ਨਵੀਂ ਦਿੱਲੀ, 2 ਜਨਵਰੀ (ਪੀ. ਟੀ. ਆਈ.)-ਭਾਰਤ ਸਰਕਾਰ ਨੇ ਅਮਰੀਕੀ ਉਦਯੋਗਪਤੀ ਐਲੋਨ ਮਸਕ ਦੀ ਮਲਕੀਅਤ ਵਾਲੇ ਸੋਸ਼ਲ ਮੀਡੀਆ ਪਲੇਟਫਾਰਮ 'ਐਕਸ' ਨੂੰ ਸਖ਼ਤ ਨੋਟਿਸ ਜਾਰੀ ਕੀਤਾ ਹੈ | ਸਰਕਾਰ ਨੇ 'ਐਕਸ' ਸਾਰੀ ਅਸ਼ਲੀਲ ਤੇ ਗੈਰ-ਕਾਨੂੰਨੀ ਸਮੱਗਰੀ ਨੂੰ ਤੁਰੰਤ ਹਟਾਉਣ ਦਾ ਹੁਕਮ ਦਿੱਤਾ ਹੈ | ਇਹ ਕਾਰਵਾਈ ਖਾਸ ਤÏਰ 'ਤੇ 'ਐਕਸ' ਦੇ ਏ.ਆਈ. ਐਪ, 'ਗ੍ਰੋਕ' ਵਲੋਂ ਬਣਾਈ ਗਈ ਇਤਰਾਜ਼ਯੋਗ ਸਮੱਗਰੀ 'ਤੇ ਨਿਰਦੇਸ਼ਿਤ ਹੈ | ਸਰਕਾਰ ਨੇ ਚੇਤਾਵਨੀ ਦਿੱਤੀ ਹੈ ਕਿ ਜੇਕਰ 'ਐਕਸ' ਇਨ੍ਹਾਂ ਹਦਾਇਤਾਂ ਦੀ ਪਾਲਣਾ ਨਹੀਂ ਕਰਦਾ ਹੈ, ਤਾਂ ਇਸਦੇ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ | ਇਲੈਕਟ੍ਰਾਨਿਕਸ ਤੇ ਸੂਚਨਾ ਤਕਨਾਲੋਜੀ ਮੰਤਰਾਲੇ ਨੇ ਇਹ ਨੋਟਿਸ ਭਾਰਤ 'ਚ 'ਐਕਸ' ਦੇ ਮੁੱਖ ਕਾਰਜਕਾਰੀ ਅਧਿਕਾਰੀ ਨੂੰ ਭੇਜਿਆ ਹੈ | ਨੋਟਿਸ 'ਚ ਕਿਹਾ ਗਿਆ ਹੈ ਕਿ 'ਐਕਸ' ਸੂਚਨਾ ਤਕਨਾਲੋਜੀ ਐਕਟ, 2000 ਤੇ ਸੂਚਨਾ ਤਕਨਾਲੋਜੀ (ਇੰਟਰਮੀਡੀਅਰੀ ਦਿਸ਼ਾ-ਨਿਰਦੇਸ਼ ਅਤੇ ਡਿਜੀਟਲ ਮੀਡੀਆ ਨੈਤਿਕਤਾ ਕੋਡ) ਨਿਯਮਾਂ, 2021 ਦੇ ਤਹਿਤ ਆਪਣੀਆਂ ਕਾਨੂੰਨੀ ਜ਼ਿੰਮੇਵਾਰੀਆਂ ਦੀ ਪਾਲਣਾ ਨਹੀਂ ਕਰ ਰਿਹਾ ਹੈ |