ਅੰਮਿ੍ਤਸਰ, 5 ਜਨਵਰੀ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਜ਼ਿਲ੍ਹਾ ਅਟਕ ਦੀ ਤਹਿਸੀਲ ਹਸਨ ਅਬਦਾਲ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਗੁਰਦੁਆਰਾ ਸਾਹਿਬ ਦੀ ਪਰਿਕਰਮਾ ਵਿਖੇ ਨਗਰ ਕੀਰਤਨ ਸਜਾਇਆ ਗਿਆ | ਹਸਨ ਅਬਦਾਲ ਤੋਂ 'ਅਜੀਤ' ਨਾਲ ਇਹ ਜਾਣਕਾਰੀ ਸਾਂਝੀ ਕਰਦਿਆਂ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੈਂਬਰ ਸੰਤੋਖ ਸਿੰਘ ਨੇ ਦੱਸਿਆ ਕਿ ਨਗਰ ਕੀਰਤਨ ਦੌਰਾਨ ਪਾਕਿਸਤਾਨੀ ਸਿੱਖ ਨੌਜਵਾਨਾਂ ਵਲੋਂ ਸਿੱਖ ਸ਼ਸਤਰ ਕਲਾ ਗਤਕਾ ਦੇ ਜੌਹਰ ਵਿਖਾਏ ਅਤੇ ਇਸ ਦੌਰਾਨ ਸੁੰਦਰ ਪਾਲਕੀ ਸਾਹਿਬ 'ਤੇ ਸੰਗਤ ਨੇ ਫੁੱਲਾਂ ਦੀ ਵਰਖਾ ਕਰਕੇ ਜੈਕਾਰੇ ਵੀ ਲਗਾਏ | ਉਨ੍ਹਾਂ ਦੱਸਿਆ ਕਿ ਨਗਰ ਕੀਰਤਨ ਦੀ ਸਮਾਪਤੀ ਮੌਕੇ ਸ੍ਰੀ ਪੰਜਾ ਸਾਹਿਬ ਖ਼ਾਲਸਾ ਧਾਰਮਿਕ ਸਕੂਲ ਦੇ ਵਿਦਿਆਰਥੀਆਂ ਵਲੋਂ ਗੁਰੂ ਸਾਹਿਬ ਦੇ ਜੀਵਨ ਅਤੇ ਸ਼ਹਾਦਤ ਬਾਰੇ ਜਾਣਕਾਰੀ ਸੰਗਤ ਨਾਲ ਸਾਂਝੀ ਕੀਤੀ ਗਈ | ਨਗਰ ਕੀਰਤਨ ਸੰਪੰਨ ਹੋਣ 'ਤੇ ਗੁਰਦੁਆਰਾ ਸਾਹਿਬ ਦੇ ਮੁੱਖ ਗ੍ਰੰਥੀ ਭਾਈ ਕੁਲਬੀਰ ਸਿੰਘ ਵਲੋਂ ਸਰਬਤ ਦੇ ਭਲੇ ਦੀ ਅਰਦਾਸ ਕੀਤੀ ਗਈ | ਉਨ੍ਹਾਂ ਨੇ ਦੱਸਿਆ ਕਿ ਪ੍ਰਕਾਸ਼ ਪੁਰਬ ਨੂੰ ਸਮਰਪਿਤ 3 ਜਨਵਰੀ ਨੂੰ ਆਰੰਭ ਕਰਵਾਏ ਪਾਠ ਸਾਹਿਬ ਦੇ ਅੱਜ ਸਵੇਰੇ ਭੋਗ ਪਾਏ ਜਾਣ ਉਪਰੰਤ ਵਿਸ਼ੇਸ਼ ਦੀਵਾਨ ਸਜਾਏ ਗਏ, ਜਿਨ੍ਹਾਂ 'ਚ ਬੀਬੀ ਗੁਰਚਰਨ ਕੌਰ ਅਤੇ ਬੀਬੀ ਦਵਿੰਦਰ ਕੌਰ ਦੇ ਕੀਰਤਨੀ ਜਥਿਆਂ ਵਲੋਂ ਕੀਰਤਨ ਕੀਤਾ ਗਿਆ | ਇਸ ਮੌਕੇ ਬਾਬਾ ਕਲਿਆਣ ਸਿੰਘ, ਸੰਤੋਖ ਸਿੰਘ, ਵਜ਼ੀਰ ਸਿੰਘ, ਸਤਵੰਤ ਸਿੰਘ ਸਮੇਤ ਹਸਨ ਅਬਦਾਲ ਦੀ ਸੰਗਤ ਹਾਜ਼ਰ ਸੀ |
ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਨਗਰ ਕੀਰਤਨ ਸਜਾਇਆ <br/>
ਅਜੀਤ ਡੈਸਕ
06-01-2026