ਮਲੋਟ, 11 ਜੂਨ (ਅਜਮੇਰ ਸਿੰਘ ਬਰਾੜ, ਪਾਟਿਲ)-ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਦੀ ਮੀਟਿੰਗ ਗੁਰਦੁਆਰਾ ਸਾਹਿਬ ਮਲੋਟ ਵਿਖੇ ਹੋਈ | ਇਸ ਮੌਕੇ ਸੂਬਾ ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ ਅਤੇ ਸਕੱਤਰ ਸ਼ਿੰਗਾਰਾ ਸਿੰਘ ਮਾਨ ਨੇ ਕਿਹਾ ਕਿ ਅਮਰੀਕਾ ਵਲੋਂ ਦੇਸ਼ 'ਤੇ ਥੋਪੇ ਜਾ ਰਹੇ ਵਪਾਰ ਮੁਕਤ ਸਮਝੌਤੇ ਇਰਾਨ ਤੇ ਅਮਰੀਕਾ ਇਜ਼ਰਾਇਲ ਸਾਮਰਾਜੀ ਹਮਲੇ ਖ਼ਿਲਾਫ਼ ਅਤੇ ਇਸ ਹਮਲੇ ਕਾਰਨ ਲੋਕਾਂ 'ਤੇ ਮਹਿੰਗਾਈ ਦੇ ਰੂਪ 'ਚ ਪੈ ਰਹੇ ਵੱਡੇ ਭਾਰ ਦੇ ਵਿਰੋਧ 'ਚ 4 ਜੁਲਾਈ ਨੂੰ ਚੰਡੀਗੜ੍ਹ ਵਿਖੇ 2 ਕਿਸਾਨ ਜਥੇਬੰਦੀਆਂ ਵਲੋਂ ਵੱਡੀ ਗਿਣਤੀ 'ਚ ਸ਼ਮੂਲੀਅਤ ਕੀਤੀ ਜਾਵੇਗੀ | ਆਗੂਆਂ ਨੇ ਕਿਹਾ ਕਿ ਇਸ ਰੋਸ ਮੁਜ਼ਾਹਰੇ ਦੀ ਸਫ਼ਲਤਾ ਲਈ ਪਿੰਡ-ਪਿੰਡ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ | ਉਨ੍ਹਾਂ ਕਿਹਾ ਕਿ ਲੋਕ ਸੰਘਰਸ਼ਾਂ ਤੋਂ ਬਿਨਾਂ ਲੋਕਾਂ ਕੋਲ ਹੋਰ ਕੋਈ ਚਾਰਾ ਨਹੀਂ ਹੈ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਹਰਬੰਸ ਸਿੰਘ ਕੋਟਲੀ, ਸੀਨੀਅਰ ਮੀਤ ਪ੍ਰਧਾਨ ਗੁਰਪਾਸ ਸਿੰਘ ਸਿੰਘੇਵਾਲਾ, ਜਨਰਲ ਸਕੱਤਰ ਗੁਰਭਗਤ ਸਿੰਘ ਭਲਾਈਆਣਾ, ਮਲੋਟ ਬਲਾਕ ਦੇ ਪ੍ਰਧਾਨ ਸੁਖਦੇਵ ਸਿੰਘ, ਬੋਹੜ ਸਿੰਘ ਮਲੋਟ, ਸ੍ਰੀ ਮੁਕਤਸਰ ਸਾਹਿਬ ਬਲਾਕ ਦੇ ਰਾਜਾ ਸਿੰਘ ਮਹਾਂਬੱਧਰ, ਗੀਤਕਾਰ ਹਰਦੀਪ ਸਿੰਘ ਮਲੋਟ ਤੇ ਹੋਰ ਆਗੂ ਹਾਜ਼ਰ ਸਨ |