ਖੰਨਾ, 27 ਜਨਵਰੀ (ਹਰਜਿੰਦਰ ਸਿੰਘ ਲਾਲ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਗਣਤੰਤਰ ਦਿਵਸ 26 ਜਨਵਰੀ ਨੂੰ ਪੰਜਾਬ ਦੇ ਸਾਰੇ ਜ਼ਿਲਿ੍ਹਆਂ ਅੰਦਰ ਕਿਸਾਨਾਂ ਨੇ ਆਪਣੇ ਟਰੈਕਟਰਾਂ ਰਾਹੀਂ ਟਰੈਕਟਰ ਪਰੇਡ ਕਰਕੇ ਕੇਂਦਰ ਸਰਕਾਰ ਖ਼ਿਲਾਫ਼ ਰੋਸ ਮੁਜ਼ਾਹਰਾ ਕੀਤਾ ਗਿਆ | ਸਮਰਾਲਾ ਵਿਖੇ ਇਸ ਟਰੈਕਟਰ ਪਰੇਡ ਦੀ ਅਗਵਾਈ ਪ੍ਰਮੁੱਖ ਕਿਸਾਨ ਨੇਤਾ ਬਲਵੀਰ ਸਿੰਘ ਰਾਜੇਵਾਲ ਅਤੇ ਹਰਿੰਦਰ ਸਿੰਘ ਲੱਖੋਵਾਲ ਨੇ ਕੀਤੀ | ਲੱਖੋਵਾਲ ਨੇ ਦਾਅਵਾ ਕੀਤਾ ਕਿ ਪੰਜਾਬ ਭਰ ਵਿਚ ਸੰਯੁਕਤ ਕਿਸਾਨ ਮੋਰਚੇ ਨੇ ਸਫ਼ਲ ਵਿਖਾਵੇ ਕੀਤੇ ਹਨ | ਉਨ੍ਹਾਂ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਦੇ ਦੇਸ਼ ਵਿਆਪੀ ਸੱਦੇ 'ਤੇ ਕਿਸਾਨ ਮੋਰਚੇ ਦੀ ਪੰਜਵੀਂ ਵਰੇ੍ਹਗੰਢ ਅਤੇ ਆਰ. ਐਸ. ਐਸ.-ਭਾਜਪਾ ਦੀ ਅਗਵਾਈ ਵਾਲੀ ਮੋਦੀ ਸਰਕਾਰ ਵਲੋਂ ਕਿਸਾਨ- ਮਜ਼ਦੂਰ ਵਿਰੋਧੀ ਲਿਆਂਦੇ ਗਏ ਬਿਜਲੀ ਸੋਧ ਬਿੱਲ 2025 ਅਤੇ ਬੀਜ ਬਿੱਲ 2025 ਨੂੰ ਵਾਪਸ ਕਰਵਾਉਣ ਅਤੇ ਲੇਬਰ ਵਿਰੋਧੀ ਚਾਰ ਕੋਡਾਂ ਰੱਦ ਕਰਾਉਣ, ਇਸ ਤਰ੍ਹਾਂ ਮਨਰੇਗਾ ਸਕੀਮ ਦਾ ਮੂਲ ਰੂਪ ਬਹਾਲ ਕਰਾਉਣ ਲਈ ਇਹ ਮਾਰਚ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ ਜਿਨਾਂ ਚਿਰ ਕਿਸਾਨਾਂ ਦੀ ਸੁਣਵਾਈ ਨਹੀਂ ਹੁੰਦੀ ਕਿਸਾਨ ਟਿਕ ਕੇ ਨਹੀਂ ਬੈਠਣਗੇ ਅਤੇ ਆਉਣ ਵਾਲੇ ਸਮੇਂ 'ਚ ਆਪਣੇ ਹੱਕਾਂ ਲਈ ਕੇਂਦਰ ਸਰਕਾਰ ਤੇ ਸੂਬਾ ਸਰਕਾਰਾਂ ਨਾਲ ਆਰ-ਪਾਰ ਦੀ ਲੜਾਈ ਲੜਨ ਲਈ ਵੀ ਤਿਆਰ ਹਨ |
ਪੰਜਾਬ ਭਰ 'ਚ ਕਿਸਾਨਾਂ ਵਲੋਂ ਕੇਂਦਰ ਸਰਕਾਰ ਖ਼ਿਲਾਫ਼ ਟਰੈਕਟਰ ਪਰੇਡ-ਰਾਜੇਵਾਲ, ਲੱਖੋਵਾਲ <br/>
ਅਜੀਤ ਡੈਸਕ
28-01-2026