ਭਾਕਿਯੂ ਏਕਤਾ (ਉਗਰਾਹਾਂ) ਵਲੋਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦੇ ਘਰ ਅੱਗੇ ਪ੍ਰਦਰਸ਼ਨ
ਮਲੋਟ, 12 ਸਤੰਬਰ (ਪਾਟਿਲ)-ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਭਗਵੰਤ ਮਾਨ ਸਰਕਾਰ ਦੁਆਰਾ ਕਿਸਾਨ-ਮਜ਼ਦੂਰ ਮੰਗਾਂ ਸੰਬੰਧੀ ਧਾਰੀ ਗਈ ਕਥਿਤ ਚੁੱਪ ਦੇ ਖ਼ਿਲਾਫ਼ ਅੱਜ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦੇ ਘਰ ਦਾ ਘਿਰਾਓ ਕੀਤਾ ਗਿਆ।
ਮਲੋਟ, 12 ਸਤੰਬਰ (ਪਾਟਿਲ)-ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਭਗਵੰਤ ਮਾਨ ਸਰਕਾਰ ਦੁਆਰਾ ਕਿਸਾਨ-ਮਜ਼ਦੂਰ ਮੰਗਾਂ ਸੰਬੰਧੀ ਧਾਰੀ ਗਈ ਕਥਿਤ ਚੁੱਪ ਦੇ ਖ਼ਿਲਾਫ਼ ਅੱਜ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦੇ ਘਰ ਦਾ ਘਿਰਾਓ ਕੀਤਾ ਗਿਆ। ਇਸ ਮੌਕੇ ਕਿਸਾਨਾਂ ਤੇ ਮਜ਼ਦੂਰਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਹਰਬੰਸ ਸਿੰਘ ਕੋਟਲੀ, ਜ਼ਿਲ੍ਹਾ ਜਨਰਲ ਸਕੱਤਰ ਗੁਰਭਗਤ ਸਿੰਘ ਭਲਾਈਆਣਾ, ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਜ਼ਿਲ੍ਹਾ ਖ਼ਜ਼ਾਨਚੀ ਬਾਜ ਸਿੰਘ ਭੁੱਟੀਵਾਲਾ, ਰਾਜਾ ਸਿੰਘ ਖੂੰਨਣ ਖੁਰਦ ਅਤੇ ਜ਼ਿਲ੍ਹਾ ਫ਼ਾਜ਼ਿਲਕਾ ਦੇ ਜਨਰਲ ਸਕੱਤਰ ਜਗਸੀਰ ਸਿੰਘ ਨੇ ਕਿਹਾ ਕਿ ਸਰਕਾਰ ਕਿਸਾਨ-ਮਜ਼ਦੂਰ ਵਿਰੋਧੀ ਨੀਤੀਆਂ ਲਾਗੂ ਕਰ ਰਹੀ ਹੈ। ਆਗੂਆਂ ਨੇ ਮੰਗ ਕੀਤੀ ਕਿ ਲੈਂਡ ਪੂਲਿੰਗ ਨੀਤੀ ਰੱਦ ਕਰਕੇ ਡਰੋਨਾਂ ਰਾਹੀਂ ਕੀਤੇ ਜਾ ਰਹੇ ਸਰਵੇ ਬੰਦ ਕੀਤੇ ਜਾਣ, ਆਬਾਦਕਾਰਾਂ ਨੂੰ ਜ਼ਮੀਨਾਂ ਦੇ ਮਾਲਕੀ ਹੱਕ ਦਿੱਤੇ ਜਾਣ, ਕਿਸਾਨਾਂ-ਮਜ਼ਦੂਰਾਂ ਦਾ ਸਮੁੱਚਾ ਕਰਜ਼ਾ ਮੁਆਫ਼ ਕੀਤਾ ਜਾਵੇ ਅਤੇ ਸੂਦਖੋਰੀ ਨੂੰ ਨੱਥ ਪਾਉਣ ਲਈ ਕਰਜ਼ਾ ਕਾਨੂੰਨ ਬਣਾਇਆ ਜਾਵੇ। ਉਨ੍ਹਾਂ ਖੇਤੀ ਵਿਭਿੰਨਤਾ ਰਾਹੀਂ ਪਾਣੀ ਤੇ ਵਾਤਾਵਰਨ ਬਚਾਉਣ ਵਾਲੀ ਨੀਤੀ ਲਾਗੂ ਕਰਨ, ਅੰਦੋਲਨਾਂ ਦੌਰਾਨ ਦਰਜ ਕੇਸ ਰੱਦ ਕਰਨ ਅਤੇ ਹੜ੍ਹਾਂ ਤੇ ਕੁਦਰਤੀ ਆਫ਼ਤਾਂ ਦੇ ਪੀੜਤਾਂ ਨੂੰ ਮੁਆਵਜ਼ਾ ਦੇਣ ਦੀ ਵੀ ਮੰਗ ਕੀਤੀ। ਇਕੱਠ ਦੌਰਾਨ ਦਰਿਆਈ ਪਾਣੀਆਂ ਦੀ ਵੰਡ ਸੰਬੰਧੀ ਮਤਾ ਪਾਸ ਕਰਕੇ ਹਰੇਕ ਰਾਜ ਨੂੰ ਉਸ ਦਾ ਬਣਦਾ ਪਾਣੀ ਦੇਣ ਅਤੇ ਰਿਪੇਰੀਅਨ ਤੇ ਬੇਸਿਨ ਸਿਧਾਂਤ ਅਨੁਸਾਰ ਮਸਲੇ ਦਾ ਨਿਰਪੱਖ ਹੱਲ ਕਰਨ ਦੀ ਮੰਗ ਕੀਤੀ ਗਈ। ਘਿਰਾਓ ਦੌਰਾਨ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦਾ ਪੀ.ਏ. ਮੰਗ ਪੱਤਰ ਲੈ ਕੇ ਗਿਆ। ਆਗੂਆਂ ਨੇ ਐਲਾਨ ਕੀਤਾ ਕਿ ਮੰਗਾਂ ਦੀ ਪੂਰਤੀ ਤੱਕ ਸੰਘਰਸ਼ ਜਾਰੀ ਰਹੇਗਾ ਅਤੇ 13 ਸਤੰਬਰ ਨੂੰ ਭਾਜਪਾ ਆਗੂਆਂ ਦੇ ਘਰਾਂ ਦੇ ਘਿਰਾਓ ਵੀ ਕੀਤੇ ਜਾਣਗੇ।