ਫ਼ਰੀਦਕੋਟ, 10 ਅਪ੍ਰੈਲ (ਜਸਵੰਤ ਸਿੰਘ ਪੁਰਬਾ)-2007 ਬੈਚ ਦੀ ਆਈ.ਏ.ਐਸ. ਅਧਿਕਾਰੀ ਕੰਵਲਪ੍ਰੀਤ ਬਰਾੜ ਨੇ ਡਵੀਜ਼ਨਲ ਕਮਿਸ਼ਨਰ ਫ਼ਰੀਦਕੋਟ ਵਜੋਂ ਆਪਣਾ ਚਾਰਜ ਸੰਭਾਲ ਲਿਆ | ਚਾਰਜ ਸੰਭਾਲਣ ਮੌਕੇ ਉਨ੍ਹਾਂ ਨੂੰ ਪੰਜਾਬ ਪੁਲਿਸ ਵਲੋਂ ਗਾਰਡ ਆਫ਼ ਆਨਰ ਦੇ ਕੇ ਸਨਮਾਨਿਤ ਕੀਤਾ ਗਿਆ | ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਤੇ ਐਸ.ਡੀ.ਐਮ. ਫ਼ਰੀਦਕੋਟ ਪੁਨੀਤ ਸ਼ਰਮਾ ਵੀ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ | ਚਾਰਜ ਸੰਭਾਲਣ ਉਪਰੰਤ ਉਨ੍ਹਾਂ ਨੇ ਕਿਹਾ ਕਿ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਨੂੰ ਜ਼ਮੀਨੀ ਪੱਧਰ 'ਤੇ ਸੁਚਾਰੂ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨਾ ਉਨ੍ਹਾਂ ਦੀ ਪ੍ਰਾਥਮਿਕਤਾ ਰਹੇਗੀ | ਉਨ੍ਹਾਂ ਨੇ ਕਿਹਾ ਕਿ ਪ੍ਰਸ਼ਾਸਨਿਕ ਕੰਮਕਾਜ 'ਚ ਪਾਰਦਰਸ਼ਤਾ ਤੇ ਜਵਾਬਦੇਹੀ ਨੂੰ ਯਕੀਨੀ ਬਣਾਇਆ ਜਾਵੇਗਾ ਤੇ ਲੋਕਾਂ ਨੂੰ ਸਮੇਂ ਸਿਰ ਸੇਵਾਵਾਂ ਮੁਹੱਈਆ ਕਰਵਾਈਆਂ ਜਾਣਗੀਆਂ | ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਲੋਕਾਂ ਦੀਆਂ ਸ਼ਿਕਾਇਤਾਂ ਨੂੰ ਤਰਜੀਹ ਦੇ ਆਧਾਰ 'ਤੇ ਸੁਣ ਕੇ ਤੁਰੰਤ ਨਿਪਟਾਰਾ ਕੀਤਾ ਜਾਵੇ ਤੇ ਸਰਕਾਰੀ ਸਕੀਮਾਂ ਦਾ ਲਾਭ ਹਰ ਯੋਗ ਲਾਭਪਾਤਰੀ ਤੱਕ ਪਹੁੰਚਾਇਆ ਜਾਵੇ | ਇਸ ਮੌਕੇ ਡਵੀਜ਼ਨਲ ਦਫ਼ਤਰ ਦੇ ਸੀਨੀਅਰ ਅਧਿਕਾਰੀ ਅਤੇ ਕਰਮਚਾਰੀ ਵੀ ਹਾਜ਼ਰ ਸਨ |