ਚੰਡੀਗੜ੍ਹ, 6 ਜਨਵਰੀ (ਸੰਦੀਪ ਕੁਮਾਰ ਮਾਹਨਾ)ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਪਾਕਿਸਤਾਨ ਤੋਂ ਡਰੋਨ ਰਾਹੀਂ ਹਥਿਆਰ, ਵਿਸਫੋਟਕ (ਟਿਫ਼ਨ ਬੰਬਾਂ ਸਮੇਤ) ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰ ਪੰਜਾਬ ਤੇ ਦੇਸ਼ ਦੇ ਹੋਰਨਾਂ ਹਿੱਸਿਆ 'ਚ ਅੱਤਵਾਦੀ ਗਤੀਵਿਧੀਆਂ ਨਾਲ ਜੁੜੇ ਨਾਰਕੋ ਅੱਤਵਾਦ ਮਾਮਲੇ 'ਚ ਸਖ਼ਤ ਰੁਖ ਅਪਣਾਇਆ ਹੈ | ਅਦਾਲਤ ਨੇ ਅਕਾਲ ਤਖ਼ਤ ਦੇ ਸਾਬਕਾ ਜਥੇਦਾਰ ਦੇ ਪੁੱਤਰ ਗੁਰਮੁਖ ਸਿੰਘ ਅਤੇ ਸਹਿ-ਦੋਸ਼ੀ ਗੁਰਮੇਜ ਸਿੰਘ ਨੂੰ ਜ਼ਮਾਨਤ ਦੇਣ ਤੋਂ ਸਾਫ਼ ਇਨਕਾਰ ਕਰ ਦਿੱਤਾ | ਜਸਟਿਸ ਗੁਰਵਿੰਦਰ ਸਿੰਘ ਗਿੱਲ ਅਤੇ ਜਸਟਿਸ ਰਮੇਸ਼ ਕੁਮਾਰੀ ਦੇ ਡਵੀਜ਼ਨ ਬੈਂਚ ਨੇ ਦੋਵਾਂ ਮੁਲਜ਼ਮਾਂ ਦੀਆਂ ਅਪੀਲ ਨੂੰ ਖ਼ਾਰਜ ਕਰਦੇ ਹੋਏ ਕਿਹਾ ਕਿ ਰਾਸ਼ਟਰੀ ਜਾਂਚ ਏਜੰਸੀ (ਐਨ.ਆਈ.ਏ.) ਵਲੋਂ ਰਿਕਾਰਡ 'ਤੇ ਰੱਖੇ ਗਏ ਤੱਥ ਪਹਿਲੀ ਨਜ਼ਰੇ ਮੁਲਜ਼ਮਾਂ ਦੀ ਅੱਤਵਾਦੀ ਗਤੀਵਿਧੀਆਂ 'ਚ ਸ਼ਮੂਲੀਅਤ ਸਾਹਮਣੇ ਆਉਂਦੀ ਹੈ | ਏਜੰਸੀ ਨੇ ਇਹ ਵੀ ਕਿਹਾ ਕਿ ਦੋਸ਼ੀ ਕਥਿਤ ਤੌਰ 'ਤੇ ਲਖਬੀਰ ਸਿੰਘ ਰੋਡੇ ਉਰਫ਼ ਬਾਬਾ, ਜੋ ਕਿ ਇਕ ਨਾਮਜ਼ਦ ਅੱਤਵਾਦੀ ਅਤੇ ਇਕ ਪਾਬੰਦੀਸ਼ੁਦਾ ਸੰਗਠਨ ਦਾ ਮੁਖੀ ਹੈ, ਦੇ ਸੰਪਰਕ ਵਿਚ ਸਨ | ਹਾਲਾਂਕਿ, ਗੁਰਮੁਖ ਸਿੰਘ ਦੇ ਪੱਖ ਵਲੋਂ ਦਲੀਲ ਦਿੱਤੀ ਗਈ ਕਿ ਉਸ ਨੂੰ ਪਰਿਵਾਰਕ ਪਿਛੋਕੜ ਅਤੇ ਸਿਆਸੀ ਵਿਚਾਰਾਂ ਕਾਰਨ ਝੂਠਾ ਫਸਾਇਆ ਗਿਆ ਹੈ ਅਤੇ ਉਨ੍ਹਾਂ ਤੋਂ ਕੋਈ ਵੀ ਅਪਰਾਧਿਕ ਸਮਗਰੀ ਬਰਾਮਦ ਨਹੀਂ ਕੀਤੀ ਗਈ |