ਮੂਨਕ, 2 ਜਨਵਰੀ (ਪ੍ਰਵੀਨ ਮਦਾਨ, ਵਰਿੰਦਰ ਭਾਰਦਵਾਜ)-ਪੰਜਾਬ ਦੇ ਜਲ ਸਰੋਤ ਤੇ ਖਣਿਜ ਵਿਭਾਗ ਦੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਪਿੰਡ ਕੜੈਲ ਵਿਖੇ ਘੱਗਰ ਦਰਿਆ 'ਤੇ ਪੈਂਦੀ ਬੁਰਜੀ 3900 ਆਰ.ਡੀ. 'ਤੇ ਇਨਲੈਟ ਗੇਟ ਦਾ ਨੀਂਹ ਪੱਥਰ ਰੱਖਿਆ | ਪੰਜਾਬ ਸਰਕਾਰ ਨੇ ਇਲਾਕੇ ਦੇ ਕਿਸਾਨਾਂ ਲਈ ਲੰਬੇ ਸਮੇਂ ਤੋਂ ਚੱਲ ਰਹੀ ਪਾਣੀ ਨਿਕਾਸੀ ਦੀ ਸਮੱਸਿਆ ਨੂੰ ਹੱਲ ਕਰਨ ਵੱਲ ਵੱਡਾ ਕਦਮ ਚੁੱਕਿਆ ਹੈ | ਇਹ ਪ੍ਰੋਜੈਕਟ ਨਾ ਸਿਰਫ਼ ਫ਼ਸਲਾਂ ਨੂੰ ਬਚਾਏਗਾ ਸਗੋਂ ਕਿਸਾਨਾਂ ਦੇ ਵਿੱਤੀ ਬੋਝ ਨੂੰ ਵੀ ਘੱਟ ਕਰੇਗਾ | ਨੀਂਹ ਪੱਥਰ ਰੱਖਣ ਉਪਰੰਤ ਆਪਣੇ ਸੰਬੋਧਨ ਵਿਚ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਮੀਂਹ ਦੇ ਦਿਨਾਂ ਵਿਚ ਇਲਾਕੇ ਦੇ ਕਈ ਪਿੰਡਾਂ ਵਿਚ 1000 ਏਕੜ ਤੋਂ ਵੱਧ ਰਕਬੇ ਵਾਲੇ ਖੇਤਾਂ ਵਿਚ ਪਾਣੀ ਖੜ੍ਹ ਜਾਂਦਾ ਹੈ, ਜਿਸ ਕਾਰਨ ਫ਼ਸਲਾਂ ਪੂਰੀ ਤਰ੍ਹਾਂ ਖ਼ਰਾਬ ਹੋ ਜਾਂਦੀਆਂ ਹਨ ਅਤੇ ਕਿਸਾਨਾਂ ਨੂੰ ਲੱਖਾਂ ਰੁਪਏ ਦਾ ਵਿੱਤੀ ਨੁਕਸਾਨ ਝੱਲਣਾ ਪੈਂਦਾ ਹੈ | ਨਵੇਂ ਬਣਨ ਵਾਲੇ ਇਨਲੈਟ ਗੇਟ ਰਾਹੀਂ ਹੁਣ ਮੀਂਹ ਦਾ ਪਾਣੀ ਸਿੱਧਾ ਘੱਗਰ ਦਰਿਆ ਵਿਚ ਛੱਡਿਆ ਜਾ ਸਕੇਗਾ | ਉਨ੍ਹਾਂ ਕਿਹਾ ਕਿ ਇਹ ਪ੍ਰੋਜੈਕਟ 32 ਲੱਖ 80 ਹਜ਼ਾਰ ਰੁਪਏ ਦੀ ਲਾਗਤ ਨਾਲ ਡੇਢ ਮਹੀਨੇ ਵਿਚ ਪੂਰਾ ਕਰ ਲਿਆ ਜਾਵੇਗਾ | ਉਨ੍ਹਾਂ ਕੇਂਦਰ ਸਰਕਾਰ 'ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਪੰਜਾਬ ਤੇ ਹਰਿਆਣਾ ਵਿਚਕਾਰ ਘੱਗਰ ਮਸਲੇ ਨੂੰ ਹੱਲ ਕਰਨ ਲਈ ਕੇਂਦਰ ਸਰਕਾਰ ਨੇ ਆਪਣੀ ਜ਼ਿੰਮੇਵਾਰੀ ਤੋਂ ਹੱਥ ਖਿੱਚ ਲਏ ਹਨ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇਸ ਮਸਲੇ ਨੂੰ ਹਰ ਪੱਧਰ 'ਤੇ ਉਠਾਏਗੀ ਅਤੇ ਕਿਸੇ ਵੀ ਕੀਮਤ 'ਤੇ ਪੰਜਾਬ ਦੇ ਹੱਕਾਂ ਦੀ ਰਾਖੀ ਕਰੇਗੀ |