ਕਾਰਜਕਾਰੀ ਜਥੇਦਾਰ ਗੜਗੱਜ, ਸਿੰਘ ਸਾਹਿਬਾਨ ਤੇ ਜਥੇ. ਕਾਉਂਕੇ ਦੇ ਪਰਿਵਾਰਕ ਮੈਂਬਰਾਂ ਨੇ ਕੀਤੀ ਸ਼ਿਰਕਤ
ਅੰਮਿ੍ਤਸਰ, 1 ਜਨਵਰੀ (ਜਸਵੰਤ ਸਿੰਘ ਜੱਸ)-ਅਕਾਲ ਤਖ਼ਤ ਸਾਹਿਬ ਦੇ ਤਤਕਾਲੀ ਜਥੇਦਾਰ ਸ਼ਹੀਦ ਭਾਈ ਗੁਰਦੇਵ ਸਿੰਘ ਕਾਉਂਕੇ ਦੀ ਬਰਸੀ ਮੌਕੇ ਅੱਜ ਅਕਾਲ ਤਖ਼ਤ ਸਾਹਿਬ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ, ਜਿਸ ਵਿਚ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਸਮੇਤ ਹੋਰ ਪ੍ਰਮੁੱਖ ਸਿੱਖ ਸ਼ਖ਼ਸੀਅਤਾਂ ਤੋਂ ਇਲਾਵਾ ਜਥੇ. ਕਾਉਂਕੇ ਦੇ ਪਰਿਵਾਰਕ ਮੈਂਬਰਾਂ ਨੇ ਸ਼ਿਰਕਤ ਕੀਤੀ | ਅਖੰਡ ਪਾਠ ਦੇ ਭੋਗ ਉਪਰੰਤ ਹਜ਼ੂਰੀ ਰਾਗੀ ਭਾਈ ਰਾਜੇਸ਼ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਗਾਇਣ ਕੀਤਾ ਅਤੇ ਅਰਦਾਸ ਉਪਰੰਤ ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਬਲਵਿੰਦਰ ਸਿੰਘ ਨੇ ਸਰਵਨ ਕਰਵਾਇਆ | ਕਾਰਜਕਾਰੀ ਜਥੇਦਾਰ ਗਿਆਨੀ ਗੜਗੱਜ ਨੇ ਭਾਈ ਕਾਉਂਕੇ ਵਲੋਂ ਨਿਭਾਈਆਂ ਪੰਥਕ ਸੇਵਾਵਾਂ ਨੂੰ ਯਾਦ ਕਰਦਿਆਂ ਕਿਹਾ ਕਿ ਉਹ ਪੰਥਪ੍ਰਸਤ ਅਤੇ ਸਿੱਖੀ ਨੂੰ ਸਮਰਪਿਤ ਗੁਰਸਿੱਖ ਸਨ, ਜਿਨ੍ਹਾਂ ਦੀ ਕੁਰਬਾਨੀ ਨੂੰ ਕੌਮ ਹਮੇਸ਼ਾਂ ਸਤਿਕਾਰ ਦਿੰਦੀ ਰਹੇਗੀ | ਉਨ੍ਹਾਂ ਕਿਹਾ ਕਿ ਜਥੇਦਾਰ ਕਾਉਂਕੇ ਨੂੰ ਸ਼ਹੀਦ ਕਰਨ ਵਾਲਿਆਂ ਨੂੰ ਅਜੇ ਤੱਕ ਸਜ਼ਾਵਾਂ ਨਹੀਂ ਮਿਲੀਆਂ, ਜੋ ਬੇਇਨਸਾਫੀ ਤੇ ਕੌਮ ਦੀਆਂ ਭਾਵਨਾਵਾਂ ਨਾਲ ਖਿਲਵਾੜ ਹੈ | ਇਸ ਮੌਕੇ ਜਥੇਦਾਰ ਗੜਗੱਜ ਅਤੇ ਸ਼ੋ੍ਰਮਣੀ ਕਮੇਟੀ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ ਵਲੋਂ ਜਥੇਦਾਰ ਕਾਉਂਕੇ ਦੇ ਪੋਤਰੇ ਕਾਕਾ ਅਵਜੋਤ ਸਿੰਘ ਤੇ ਹੋਰ ਪਰਿਵਾਰਕ ਮੈਂਬਰਾਂ ਨੂੰ ਸਿਰਪਾਓ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਅਕਾਲ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਗੁਰਮੁਖ ਸਿੰਘ, ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਬਿਜੈ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੁੱਖ ਮੈਨੇਜਰ ਭਗਵੰਤ ਸਿੰਘ ਧੰਗੇੜਾ, ਮੈਨੇਜਰ ਨਰਿੰਦਰ ਸਿੰਘ, ਜਸਪਾਲ ਸਿੰਘ ਢੱਡੇ, ਸੁਪਰਡੈਂਟ ਨਿਸ਼ਾਨ ਸਿੰਘ ਤੇ ਮਲਕੀਤ ਸਿੰਘ ਬਹਿੜਵਾਲ, ਇੰਚਾਰਜ ਬਗੀਚਾ ਸਿੰਘ, ਵਧੀਕ ਮੈਨੇਜਰ ਬਿਕਰਮਜੀਤ ਸਿੰਘ ਝੰਗੀ ਤੇ ਪਿੰਡ ਕਾਉਂਕੇ ਦੇ ਸਾਬਕਾ ਸਰਪੰਚ ਮਨਜਿੰਦਰ ਸਿੰਘ ਸਮੇਤ ਹੋਰ ਸੰਗਤਾਂ ਹਾਜ਼ਰ ਸਨ |
ਜਥੇਦਾਰ ਕਾਉਂਕੇ ਦੀ ਬਰਸੀ ਮੌਕੇ ਅਕਾਲ ਤਖ਼ਤ ਸਾਹਿਬ ਵਿਖੇ ਅਖੰਡ ਪਾਠ ਦੇ ਭੋਗ ਪਾਏ <br/>
ਅਜੀਤ ਡੈਸਕ
02-01-2026