ਸ੍ਰੀ ਮੁਕਤਸਰ ਸਾਹਿਬ, 6 ਮਾਰਚ (ਹਰਮਹਿੰਦਰ ਪਾਲ)-ਜ਼ਿਲ੍ਹੇ ਅੰਦਰ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਬਣਾਈ ਰੱਖਣ ਅਤੇ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸ੍ਰੀਮਤੀ ਨਿਲਾਂਬਰੀ ਜਗਦਲੇ ਵਿਜੇ ਆਈ.ਜੀ. ਫ਼ਰੀਦਕੋਟ ਰੇਂਜ ਅਤੇ ਅਭਿਮਨਿਊ ਰਾਣਾ ਸੀਨੀਅਰ ਪੁਲਿਸ ਕਪਤਾਨ ਸ੍ਰੀ ਮੁਕਤਸਰ ਸਾਹਿਬ ਵਲੋਂ ਥਾਣਾ ਸਿਟੀ ਸ੍ਰੀ ਮੁਕਤਸਰ ਸਾਹਿਬ, ਬੱਸ ਸਟੈਂਡ ਚੌਂਕੀ ਤੇ ਸ਼ਹਿਰ ਦੇ ਵੱਖ-ਵੱਖ ਸੁਰੱਖਿਆ ਨਾਕਿਆਂ ਦੀ ਅਚਾਨਕ ਚੈਕਿੰਗ ਕੀਤੀ ਗਈ | ਇਸ ਮੌਕੇ ਆਈ.ਜੀ. ਫ਼ਰੀਦਕੋਟ ਨੇ ਪੁਲਿਸ ਅਧਿਕਾਰੀਆਂ ਤੇ ਕਰਮਚਾਰੀਆਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਾਨੂੰਨ ਵਿਵਸਥਾ ਨੂੰ ਕਾਇਮ ਰੱਖਣਾ ਤੇ ਲੋਕਾਂ ਵਿਚ ਸੁਰੱਖਿਆ ਦੀ ਭਾਵਨਾ ਪੈਦਾ ਕਰਨਾ ਪੁਲਿਸ ਦੀ ਸਭ ਤੋਂ ਵੱਡੀ ਜ਼ਿੰਮੇਵਾਰੀ ਹੈ | ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਅੰਦਰ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਬਣਾਉਣ ਲਈ ਥਾਣਿਆਂ ਤੇ ਨਾਕਿਆਂ ਦੀ ਅਚਾਨਕ ਜਾਂਚ ਕੀਤੀ ਜਾ ਰਹੀ ਹੈ, ਤਾਂ ਜੋ ਪੁਲਿਸ ਪ੍ਰਬੰਧਾਂ ਦੀ ਪ੍ਰਭਾਵਸ਼ਾਲੀ ਮਾਨੀਟਰਿੰਗ ਕੀਤੀ ਜਾ ਸਕੇ | ਚੈਕਿੰਗ ਦੌਰਾਨ ਥਾਣਾ ਸਿਟੀ ਸ੍ਰੀ ਮੁਕਤਸਰ ਸਾਹਿਬ ਅੰਦਰ ਮੌਜੂਦ ਅਸਲਾ, ਜੀ.ਓ. ਮੈਸ, ਮਾਲਖਾਨਾ, ਡਾਕ ਰਜਿਸਟਰ, ਰਿਕਾਰਡ ਰੂਮ, ਥਾਣਾ ਬਿਲਡਿੰਗ ਅਤੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਵਿਸਥਾਰ ਨਾਲ ਜਾਂਚ ਕੀਤੀ ਗਈ | ਇਸ ਦੇ ਨਾਲ ਹੀ ਥਾਣੇ 'ਚ ਆਉਣ ਵਾਲੇ ਆਮ ਲੋਕਾਂ ਲਈ ਬੈਠਕ ਦੀ ਵਿਵਸਥਾ, ਪਾਣੀ ਅਤੇ ਹੋਰ ਬੁਨਿਆਦੀ ਸਹੂਲਤਾਂ ਬਾਰੇ ਵੀ ਜਾਣਕਾਰੀ ਲਈ ਗਈ | ਉਨ੍ਹਾਂ ਪੁਲਿਸ ਮੁਲਾਜ਼ਮਾਂ ਨੂੰ ਸਖ਼ਤ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਲੋਕਾਂ ਦੀਆਂ ਸ਼ਿਕਾਇਤਾਂ ਦਾ ਤੁਰੰਤ ਨਿਪਟਾਰਾ ਕੀਤਾ ਜਾਵੇ ਤੇ ਤਫ਼ਤੀਸ਼ ਅਧੀਨ ਮਾਮਲਿਆਂ ਵਿਚ ਤੇਜ਼ੀ ਲਿਆਂਦੀ ਜਾਵੇ | ਚੈਕਿੰਗ ਦੌਰਾਨ ਖ਼ਾਸ ਤੌਰ 'ਤੇ ਮਹਿਲਾ ਸੁਰੱਖਿਆ ਸੰਬੰਧੀ ਪ੍ਰਬੰਧਾਂ ਦਾ ਵੀ ਜਾਇਜ਼ਾ ਲਿਆ ਗਿਆ | ਅਧਿਕਾਰੀਆਂ ਨੇ ਦੱਸਿਆ ਕਿ ਥਾਣਿਆਂ 'ਚ ਮਹਿਲਾ ਸ਼ਿਕਾਇਤਾਂ ਦੀ ਸੁਣਵਾਈ ਲਈ ਖ਼ਾਸ ਤੌਰ 'ਤੇ ਮਹਿਲਾ ਪੁਲਿਸ ਸਟਾਫ਼ ਤਾਇਨਾਤ ਕੀਤਾ ਗਿਆ ਹੈ | ਇਸ ਤੋਂ ਇਲਾਵਾ ਸ਼ਹਿਰ ਦੇ ਵੱਖ-ਵੱਖ ਸੁਰੱਖਿਆ ਨਾਕਿਆਂ ਦੀ ਵੀ ਵਿਸਥਾਰ ਨਾਲ ਜਾਂਚ ਕੀਤੀ ਗਈ | ਨਾਕਿਆਂ 'ਤੇ ਤਾਇਨਾਤ ਪੁਲਿਸ ਮੁਲਾਜ਼ਮਾਂ ਦੀ ਡਿਊਟੀ, ਰਿਕਾਰਡ ਤੇ ਚੈਕਿੰਗ ਪ੍ਰਕਿਰਿਆ ਬਾਰੇ ਜਾਣਕਾਰੀ ਲਈ ਗਈ | ਆਈ.ਜੀ. ਫ਼ਰੀਦਕੋਟ ਰੇਂਜ ਵਲੋਂ ਪੀ.ਸੀ.ਆਰ. ਮੋਟਰਸਾਈਕਲਾਂ 'ਤੇ ਤਾਇਨਾਤ ਕਰਮਚਾਰੀਆਂ ਨਾਲ ਗੱਲਬਾਤ ਕੀਤੀ ਗਈ ਤੇ ਉਨ੍ਹਾਂ ਦੇ ਰਿਸਪਾਂਸ ਟਾਈਮ ਬਾਰੇ ਪੁੱਛਿਆ ਗਿਆ | ਪੀ.ਸੀ.ਆਰ. ਮੋਟਰਸਾਈਕਲ ਟੀਮਾਂ ਨੂੰ ਹਦਾਇਤ ਕੀਤੀ ਗਈ ਕਿ ਉਹ ਸ਼ਹਿਰ ਅੰਦਰ ਗਸ਼ਤ ਨੂੰ ਹੋਰ ਵਧਾਉਣ ਅਤੇ ਖ਼ਾਸ ਕਰਕੇ ਰਾਤ ਦੇ ਸਮੇਂ ਵਧੇਰੇ ਚੌਕਸੀ ਰੱਖਣ | ਇਸ ਮੌਕੇ ਐੱਸ.ਐੱਸ.ਪੀ. ਸ੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ ਨਸ਼ਿਆਂ ਅਤੇ ਅਪਰਾਧਿਕ ਤੱਤਾਂ ਖ਼ਿਲਾਫ਼ ਵੱਡੀ ਮੁਹਿੰਮ ਚਲਾਈ ਜਾ ਰਹੀ ਹੈ ਤੇ ਇਸ ਦੇ ਨਾਲ ਹੀ ਲੋਕਾਂ ਦੀ ਸੁਰੱਖਿਆ ਨੂੰ ਧਿਆਨ ਵਿਚ ਰੱਖਦਿਆਂ ਨਾਕਾਬੰਦੀ, ਗਸ਼ਤ ਤੇ ਅਚਾਨਕ ਚੈਕਿੰਗ ਦੀ ਕਾਰਵਾਈ ਲਗਾਤਾਰ ਜਾਰੀ ਹੈ | ਇਸ ਮੌਕੇ ਹਰਕਮਲ ਕੌਰ ਐੱਸ.ਪੀ. (ਐੱਚ), ਹਰਜੀਤ ਸਿੰਘ ਡੀ.ਐੱਸ.ਪੀ., ਇੰਸਪੈਕਟਰ ਜਸਕਰਨਦੀਪ ਸਿੰਘ ਮੁੱਖ ਅਫ਼ਸਰ ਥਾਣਾ ਸਿਟੀ ਸ੍ਰੀ ਮੁਕਤਸਰ ਸਾਹਿਬ ਸਮੇਤ ਹੋਰ ਪੁਲਿਸ ਅਧਿਕਾਰੀ ਵੀ ਮੌਜੂਦ ਸਨ |