ਜਗਰਾਉਂ, 4 ਜਨਵਰੀ (ਸ਼ਮਸ਼ੇਰ ਸਿੰਘ ਗਾਲਿਬ)-ਪੰਜਾਬ ਦੀ ਸ਼ੈੱਲਰ ਇੰਡਸਟਰੀ ਪੰਜਾਬ ਸਰਕਾਰ ਤੇ ਅਫ਼ਸਰਸ਼ਾਹੀ ਦੀਆਂ ਲਾਰੇ ਲੱਪੇ ਦੀਆਂ ਨੀਤੀਆਂ ਕਾਰਨ ਇਸ ਸਮੇਂ ਬੜੇ ਔਖੇ ਦੌਰ ਵਿਚੋਂ ਲੰਘ ਰਹੀ ਹੈ ਅਤੇ ਜੇਕਰ ਸਮਾਂ ਰਹਿੰਦੇ ਸ਼ੈੱਲਰ ਇੰਡਸਟਰੀ ਦੀਆਂ ਮੁਸ਼ਕਿਲਾਂ ਹੱਲ ਨਾ ਕੀਤੀਆਂ ਗਈਆਂ ਤਾਂ ਆਉਣ ਵਾਲੇ ਦਿਨਾਂ ਵਿਚ ਪੰਜਾਬ ਦੇ ਸਾਰੇ ਸ਼ੈੱਲਰ ਮਾਲਕ ਸੜਕਾਂ 'ਤੇ ਉੱਤਰ ਕੇ ਸਰਕਾਰ ਖ਼ਿਲਾਫ਼ ਸੰਘਰਸ਼ ਕਰਨ ਨੂੰ ਮਜ਼ਬੂਰ ਹੋ ਜਾਣਗੇ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਸ਼ੈੱਲਰ ਇੰਡਸਟਰੀ ਦੇ ਪ੍ਰਧਾਨ ਤਰਸੇਮ ਸੈਣੀ ਨੇ ਜਗਰਾਉਂ ਵਿਖੇ ਪੱਤਰਕਾਰਾਂ ਦੇ ਰੂਬਰੂ ਹੁੰਦਿਆ ਕੀਤਾ | ਉਨ੍ਹਾਂ ਕਿਹਾ ਕਿ ਉਹ ਪਹਿਲਾਂ ਵੀ ਸਰਕਾਰ ਦੇ ਨੁਮਾਇੰਦਿਆਂ ਤੇ ਅਫ਼ਸਰਾਂ ਨਾਲ ਕਈ ਵਾਰ ਮੀਟਿੰਗਾਂ ਕਰ ਚੁੱਕੇ ਹਨ, ਪ੍ਰੰਤੂ ਉਨ੍ਹਾਂ ਨੂੰ ਸਿਵਾਏ ਲਾਰਿਆਂ ਤੋਂ ਕੁਝ ਨਹੀਂ ਮਿਲਿਆ | ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਸਰਕਾਰ ਨੇ ਅਜੇ ਵੀ ਇਸ ਸਮੱਸਿਆ ਨੂੰ ਹੱਲ ਨਾ ਕੀਤਾ ਤਾਂ ਸ਼ੈੱਲਰ ਮਾਲਕਾਂ ਨੇ ਜੋ ਆਪਣਾ ਕੰਮ ਕੇਂਦਰ ਸਰਕਾਰ ਦੀਆਂ ਹਦਾਇਤਾਂ ਅਨੁਸਾਰ 31 ਮਾਰਚ ਤੱਕ ਪੂਰਾ ਕਰਨਾ ਹੁੰਦਾ ਹੈ, ਉਹ ਪੂਰਾ ਨਹੀਂ ਕਰ ਪਾਉਣਗੇ | ਉਨ੍ਹਾਂ ਮੰਗ ਕੀਤੀ ਹੈ ਕਿ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਇਸ ਮਾਮਲੇ 'ਚ ਤੁਰੰਤ ਦਖ਼ਲ ਦੇ ਕੇ ਢੁਕਵੇਂ ਕਦਮ ਚੁੱਕੇ, ਨਾਲ ਹੀ ਉਨ੍ਹਾਂ ਕਿਹਾ ਕਿ ਇਸ ਮਾਮਲੇ 'ਤੇ ਸਖ਼ਤ ਤੇ ਤੁਰੰਤ ਐਕਸ਼ਨ ਲਿਆ ਜਾਵੇ ਨਹੀਂ ਤਾਂ ਘਾਟੇਵੰਦ ਧੰਦਾ ਬਣ ਰਹੀ ਸੈੱਲਰ ਸਨਅਤ ਬੰਦ ਹੋਣ ਤੋਂ ਕੋਈ ਨਹੀਂ ਰੋਕ ਸਕਦਾ ਤੇ ਇਸ ਦੇ ਗੰਭੀਰ ਨਤੀਜੇ ਸਾਹਮਣੇ ਆਉਣਗੇ |