ਸ੍ਰੀ ਮੁਕਤਸਰ ਸਾਹਿਬ, 28 ਮਈ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਦੇ ਝੂਠੇ ਵਾਅਦਿਆਂ ਤੇ ਲਾਰਿਆਂ ਤੋਂ ਤੰਗ ਅਤੇ ਵਿਭਾਗ ਦੀਆਂ ਕੰਪਿਊਟਰ ਅਧਿਆਪਕ ਵਿਰੋਧੀ ਨੀਤੀਆਂ ਖ਼ਿਲਾਫ਼ ਕੰਪਿਊਟਰ ਟੀਚਰਜ਼ ਯੂਨੀਅਨ ਪੰਜਾਬ ਵਲੋਂ 1 ਜੂਨ ਨੂੰ ਮੋਹਾਲੀ ਡੀ.ਜੀ.ਐੱਸ.ਈ. ਦਫ਼ਤਰ ਦੇ ਘਿਰਾਓ ਦਾ ਐਲਾਨ ਕੀਤਾ ਗਿਆ ਹੈ | ਇਸ ਸੰਬੰਧੀ ਅੱਜ ਜ਼ਿਲ੍ਹਾ ਇਕਾਈ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਸੂਬਾ ਆਗੂ ਹਰਜੀਤ ਸਿੰਘ ਬਰਕੰਦੀ ਦੀ ਅਗਵਾਈ ਵਿਚ ਹੋਈ | ਆਗੂਆਂ ਨੇ ਦੱਸਿਆ ਕਿ ਪੰਜਾਬ ਦੇ 6640 ਕੰਪਿਊਟਰ ਅਧਿਆਪਕਾਂ ਨੂੰ 2 ਦਸੰਬਰ 2010 ਵਿਚ ਰਾਜਪਾਲ ਦੀ ਪ੍ਰਵਾਨਗੀ ਨਾਲ ਪੰਜਾਬ ਸਰਕਾਰ ਵਲੋਂ ਜਾਰੀ ਰੈਗੂਲਰ ਨੋਟੀਫ਼ਿਕੇਸ਼ਨ ਅਤੇ 2011 ਵਿੱਚ ਰੈਗੂਲਰ ਨਿਯੁਕਤੀ ਪੱਤਰ ਮਿਲਣ ਦੇ ਬਾਵਜੂਦ ਸੁਸਾਇਟੀ (ਪਿਕਟਸ) ਦੇ ਨਾਂਅ 'ਤੇ ਗੁੰਮਰਾਹ ਕੀਤਾ ਜਾ ਰਿਹਾ ਹੈ | ਮਾਣਯੋਗ ਹਾਈਕੋਰਟ ਵਿਚ ਕੰਪਿਊਟਰ ਅਧਿਆਪਕਾਂ ਦੇ ਹੱਕ ਵਿਚ ਫ਼ੈਸਲਾ ਆਉਣ ਦੇ ਬਾਵਜੂਦ ਪੰਜਾਬ ਸਰਕਾਰ ਉਸ ਨੂੰ ਲਾਗੂ ਕਰਨ ਦੀ ਥਾਂ ਸੁਪਰੀਮ ਕੋਰਟ ਚਲੀ ਗਈ ਹੈ ਅਤੇ ਕੰਪਿਊਟਰ ਅਧਿਆਪਕਾਂ ਦੀਆਂ ਹੱਕੀ ਮੰਗਾਂ ਨੂੰ ਲਾਗੂ ਕਰਨ ਤੋਂ ਭੱਜ ਰਹੀ ਹੈ | ਆਗੂਆਂ ਨੇ ਰੋਸ ਪ੍ਰਗਟ ਕਰਦੇ ਹੋਏ ਦੱਸਿਆ ਕਿ ਸਰਕਾਰ ਸਿਰਫ਼ ਵੋਟਾਂ ਵੇਲੇ ਵਾਅਦੇ ਕਰਦੀ ਹੈ, ਪਰ ਅਮਲੀ ਰੂਪ ਵਿਚ ਹਮੇਸ਼ਾ ਉਨ੍ਹਾਂ ਨੂੰ ਲਾਗੂ ਕਰਨ ਤੋਂ ਭੱਜ ਜਾਂਦੀ ਹੈ | 6640 ਕੰਪਿਊਟਰ ਅਧਿਆਪਕ ਪਿਛਲੇ 21 ਸਾਲਾਂ ਤੋਂ ਸਰਕਾਰੀ ਸਕੂਲਾਂ ਵਿਚ ਪੂਰੀ ਤਨਦੇਹੀ ਨਾਲ ਆਪਣੀ ਸੇਵਾ ਨਿਭਾ ਰਹੇ ਹਨ, ਪਰ ਰੈਗੂਲਰ ਨੋਟੀਫ਼ਿਕੇਸ਼ਨ ਤੇ ਨਿਯੁਕਤੀ ਪੱਤਰਾਂ ਨੂੰ ਅੱਜ ਤੱਕ ਕਿਸੇ ਵੀ ਸਰਕਾਰ ਨੇ ਇਨ-ਬਿਨ ਲਾਗੂ ਨਹੀਂ ਕੀਤਾ ਹੈ | ਅਧਿਆਪਕਾਂ ਨੇ ਸਪੱਸ਼ਟ ਕੀਤਾ ਕਿ ਜਦੋਂ ਤੱਕ 2 ਦਸੰਬਰ 2010 ਦਾ ਨੋਟੀਫ਼ਿਕੇਸ਼ਨ, ਚੋਣ ਮੈਨੀਫੈਸਟੋ ਵਿਚ ਕੀਤਾ ਵਾਅਦਾ ਅਤੇ 15 ਸਤੰਬਰ 2022 ਨੂੰ ਸਿੱਖਿਆ ਮੰਤਰੀ ਵਲੋਂ ਕੀਤਾ ਅਧਿਕਾਰਤ ਐਲਾਨ ਇੰਨ-ਬਿੰਨ ਲਾਗੂ ਨਹੀਂ ਹੁੰਦਾ, ਸੰਘਰਸ਼ ਜਾਰੀ ਰਹੇਗਾ | ਇਸ ਮੌਕੇ ਜ਼ਿਲ੍ਹਾ ਆਗੂ ਲਖਰਾਜ ਸਿੰਘ ਬਰਾੜ ਅਤੇ ਵੱਡੀ ਗਿਣਤੀ ਵਿਚ ਕੰਪਿਊਟਰ ਅਧਿਆਪਕ ਹਾਜ਼ਰ ਸਨ |