ਚੰਡੀਗੜ੍ਹ, 24 ਜਨਵਰੀ (ਅਜੀਤ ਬਿਊਰੋ)-ਸ਼੍ਰੋਮਣੀ ਅਕਾਲੀ ਦਲ ਨੇ ਐਲਾਨ ਕੀਤਾ ਕਿ ਪਾਰਟੀ ਵਲੋਂ ਅਗਲੇ ਮਹੀਨੇ ਤੋਂ ਸੂਬੇ ਦੇ ਸਾਰੇ ਵਿਧਾਨ ਸਭਾ ਹਲਕਿਆਂ 'ਚ ਰੈਲੀਆਂ ਕਰਕੇ ਪੰਜਾਬੀਆਂ ਨੂੰ ਪੰਜਾਬ ਦੇ ਵਿਕਾਸ ਵਿਚ ਅਕਾਲੀ ਦਲ ਵਲੋਂ ਨਿਭਾਈ ਭੂਮਿਕਾ ਤੋਂ ਜਾਣੂ ਕਰਵਾਇਆ ਜਾਵੇਗਾ | ਇਹ ਫ਼ੈਸਲਾ ਅੱਜ ਪਾਰਟੀ ਦੇ ਜ਼ਿਲ੍ਹਾ ਪ੍ਰਧਾਨਾਂ ਅਤੇ ਹਲਕਾ ਇੰਚਾਰਜਾਂ ਦੀ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ 'ਚ ਲਿਆ ਗਿਆ | ਮੀਟਿੰਗ ਉਪਰੰਤ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਡਾ. ਦਲਜੀਤ ਸਿੰਘ ਚੀਮਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਸੁਖਬੀਰ ਸਿੰਘ ਬਾਦਲ ਨੇ ਮੀਟਿੰਗ ਵਿਚ ਕਿਹਾ ਕਿ ਸਮੇਂ ਦੀਆਂ ਅਕਾਲੀ ਦਲ ਦੀਆਂ ਸਰਕਾਰਾਂ ਨੇ ਸੂਬੇ ਵਿਚ ਅਣਕਿਆਸਾ ਵਿਕਾਸ ਕੀਤਾ ਹੈ, ਭਾਵੇਂ ਉਹ ਸੂਬੇ ਨੂੰ ਬਿਜਲੀ ਸਰਪਲੱਸ ਬਣਾਉਣ ਦਾ ਮਾਮਲਾ ਹੋਵੇ, ਸਾਰੇ ਸ਼ਹਿਰਾਂ ਨੂੰ ਚਹੁੰ ਮਾਰਗੀ ਸੜਕਾਂ ਨਾਲ ਜੋੜਨ ਦਾ, ਨਵੇਂ ਥਰਮਲ ਪਲਾਂਟ ਅਤੇ ਹਵਾਈ ਅੱਡੇ ਸਥਾਪਿਤ ਕਰਨ ਜਾਂ ਫਿਰ ਪੇਂਡੂ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਬਣਾਉਣ ਦਾ ਹੋਵੇ | ਡਾ. ਚੀਮਾ ਨੇ ਕਿਹਾ ਕਿ ਇਹ ਬਹੁਤ ਹੀ ਹੈਰਾਨੀ ਵਾਲੀ ਗੱਲ ਹੈ ਕਿ ਕਾਂਗਰਸ ਅਤੇ ਮੌਜੂਦਾ ਆਮ ਆਦਮੀ ਪਾਰਟੀ (ਆਪ) ਦੋਵਾਂ ਸਰਕਾਰਾਂ ਨੇ ਬੁਨਿਆਦੀ ਢਾਂਚੇ ਦਾ ਇਕ ਵੀ ਨਵਾਂ ਢਾਂਚੇ ਖੜ੍ਹਾ ਨਹੀਂ ਕੀਤਾ, ਜਿਸ ਕਾਰਨ ਸੂਬੇ ਨੂੰ ਵੱਡਾ ਨੁਕਸਾਨ ਹੋਇਆ ਹੈ | ਉਨ੍ਹਾਂ ਕਿਹਾ ਕਿ ਅਸੀਂ ਸੂਬੇ ਵਿਚ ਮੁੜ ਤੋਂ ਵਿਕਾਸ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰਨ ਅਤੇ ਬੁਨਿਆਦੀ ਢਾਂਚੇ ਦੀ ਸਿਰਜਣਾ ਨਾਲ ਪੰਜਾਬ ਨੂੰ ਅੱਗੇ ਲੈ ਕੇ ਜਾਣ ਵਾਸਦੇ ਦਿ੍ੜ੍ਹ ਹਾਂ | ਉਨ੍ਹਾਂ ਕਿਹਾ ਕਿ ਅਕਾਲੀ ਦਲ ਆਮ ਆਦਮੀ ਪਾਰਟੀ ਸਰਕਾਰ ਦੀਆਂ ਪੰਜਾਬ ਵਿਰੋਧੀ ਨੀਤੀਆਂ ਅਤੇ ਫ਼ੈਸਲਿਆਂ ਖ਼ਿਲਾਫ਼ ਲੋਕ ਲਹਿਰ ਵੀ ਖੜ੍ਹੀ ਕਰੇਗਾ | ਅਸੀਂ ਪੰਜਾਬੀਆਂ ਨੂੰ ਭਰੋਸਾ ਦੁਆਉਂਦੇ ਹਾਂ ਕਿ ਪੰਜਾਬ ਨੂੰ ਮੌਜੂਦਾ ਕਾਨੂੰਨ ਹੀਣਤਾ ਦੇ ਦੌਰ ਵਿਚੋਂ ਕੱਢ ਕੇ ਸ਼ਾਂਤੀ ਅਤੇ ਆਪਸੀ ਭਾਈਚਾਰਕ ਸਾਂਝ ਦੀ ਸ਼ੁਰੂਆਤ ਕੀਤੀ ਜਾਵੇਗੀ ਅਤੇ ਪੰਜਾਬ ਵਿਚ ਨਿਵੇਸ਼ ਵਾਪਸ ਲਿਆ ਕੇ ਨੌਜਵਾਨਾਂ ਵਾਸਤੇ ਨੌਕਰੀਆਂ ਦੀ ਸਿਰਜਣਾ ਕੀਤੀ ਜਾਵੇਗੀ | ਉਨ੍ਹਾਂ ਕਿਹਾ ਕਿ ਪਾਰਟੀ ਦਾ ਸਮੁੱਚਾ ਜਥੇਬੰਦਕ ਢਾਂਚਾ 10 ਫਰਵਰੀ ਤੱਕ ਮੁਕੰਮਲ ਕਰ ਲਿਆ ਜਾਵੇਗਾ | ਡਾ. ਚੀਮਾ ਨੇ ਕਿਹਾ ਕਿ ਮੀਟਿੰਗ ਨੇ ਇਸ ਗੱਲ ਦਾ ਗੰਭੀਰ ਨੋਟਿਸ ਲਿਆ ਕਿ ਪੰਚਾਇਤਾਂ ਨੂੰ ਟਿਊਬਵੈੱਲ ਕਾਰਪੋਰੇਸ਼ਨ ਦੇ ਪੈਂਡਿੰਗ ਬਿੱਲ ਭਰਨ ਵਾਸਤੇ ਮਜਬੂਰ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਪੰਚਾਇਤਾਂ ਨੂੰ ਹੁਕਮ ਦਿੱਤੇ ਜਾ ਰਹੇ ਹਨ ਕਿ ਉਹ ਕੇਂਦਰ ਸਰਕਾਰ ਤੋਂ ਉਨ੍ਹਾਂ ਦੇ ਪਿੰਡਾਂ ਦੇ ਵਿਕਾਸ ਲਈ ਪ੍ਰਾਪਤ ਹੋਏ ਫ਼ੰਡਾਂ ਵਿਚੋਂ ਇਹ ਬਿੱਲ ਭਰਨ | ਉਨ੍ਹਾਂ ਕਿਹਾ ਕਿ ਅਸੀਂ ਇਨ੍ਹਾਂ ਗੈਰ-ਕਾਨੂੰਨੀ ਹੁਕਮਾਂ ਦਾ ਵਿਰੋਧ ਕਰਨ ਵਾਲੀਆਂ ਸਾਰੀਆਂ ਪੰਚਾਇਤਾਂ ਦੀ ਹਮਾਇਤ ਕਰਾਂਗੇ, ਕਿਉਂਕਿ ਕੇਂਦਰੀ ਫ਼ੰਡ ਸੜਕਾਂ, ਸੈਨੀਟੇਸ਼ਨ, ਪੀਣ ਵਾਲਾ ਪਾਣੀ ਤੇ ਸਟ੍ਰੀਟ ਲਾਈਟਾਂ ਵਾਸਤੇ ਆਏ ਹਨ, ਜਿਨ੍ਹਾਂ ਦੀ ਵਰਤੋਂ ਪਾਣੀ ਸਪਲਾਈ ਦੇ ਬਿੱਲ ਭਰਨ ਵਾਸਤੇ ਨਹੀਂ ਕੀਤੀ ਜਾ ਸਕਦੀ | ਮੀਟਿੰਗ ਵਿਚ ਇਸ ਗੱਲ ਦੀ ਵੀ ਨਿਖੇਧੀ ਕੀਤੀ ਗਈ ਕਿ ਪਟਨਾ ਸਾਹਿਬ ਗੁਰਦੁਆਰਾ ਬੋਰਡ ਦੀਆਂ ਆਉਂਦੀਆਂ ਚੋਣਾਂ ਵਾਸਤੇ 8 ਫ਼ੀਸਦੀ ਗੈਰ-ਸਿੱਖ ਵੋਟਰਾਂ ਦੀ ਰਜਿਸਟਰੇਸ਼ਨ ਕੀਤੀ ਗਈ ਹੈ | ਪਾਰਟੀ ਨੇ ਦਿੱਲੀ ਦੀ 'ਆਪ' ਆਗੂ ਆਤਿਸ਼ੀ ਵਲੋਂ ਗੁਰੂ ਸਾਹਿਬਾਨ ਖ਼ਿਲਾਫ਼ ਕੀਤੀਆਂ ਇਤਰਾਜ਼ਯੋਗ ਟਿੱਪਣੀਆਂ ਦੀ ਨਿਰਪੱਖ ਜਾਂਚ ਦੀ ਵੀ ਮੰਗ ਕੀਤੀ |