ਅੰਮਿ੍ਤਸਰ, 4 ਜਨਵਰੀ (ਜਸਵੰਤ ਸਿੰਘ ਜੱਸ)-ਅਕਾਲ ਤਖ਼ਤ ਸਾਹਿਬ ਸਕੱਤਰੇਤ ਨੇ ਸਪੱਸ਼ਟ ਕੀਤਾ ਕੀਤਾ ਹੈ ਕਿ 5 ਜਨਵਰੀ ਨੂੰ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਨਹੀਂ ਹੋਵੇਗੀ | ਸਕੱਤਰੇਤ ਵਲੋਂ ਜਾਰੀ ਸੂਚਨਾ ਵਿਚ ਕਿਹਾ ਗਿਆ ਕਿ ਭਲਕੇ ਕੁਝ ਅਹਿਮ ਪੰਥਕ ਮਸਲਿਆਂ ਸੰਬੰਧੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਇਕੱਲੇ ਹੀ ਪੰਥਕ ਮਸਲਿਆਂ ਨੂੰ ਲੈ ਕੇ ਸੱਦੀਆਂ ਗਈਆਂ ਸੰਬੰਧਿਤ ਧਿਰਾਂ ਦਾ ਪੱਖ ਸੁਨਣਗੇ | ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਹੋਈ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਦੌਰਾਨ ਪੰਜਾਬ ਦੇ ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਭਾਈ ਜੀਵਨ ਸਿੰਘ (ਭਾਈ ਜੈਤਾ ਜੀ) ਦੀ ਯਾਦਗਾਰ ਵਿਚ ਤਿਆਰ ਕੀਤੀਆਂ ਗਈਆਂ ਤਸਵੀਰਾਂ ਵਿਚ ਸਿੱਖ ਸਿਧਾਂਤਾਂ, ਮਰਯਾਦਾ ਅਤੇ ਭਾਵਨਾਵਾਂ ਦੇ ਵਿਰੁੱਧ ਪੇਸ਼ਕਾਰੀ ਸੰਬੰਧੀ ਸਪੱਸ਼ਟੀਕਰਨ ਦੇਣ ਲਈ 5 ਜਨਵਰੀ ਨੂੰ ਸਵੇਰੇ 10 ਵਜੇ ਲਿਖਤੀ ਸਪੱਸ਼ਟੀਕਰਨ ਪੇਸ਼ ਕਰਨ ਦਾ ਆਦੇਸ਼ ਕੀਤਾ ਗਿਆ ਸੀ | ਇਸ ਤੋਂ ਇਲਾਵਾ ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਤੇ ਆਨਰੇਰੀ ਸਕੱਤਰ ਨੂੰ ਵੀ ਅਕਾਲ ਤਖ਼ਤ ਸਾਹਿਬ ਤੋਂ ਬੀਤੇ ਸਮੇਂ ਦੌਰਾਨ ਹੋਏ ਆਦੇਸ਼ ਦੀ ਰੋਸ਼ਨੀ ਵਿਚ ਦੀਵਾਨ ਦੇ ਅੰਮਿ੍ਤਧਾਰੀ ਤੇ ਗ਼ੈਰ-ਅੰਮਿ੍ਤਧਾਰੀ ਮੈਂਬਰਾਂ ਦੀ ਸੂਚੀ ਲੈ ਕੇ 5 ਜਨਵਰੀ ਨੂੰ ਸਵੇਰੇ 10.30 ਵਜੇ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪਿਛਲੇ ਦਿਨੀਂ 25 ਅਕਤੂਬਰ ਨੂੰ ਰੋਕ ਲਗਾਏ ਜਾਣ ਦੇ ਬਾਵਜੂਦ ਕੀਤੇ ਗਏ ਇਜਲਾਸ ਨੂੰ ਲੈ ਕੇ ਪ੍ਰਧਾਨ, ਜਨਰਲ ਸਕੱਤਰ, ਸੀਨੀਅਰ ਮੀਤ ਪ੍ਰਧਾਨ, ਮੀਤ ਪ੍ਰਧਾਨ ਅਤੇ ਸਕੱਤਰ ਨੂੰ ਵੀ ਕੱਲ੍ਹ ਸਵੇਰੇ 11 ਵਜੇ ਆਪਣਾ ਪੱਖ ਰੱਖਣ ਲਈ ਸੱਦਿਆ ਗਿਆ ਹੈ |