ਫ਼ਰੀਦਕੋਟ, 3 ਅਪ੍ਰੈਲ (ਸਰਬਜੀਤ ਸਿੰਘ)-ਥਾਣਾ ਸਦਰ, ਫ਼ਰੀਦਕੋਟ ਪੁਲਿਸ ਵਲੋਂ ਪਿੰਡ ਮਚਾਕੀ ਖੁਰਦ ਤੋਂ ਦੋ ਵਿਅਕਤੀਆਂ ਨੂੰ ਜਨਤਕ ਸਥਾਨ 'ਤੇ ਨਸ਼ਾ ਕਰਨ ਦੇ ਦੋਸ਼ਾਂ ਤਹਿਤ ਕਾਬੂ ਕੀਤਾ ਗਿਆ ਹੈ | ਪੁਲਿਸ ਵਲੋਂ ਦੋਵਾਂ ਦਾ ਡੋਪ ਟੈਸਟ ਕਰਵਾਇਆ ਗਿਆ ਤੇ ਟੈਸਟ ਪਾਜ਼ੀਟਿਵ ਆਉਣ 'ਤੇ ਦੋਵਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਪ੍ਰਾਪਤ ਸੂਚਨਾ ਅਨੁਸਾਰ ਐਸ.ਆਈ. ਬੂਟਾ ਸਿੰਘ ਨੇ ਦੱਸਿਆ ਕਿ ਉਹ ਹੋਰ ਪੁਲਿਸ ਮੁਲਾਜ਼ਮਾਂ ਸਮੇਤ ਸ਼ੱਕੀ ਪੁਰਸ਼ਾਂ ਸੰਬੰਧੀ ਕਰ ਰਹੇ ਗਸ਼ਤ ਦੌਰਾਨ ਪਿੰਡ ਮਚਾਕੀ ਖੁਰਦ ਜਾਂਦੀ ਸੜਕ 'ਤੇ ਪੈਂਦੇ ਸੂਏ ਦੇ ਨਾਲ ਕੱਚੇ ਰਸਤੇ 'ਤੇ ਪੁੱਜੇ ਤਾਂ ਦਰੱਖ਼ਤ ਥੱਲੇ ਬੈਠੇ ਸੋਨੂੰ ਸਿੰਘ ਪੁੱਤਰ ਗੁਰਚੈਲ ਸਿੰਘ ਤੇ ਜੋਤ ਸਿੰਘ ਪੁੱਤਰ ਪੱਪੂ ਨੂੰ ਨਸ਼ੇ ਦੀ ਹਾਲਤ ਵਿਚ ਕਾਬੂ ਕੀਤਾ ਗਿਆ | ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀਆਂ ਦਾ ਸਿਵਲ ਹਸਪਤਾਲ, ਫ਼ਰੀਦਕੋਟ ਤੋਂ ਡੌਪ ਟੈਸਟ ਕਰਵਾਇਆ ਗਿਆ ਤਾਂ ਦੋਵਾਂ ਦੀ ਰਿਪੋਰਟ ਪਾਜ਼ੀਟਿਵ ਆਈ, ਜਿਸ 'ਤੇ ਦੋਵਾਂ ਕਥਿਤ ਦੋਸ਼ੀਆਂ ਖ਼ਿਲਾਫ਼ ਥਾਣਾ ਸਦਰ, ਫ਼ਰੀਦਕੋਟ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਤੇ ਦੋਵਾਂ ਨੂੰ ਇਲਾਜ ਲਈ ਸਰਕਾਰੀ ਨਸ਼ਾ ਛੁਡਾਊ ਕੇਂਦਰ 'ਚ ਦਾਖ਼ਲ ਕਰਵਾਇਆ ਗਿਆ |