ਫ਼ਰੀਦਕੋਟ, 31 ਮਈ (ਸਰਬਜੀਤ ਸਿੰਘ)-ਕਨਵੈਨਸ਼ਨ ਨੂੰ ਪਾਰਟੀ ਦੇ ਕੌਮੀ ਕੌਂਸਲ ਮੈਂਬਰ ਅਤੇ ਪਾਰਟੀ ਦੇ ਸਾਬਕਾ ਸੂਬਾ ਸਕੱਤਰ ਕਾਮਰੇਡ ਬੰਤ ਸਿੰਘ ਬਰਾੜ ਤੇ ਕੌਮੀ ਕੌਂਸਲ ਮੈਂਬਰ ਅਤੇ ਸਾਬਕਾ ਵਿਧਾਇਕ ਕਾਮਰੇਡ ਹਰਦੇਵ ਅਰਸੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਮੋਦੀ ਸਰਕਾਰ ਨੇ ਕਾਰਪਰੇਟ ਸੈਕਟਰ ਦੇ ਦਬਾਅ ਹੇਠ ਪਿਛਲੇ 12 ਸਾਲਾਂ ਦੇ ਰਾਜ ਦੌਰਾਨ ਬੇਰੁਜ਼ਗਾਰੀ ਅਤੇ ਮਹਿੰਗਾਈ ਵਿਚ ਰਿਕਾਰਡ ਤੋੜ ਵਾਧਾ ਕੀਤਾ ਹੈ | ਜਿਸ ਕਰਕੇ ਮਜ਼ਦੂਰਾਂ ਅਤੇ ਛੋਟੇ ਕਾਰੋਬਾਰ ਕਰਕੇ ਜੀਵਨ ਬਸਰ ਕਰਨ ਵਾਲੇ ਲੋਕਾਂ ਨੂੰ ਘਰਾਂ ਦਾ ਗੁਜ਼ਾਰਾ ਚਲਾਉਣਾ ਵੀ ਔਖਾ ਹੋ ਗਿਆ ਹੈ | ਲੋਕਾਂ ਵਿਚ ਦਿਨੋ-ਦਿਨ ਵੱਧ ਰਹੀ ਬੇਚੈਨੀ ਤੋਂ ਧਿਆਨ ਭਟਕਾਉਣ ਲਈ ਉਨ੍ਹਾਂ ਦੇ ਮਨਾਂ ਵਿਚ ਫਿਰਕੂ ਜ਼ਹਿਰ ਭਰਿਆ ਜਾ ਰਿਹਾ ਹੈ | ਆਗੂਆਂ ਨੇ ਕਿਹਾ ਕਿ ਕੇਂਦਰੀ ਹੁਕਮਰਾਨ ਮੋਦੀ ਸਰਕਾਰ ਨੇ ਈ ਡੀ, ਸੀ.ਬੀ.ਆਈ, ਹੋਰ ਜਾਂਚ ਏਜੰਸੀਆਂ ਅਤੇ ਭਾਰਤੀ ਚੋਣ ਕਮਿਸ਼ਨ ਦੀ ਦੁਰਵਰਤੋਂ ਕਰਕੇ ਜਿਸ ਤਰ੍ਹਾਂ ਦੇਸ਼ ਦੇ ਸੰਵਿਧਾਨ ਨਾਲ ਖਿਲਵਾੜ ਕਰਕੇ ਤਾਨਾਸ਼ਾਹੀ ਰਾਜ ਸਥਾਪਿਤ ਕੀਤਾ ਜਾ ਰਿਹਾ ਹੈ, ਉਹ ਸਾਰੇ ਦੇਸ਼ ਵਾਸੀਆਂ ਲਈ ਬਹੁਤ ਵੱਡੀ ਚੁਣੌਤੀ ਹੈ | ਜ਼ਿਲ੍ਹਾ ਕਾਰਜਕਾਰੀ ਸਕੱਤਰ ਪ੍ਰੇਮ ਚਾਵਲਾ ਨੇ ਕਿਹਾ ਕਿ ਦੇਸ਼ ਦੇ ਕਿਰਤੀ ਵਰਗ ਵਲੋਂ ਆਪਣੇ ਸੰਘਰਸ਼ਾਂ ਰਾਹੀਂ ਕੀਤੀਆਂ ਗਈਆਂ ਪ੍ਰਾਪਤੀਆਂ ਨੂੰ ਕਾਰਪੋਰੇਟ ਸੈਕਟਰ ਦੇ ਦਬਾਅ ਹੇਠ ਖਤਮ ਕੀਤਾ ਜਾ ਰਿਹਾ ਹੈ | ਕਨਵੈਨਸ਼ਨ ਨੂੰ ਪੰਜਾਬ ਖੇਤ ਮਜ਼ਦੂਰ ਸਭਾ ਦੇ ਜ਼ਿਲ੍ਹਾ ਪ੍ਰਧਾਨ ਕਾਮਰੇਡ ਗੁਰਨਾਮ ਸਿੰਘ ਮਾਨੀ ਸਿੰਘ ਵਾਲਾ, ਕੁੱਲ ਹਿੰਦ ਕਿਸਾਨ ਸਭਾ ਦੇ ਜ਼ਿਲ੍ਹਾ ਪ੍ਰਧਾਨ ਸੁਖਜਿੰਦਰ ਸਿੰਘ ਤੂੰਬੜਭੰਨ, ਨਰੇਗਾ ਰੁਜ਼ਗਾਰ ਪ੍ਰਾਪਤ ਮਜ਼ਦੂਰ ਯੂਨੀਅਨ ਦੇ ਕਾਮਰੇਡ ਵੀਰ ਸਿੰਘ ਕੰਮੇਆਣਾ, ਗੋਰਾ ਸਿੰਘ ਪਿਪਲੀ, ਪੈਨਸਨਰ ਆਗੂ ਹਰਪਾਲ ਸਿੰਘ ਮਚਾਕੀ, ਕੁਲਵੰਤ ਸਿੰਘ ਚਾਨੀ, ਗੁਰਚਰਨ ਸਿੰਘ ਮਾਨ ਆਊਟਸੋਰਸ ਮੁਲਾਜ਼ਮ ਆਗੂ ਬਲਕਾਰ ਸਿੰਘ ਸਹੋਤਾ, ਨਰੇਗਾ ਆਗੂ ਲਵਪ੍ਰੀਤ ਕੌਰ ਪਿਪਲੀ ਨੇ ਵੀ ਸੰਬੋਧਨ ਕੀਤਾ | ਕਨਵੈਨਸ਼ਨ ਤੋਂ ਬਾਅਦ ਸਮੂਹ ਆਗੂਆਂ ਦੀ ਅਗਵਾਈ ਵਿਚ ਸ਼ਹਿਰ ਵਿਚ ਪੰਜਾਬ ਤੇ ਕੇਂਦਰ ਸਰਕਾਰ ਖ਼ਿਲਾਫ਼ ਰੋਸ ਮਾਰਚ ਕੱਢਿਆ ਗਿਆ |