ਚੰਡੀਗੜ੍ਹ, 2 ਜਨਵਰੀ (ਅਜੀਤ ਬਿਊਰੋ)-ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਰਾਜ ਵਿਚ ਅਨੁਸੂਚਿਤ ਜਾਤੀਆਂ ਦੀ ਸਮਾਜਿਕ-ਆਰਥਿਕ ਭਲਾਈ ਲਈ ਲਾਗੂ ਕੀਤੇ ਜਾ ਰਹੇ ਅਨੁਸੂਚਿਤ ਜਾਤੀਆਂ ਸਬ-ਪਲਾਨ (ਐੱਸ. ਸੀ. ਐੱਸ. ਪੀ.) ਦੀ ਪ੍ਰਗਤੀ ਦੀ ਸਮੀਖਿਆ ਲਈ ਇਕ ਅਹਿਮ ਬੈਠਕ ਕੀਤੀ | ਇਸ ਬੈਠਕ ਦੌਰਾਨ ਐਸ.ਸੀ. ਸਬ-ਪਲਾਨ ਅਧੀਨ ਸਕੀਮਾਂ ਲਾਗੂ ਕਰ ਰਹੇ ਲਗਭਗ 25 ਵਿਭਾਗਾਂ ਦੇ ਉੱਚ ਅਧਿਕਾਰੀਆਂ ਨਾਲ ਵਿਸਥਾਰ ਨਾਲ ਚਰਚਾ ਕੀਤੀ ਗਈ | ਮੀਟਿੰਗ ਵਿਚ ਡਾ. ਬਲਜੀਤ ਕੌਰ ਨੇ ਵਿੱਤੀ ਸਾਲ 2025-26 ਦੌਰਾਨ ਵੱਖ-ਵੱਖ ਵਿਭਾਗਾਂ ਵਲੋਂ ਐੱਸ. ਸੀ. ਸਬ-ਪਲਾਨ ਤਹਿਤ ਕੀਤੇ ਜਾ ਰਹੇ ਕਾਰਜਾਂ ਦਾ ਜਾਇਜ਼ਾ ਲਿਆ | ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਜਿਨ੍ਹਾਂ ਯੋਜਨਾਵਾਂ ਲਈ ਰੱਖੀ ਗਈ ਰਾਸ਼ੀ ਹਾਲੇ ਤੱਕ ਖਰਚ ਨਹੀਂ ਹੋਈ, ਉਸ ਦੀ ਵਰਤੋਂ ਵਿਚ ਤੇਜ਼ੀ ਲਿਆਂਦੀ ਜਾਵੇ ਅਤੇ ਰਾਸ਼ੀ ਤੁਰੰਤ ਜਾਰੀ ਕਰਵਾ ਕੇ ਸਰਕਾਰੀ ਭਲਾਈ ਸਕੀਮਾਂ ਦਾ ਲਾਭ ਜ਼ਮੀਨੀ ਪੱਧਰ 'ਤੇ ਲੋਕਾਂ ਤੱਕ ਪਹੁੰਚਾਇਆ ਜਾਵੇ | ਮੰਤਰੀ ਨੇ ਸਪੱਸ਼ਟ ਕੀਤਾ ਕਿ ਐੱਸ. ਸੀ. ਸਬ-ਪਲਾਨ ਤਹਿਤ ਰੱਖੀ ਗਈ ਰਾਸ਼ੀ ਦੀ ਵਰਤੋਂ ਸਿਰਫ਼ ਅਨੁਸੂਚਿਤ ਜਾਤੀ ਭਾਈਚਾਰੇ ਦੀ ਭਲਾਈ ਲਈ ਹੀ ਕੀਤੀ ਜਾਵੇ ਅਤੇ ਇਸ ਵਿਚ ਕਿਸੇ ਕਿਸਮ ਦੀ ਲਾਪਰਵਾਹੀ ਜਾਂ ਗਲਤ ਵਰਤੋਂ ਬਰਦਾਸ਼ਤ ਨਹੀਂ ਕੀਤੀ ਜਾਵੇਗੀ | ਇਸ ਬੈਠਕ ਵਿਚ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਵਧੀਕ ਮੁੱਖ ਸਕੱਤਰ ਵਿਕਾਸ ਪ੍ਰਤਾਪ, ਐੱਸ. ਸੀ. ਸਬ-ਪਲਾਨ ਲਈ ਨੋਡਲ ਵਿਭਾਗ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਦੇ ਪ੍ਰਮੁੱਖ ਸਕੱਤਰ ਵੀ.ਕੇ. ਮੀਨਾ, ਡਾਇਰੈਕਟਰ-ਕਮ-ਵਧੀਕ ਸਕੱਤਰ ਵਿੰਮੀ ਭੁੱਲਰ, ਖੋਜ ਅਫ਼ਸਰ ਡਾ. ਲਿਵਪ੍ਰੀਤ ਕੌਰ ਤੇ ਕਮਲਜੀਤ ਸਿੰਘ ਵੀ ਹਾਜ਼ਰ ਰਹੇ |