ਸ੍ਰੀ ਮੁਕਤਸਰ ਸਾਹਿਬ, 11 ਜੂਨ (ਰਣਜੀਤ ਸਿੰਘ ਢਿੱਲੋਂ)-ਪਾਵਰਕਾਮ ਅਤੇ ਟਰਾਂਸਕੋ ਆਊਟਸੋਰਡ ਮੁਲਾਜ਼ਮ ਤਾਲਮੇਲ ਕਮੇਟੀ (ਪੰਜਾਬ) ਦੇ ਸੱਦੇ 'ਤੇ ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸਡ ਠੇਕਾ ਮੁਲਾਜ਼ਮਾਂ ਨੇ ਵਿਭਾਗ ਵਿਚ ਮਰਜ਼ ਕਰਨ ਦਾ ਨੋਟੀਫ਼ਿਕੇਸ਼ਨ ਜਾਰੀ ਕਰਨ ਦੀ ਮੰਗ ਨੂੰ ਲੈ ਕੇ ਪਰਿਵਾਰਾਂ ਸਮੇਤ ਸ਼ੁਰੂ ਕੀਤਾ ਧਰਨਾ ਅੱਜ ਤੀਜੇ ਦਿਨ ਵੀ ਜਾਰੀ ਰਿਹਾ | ਇਸ ਮੌਕੇ ਤਾਲਮੇਲ ਕਮੇਟੀ ਦੇ ਸਰਕਲ ਪ੍ਰਧਾਨ ਵਰਿੰਦਰ ਸਿੰਘ, ਸਟੋਰ ਤੋਂ ਮੀਤ ਪ੍ਰਧਾਨ ਅਮਰ ਸਿੰਘ ਨੇ ਕਿਹਾ ਕਿ ਸਮੁੱਚੇ ਪਾਵਰ ਕਾਰਪੋਰੇਸ਼ਨ ਸਮੇਤ ਸਰਕਾਰੀ ਥਰਮਲ ਪਲਾਂਟਾਂ, ਹਾਈਡਲ ਪ੍ਰੋਜੈਕਟਾਂ, ਗਰਿੱਡਾਂ, ਦਫ਼ਤਰਾਂ, ਸਟੋਰਾਂ ਤੇ ਸਮੁੱਚੇ ਫ਼ੀਲਡ ਵਿਚ ਹਜ਼ਾਰਾਂ ਆਊਟਸੋਰਸਡ ਠੇਕਾ ਮੁਲਾਜ਼ਮ ਪਿਛਲੇ ਲੰਮੇ ਅਰਸੇ ਤੋਂ ਲਗਾਤਾਰ ਨਿਗੂਣੀਆਂ ਤਨਖ਼ਾਹਾਂ 'ਤੇ ਵੱਖ-ਵੱਖ ਪੋਸਟਾਂ 'ਤੇ ਸੇਵਾਵਾਂ ਦਿੰਦੇ ਆ ਰਹੇ ਹਨ ਅਤੇ ਵਿਭਾਗ ਵਿਚ ਪੱਕਾ ਕਰਨ ਤੇ ਗੁਜ਼ਾਰੇਯੋਗ ਤਨਖ਼ਾਹ ਨਿਸ਼ਚਿਤ ਕਰਨ ਦੀ ਮੰਗ ਨੂੰ ਲੈ ਕੇ ਪਿਛਲੇ ਲੰਮੇ ਸਮੇਂ ਤੋਂ ਲਗਾਤਾਰ ਸੰਘਰਸ਼ ਕਰਦੇ ਆ ਰਹੇ ਹਨ, ਪਰ ਪੰਜਾਬ ਸਰਕਾਰ ਤੇ ਵਿਭਾਗ ਦੀ ਮੈਨੇਜਮੈਂਟ ਵਿਭਾਗ ਦੇ ਆਊਟਸੋਰਸਡ ਮੁਲਾਜ਼ਮਾਂ ਨੂੰ ਵਿਭਾਗ ਵਿਚ ਪੱਕਾ ਕਰਨ ਅਤੇ ਗੁਜ਼ਾਰੇਯੋਗ ਤਨਖ਼ਾਹ ਨਿਸ਼ਚਿਤ ਕਰਨ ਤੋਂ ਲਗਾਤਾਰ ਟਾਲਾ ਵੱਟ ਰਹੀ ਹੈ |