ਫ਼ਰੀਦਕੋਟ, 17 ਅਪ੍ਰੈਲ (ਜਸਵੰਤ ਸਿੰਘ ਪੁਰਬਾ)-ਸਥਾਨਕ ਬਾਬਾ ਫ਼ਰੀਦ ਲਾਅ ਕਾਲਜ ਵਿਖੇ ਚੇਅਰਮੈਨ ਸਵ. ਇੰਦਰਜੀਤ ਸਿੰਘ ਖਾਲਸਾ ਦੀ ਚਲਾਈ ਰੀਤ ਨੂੰ ਅਗਾਂਹ ਵਧਾਉਂਦੇ ਹੋਏ ਸਿਮਰਜੀਤ ਸਿੰਘ ਸੇਖੋਂ ਦੀ ਰਹਿਨੁਮਾਈ ਅਤੇ ਪਿ੍ੰਸੀਪਲ ਪੰਕਜ ਕੁਮਾਰ ਗਰਗ ਦੀ ਅਗਵਾਈ ਹੇਠ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਕਾਲਜ ਦੇ ਸਮੂਹ ਵਿਦਿਆਰਥੀਆਂ ਵਲੋਂ ਸ੍ਰੀ ਅਖੰਡ ਪਾਠ ਸਾਹਿਬ ਜੀ ਦਾ ਪ੍ਰਕਾਸ਼ ਕਰਵਾਇਆ ਗਿਆ | ਸ੍ਰੀ ਅਖੰਡ ਪਾਠ ਸਾਹਿਬ ਦੌਰਾਨ ਮੈਨੇਜਿੰਗ ਕਮੇਟੀ ਅਤੇ ਸਟਾਫ਼ ਦੀ ਚੜ੍ਹਦੀ ਕਲਾ ਅਤੇ ਵਿਦਿਆਰਥੀਆਂ ਦੇ ੳੁੱਜਵਲ ਭਵਿੱਖ ਦੀ ਅਰਦਾਸ ਕੀਤੀ ਗਈ | ਇਸ ਮੌਕੇ ਡਾ. ਮੋਹਣ ਸਿੰਘ ਸੱਗੂ ਨੇ ਮੈਨੇਜਿੰਗ ਕਮੇਟੀ ਦੇ ਮੈਂਬਰ ਸੁਰਿੰਦਰ ਸਿੰਘ ਰੋਮਾਣਾ, ਕੁਲਜੀਤ ਸਿੰਘ ਮੋਂਗੀਆ ਅਤੇ ਬਾਬਾ ਫ਼ਰੀਦ ਪਬਲਿਕ ਸਕੂਲ ਦੇ ਪਿ੍ੰਸੀਪਲ ਸੁਖਦੀਪ ਕੌਰ ਅਤੇ ਵਾਈਸ ਪਿ੍ੰਸੀਪਲ ਹਰਸਿਮਰਨ ਕੌਰ ਨੂੰ ਕਾਲਜ ਪਹੁੰਚਣ 'ਤੇ ਜੀ ਆਇਆਂ ਕਿਹਾ | ਇਸ ਮੌਕੇ ਸੁਰਿੰਦਰ ਸਿੰਘ ਰੋਮਾਣਾ ਨੇ ਸਵ: ਇੰਦਰਜੀਤ ਸਿੰਘ ਖ਼ਾਲਸਾ ਦੀਆਂ ਯਾਦਾਂ ਨੂੰ ਯਾਦ ਕਰਦਿਆਂ ਕਿਹਾ ਕਿ ਅੱਜ ਜੋ ਇਹ ਕਾਲਜ ਬੁਲੰਦੀ ਦੇ ਸਿਖਰਾਂ 'ਤੇ ਪਹੁੰਚਿਆ ਹੈ ਇਹ ਖਾਲਸਾ ਜੀ ਦੇ ਅਣਥੱਕ ਯਤਨਾਂ ਕਰਕੇ ਹੀ ਸੰਭਵ ਹੋਇਆ ਹੈ | ਉਨ੍ਹਾਂ ਕਿਹਾ ਕਿ ਉਹ ਸਖਤ ਮਿਹਨਤ ਨਾਲ ਇਸ ਕਾਲਜ ਦਾ ਨਾਮ ਰੌਸ਼ਨ ਕਰਨ ਅਤੇ ਆਪਣੇ ਮਾਤਾ-ਪਿਤਾ ਨੂੰ ਉਨ੍ਹਾਂ ਦੀ ਮਿਹਨਤ ਦਾ ਮੁੱਲ ਮੋੜਨ | ਕਾਲਜ ਦੇ ਪਿ੍ੰਸੀਪਲ ਡਾ. ਪੰਕਜ ਕੁਮਾਰ ਗਰਗ ਨੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੂੰ ਵਧਾਈਆਂ ਦਿੱਤੀਆਂ | ਇਸ ਸਾਲ ਕਾਲਜ ਦੀਆਂ ਦੋ ਵਿਦਿਆਰਥਣਾਂ ਅਨੁ ਬਾਲਾ ਅਤੇ ਦਾਮਿਨੀ ਨੇ ਯੂਨੀਵਰਸਿਟੀ ਵਿਚੋਂ ਡਿਸਟਿੰਕਸ਼ਨ ਨਾਲ ਅੰਕ ਪ੍ਰਾਪਤ ਕਰਕੇ ਗੋਲਡ ਮੈਡਲ ਹਾਸਿਲ ਕੀਤਾ ਹੈ | ਉਨ੍ਹਾਂ ਦੱਸਿਆ ਕਿ ਕਾਲਜ ਵਿਚ ਯੂਨੀਵਰਸਿਟੀ ਗੋਲਡ ਮੈਡਲ ਪ੍ਰਾਪਤ ਵਿਦਿਆਰਥੀਆਂ ਦੀ ਸੂਚੀ ਵਿਚ ਹੁਣ ਕੁੱਲ 6 ਵਿਦਿਆਰਥੀ ਹੋ ਚੁੱਕੇ ਹਨ ਅਤੇ ਪਿਛਲੇ ਅਤੇ ਇਸ ਸਾਲ ਦੌਰਾਨ ਲਗਾਤਾਰ ਕਾਲਜ ਦੇ ਵਿਦਿਆਰਥੀਆਂ ਨੇ ਯੂਨੀਵਰਸਿਟੀ ਗੋਲਡ ਮੈਡਲ ਪ੍ਰਾਪਤ ਕਰਕੇ ਕਾਲਜ ਦਾ ਨਾਮ ਰੌਸ਼ਨ ਕੀਤਾ ਹੈ | ਇਸ ਮੌਕੇ ਵਿਦਿਆਰਥੀਆਂ ਨੇ ਗੁਰਜਾਪ ਸਿੰਘ ਸੇਖੋਂ ਜਨਰਲ ਸਕੱਤਰ ਮੈਨੇਜਿੰਗ ਕਮੇਟੀ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ | ਇਹ ਸਾਰਾ ਪ੍ਰੋਗਰਾਮ ਡਾ. ਮੋਹਣ ਸਿੰਘ ਸੱਗੂ ਅਸੋਸੀਏਟ ਪ੍ਰੋਫੈਸਰ, ਡਾ. ਪਰਮਿੰਦਰ ਸਿੰਘ ਅਸਿਸਟੈਂਟ ਪ੍ਰੋਫੈਸਰ ਅਤੇ ਮਨਿੰਦਰ ਸਿੰਘ ਅਸਿਸਟੈਂਟ ਪ੍ਰੋਫੈਸਰ ਦੀ ਦੇਖ-ਰੇਖ ਹੇਠ ਕੀਤਾ ਗਿਆ | ਇਸ ਮੌਕੇ ਸਮੂਹ ਟੀਚਿੰਗ, ਨਾਨ-ਟੀਚਿੰਗ ਅਤੇ ਸਪੋਰਟਿੰਗ ਸਟਾਫ਼ ਵੀ ਮੌਜੂਦ ਸੀ |