸਫ਼ਾਰਮਰਾਂ ਦੀਆਂ ਲਗਾਤਾਰ ਹੋ ਰਹੀਆਂ ਚੋਰੀਆਂ 'ਤੇ ਚਿੰਤਾ ਪ੍ਰਗਟ ਕਰਦਿਆਂ ਜ਼ਿਲ੍ਹਾ ਪੁਲਿਸ ਪ੍ਰਸ਼ਾਸਨ ਤੋਂ ਚੋਰ ਗਿਰੋਹ ਨੂੰ ਨੱਥ ਪਾਉਣ ਦੀ ਮੰਗ ਕੀਤੀ ਗਈ ਹੈ ਅਤੇ ਕਿਹਾ ਗਿਆ ਕਿ ਜੇਕਰ ਪੁਲਿਸ ਪ੍ਰਸ਼ਾਸਨ ਨੇ ਧਿਆਨ ਨਾ ਦਿੱਤਾ, ਤਾਂ ਯੂਨੀਅਨ ਵਲੋਂ ਵੱਡਾ ਸੰਘਰਸ਼ ਵਿੱਢਿਆ ਜਾਵੇਗਾ | ਇਸ ਮੌਕੇ ਗੁਰਮੀਤ ਸਿੰਘ ਲੰਬੀਢਾਬ ਜ਼ਿਲ੍ਹਾ ਜਨਰਲ ਸਕੱਤਰ, ਅਵਤਾਰ ਸਿੰਘ ਵੱਟੂ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ, ਜਸਕਰਨ ਸਿੰਘ ਬੂੜਾ ਗੁੱਜਰ ਜ਼ਿਲ੍ਹਾ ਖ਼ਜ਼ਾਨਚੀ, ਕੁਲਦੀਪ ਸਿੰਘ ਥਾਂਦੇਵਾਲਾ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ, ਭਿੰਦਰ ਸਿੰਘ ਲੰਬੀਢਾਬ ਜ਼ਿਲ੍ਹਾ ਸਰਪ੍ਰਸਤ ਅਤੇ ਸਵਰਨ ਸਿੰਘ ਜ਼ਿਲ੍ਹਾ ਮੀਤ ਪ੍ਰਧਾਨ ਤੋਂ ਇਲਾਵਾ ਹੋਰ ਅਹੁਦੇਦਾਰ ਅਤੇ ਮੈਂਬਰ ਆਦਿ ਹਾਜ਼ਰ ਸਨ |