ਜਲੰਧਰ, 2 ਜਨਵਰੀ (ਅਜੀਤ ਬਿਊਰੋ)-ਇਥੇ 'ਅਜੀਤ' ਭਵਨ ਪੁੱਜੇ ਕਾਂਗਰਸ ਦੇ ਸਾਬਕਾ ਮੰਤਰੀ ਮਲਕੀਤ ਸਿੰਘ ਦਾਖਾ ਅਤੇ ਹਾਊਸਫੈੱਡ ਪੰਜਾਬ ਦੇ ਸਾਬਕਾ ਚੇਅਰਮੈਨ ਤੇ ਸੀਨੀਅਰ ਕਾਂਗਰਸੀ ਆਗੂ ਕ੍ਰਿਸ਼ਨ ਕੁਮਾਰ ਬਾਵਾ ਨੇ ਸਾਂਝੇ ਤੌਰ 'ਤੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਵਲੋਂ ਨਵੀਂ ਲਿਆਂਦੀ 'ਜੀ ਰਾਮ ਜੀ' ਮਨਰੇਗਾ ਯੋਜਨਾ ਖ਼ਿਲਾਫ਼ ਮਨਰੇਗਾ ਮਜ਼ਦੂਰਾਂ ਨੂੰ ਲਾਮਬੰਦ ਕੀਤਾ ਜਾਵੇਗਾ ਅਤੇ ਭਾਜਪਾ ਸਰਕਾਰ ਖ਼ਿਲਾਫ਼ ਵੱਡੇ ਪੱਧਰ 'ਤੇ ਸੰਘਰਸ਼ ਕੀਤਾ ਜਾਵੇਗਾ | ਉਨ੍ਹਾਂ ਭਾਜਪਾ ਸਰਕਾਰ ਨੂੰ ਆੜੇ ਹੱਥੀਂ ਲੈਂਦੇ ਹੋਏ ਕਿਹਾ ਕਿ ਇਹ ਸਿਰਫ਼ ਨਾਂਅ ਬਦਲਣ ਦੀ ਗੱਲ ਨਹੀਂ, ਸਗੋਂ ਮਨਰੇਗਾ ਵਰਗੀ ਇਤਿਹਾਸਕ ਯੋਜਨਾ ਨੂੰ ਲੁਕਵੇਂ ਢੰਗ ਨਾਲ ਬੰਦ ਕਰਨ ਦੀ ਇਕ ਡੂੰਘੀ ਸਾਜ਼ਿਸ਼ ਹੈ ਤੇ ਇਹ ਦੇਸ਼ ਦੇ ਕਰੋੜਾਂ ਗਰੀਬ ਪੇਂਡੂ ਪਰਿਵਾਰਾਂ ਦੀ ਰੋਜ਼ੀ-ਰੋਟੀ 'ਤੇ ਸਿੱਧਾ ਹਮਲਾ ਹੈ | ਇਸ ਤੋਂ ਇਲਾਵਾ ਉਨ੍ਹਾਂ ਨੇ ਸੂਬੇ ਦੀ 'ਆਪ' ਸਰਕਾਰ 'ਤੇ ਵੀ ਨਿਸ਼ਾਨਾ ਸਾਧਦਿਆਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿਚ ਕਾਨੂੰਨ ਦੀ ਸਥਿਤੀ ਨੂੰ ਸੰਭਾਲਣ ਵਿਚ ਨਾਕਾਮ ਰਹੀ ਹੈ | ਉਨ੍ਹਾਂ ਕਿਹਾ ਕਿ ਨਿੱਤ ਹੋ ਰਹੇ ਕਤਲ, ਲੁੱਟਾਂ ਖੋਹਾਂ ਅਤੇ ਗੈਗਸਟਰਵਾਦ ਕਾਰਨ ਸੂਬੇ ਦੇ ਲੋਕ ਡਰ ਦੇ ਮਾਹੌਲ ਵਿਚ ਜੀਅ ਰਹੇ ਹਨ |