ਚੰਡੀਗੜ੍ਹ, 28 ਜਨਵਰੀ (ਵਿਕਰਮਜੀਤ ਸਿੰਘ ਮਾਨ)-ਦੇਸ਼ ਦੀ ਆਜ਼ਾਦੀ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਮਹਾਨ ਦੇਸ਼ ਭਗਤਾਂ, ਸੁਤੰਤਰਤਾ ਸੰਗਰਾਮੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਕੰਮ ਕਰ ਰਹੀ ਸੁਤੰਤਰਤਾ ਸੰਗਰਾਮੀ ਉੱਤਰਾਧਿਕਾਰੀ ਐਸੋਸੀਏਸ਼ਨ ਪੰਜਾਬ ਦੇ ਆਗੂਆਂ ਦੀ ਅਹਿਮ ਮੀਟਿੰਗ ਅੱਜ ਮੁੱਖ ਮੰਤਰੀ ਨਿਵਾਸ ਵਿਚੇ ਹੋਈ | ਜਾਣਕਾਰੀ ਅਨੁਸਾਰ ਪਿਛਲੇ ਦਿਨੀਂ ਗਣਤੰਤਰ ਦਿਹਾੜੇ ਮੌਕੇ ਸੂਬੇ ਭਰ ਵਿਚ ਸੁਤੰਤਰਤਾ ਸੰਗਰਾਮੀ ਪਰਿਵਾਰਾਂ ਵਲੋਂ ਸਨਮਾਨ ਨਾ ਲੈਂਦੇ ਹੋਏ ਸੂਬਾ ਸਰਕਾਰ ਵਿਰੁੱਧ ਸ਼ਾਂਤਮਈ ਰੋਸ ਪ੍ਰਦਰਸ਼ਨ ਕੀਤਾ ਸੀ, ਜਿਸ ਤਹਿਤ ਪੰਜਾਬ ਸਰਕਾਰ ਦੇ ਵਿਸ਼ੇਸ਼ ਸੱਦੇ ਤਹਿਤ ਸੁਤੰਤਰਤਾ ਸੰਗਰਾਮੀ ਉੱਤਰਾਧਿਕਾਰੀ ਸੂਬਾ ਜਥੇਬੰਦੀ ਨੂੰ ਮੁੱਖ ਮੰਤਰੀ ਦੀ ਰਿਹਾਇਸ਼ 'ਤੇ ਪੈਨਲ ਮੀਟਿੰਗ ਲਈ ਸੱਦਾ ਦਿੱਤਾ ਗਿਆ ਸੀ | ਮੀਟਿੰਗ ਵਿਚ ਸੂਬਾ ਜਥੇਬੰਦੀ ਦੇ ਆਗੂਆਂ ਇੰਦਰਪਾਲ ਸਿੰਘ ਧਾਲੀਵਾਲ ਸੋਨੀ ਸੂਬਾ ਜਨਰਲ ਸਕੱਤਰ, ਪ੍ਰਕਾਸ਼ ਸਿੰਘ ਧਾਲੀਵਾਲ ਸੂਬਾ ਕਨਵੀਨਰ, ਅਮਰਪ੍ਰੀਤ ਸਿੰਘ ਬੌਬੀ, ਗੁਰਇਕਬਾਲ ਸਿੰਘ ਸੰਧੂ, ਕਮਲਦੀਪ ਸਿੰਘ ਗਿੱਲ ਦਫ਼ਤਰ ਇੰਚਾਰਜ ਨੇ ਸੁਤੰਤਰਤਾ ਸੰਗਰਾਮੀ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਆਵਾਜ਼ ਬੁਲੰਦ ਕੀਤੀ | ਮੁੱਖ ਮੰਤਰੀ ਦੇ ਸੰਯੁਕਤ ਪ੍ਰਮੁੱਖ ਸਕੱਤਰ ਨਵਰਾਜ ਸਿੰਘ ਬਰਾੜ ਨੇ ਸੂਬਾ ਆਗੂਆਂ ਤੋਂ ਸਨਮਾਨ ਸਹੂਲਤਾਂ ਸੰਬੰਧੀ ਮੰਗ ਪੱਤਰ ਲੈਣ ਉਪਰੰਤ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ | ਸੂਬਾ ਜਨਰਲ ਸਕੱਤਰ ਇੰਦਰਪਾਲ ਸਿੰਘ ਧਾਲੀਵਾਲ ਨੇ ਕਿਹਾ ਕਿ ਸੁਤੰਤਰਤਾ ਸੰਗਰਾਮੀਆਂ ਦੀ ਚੌਥੀ ਪੀੜ੍ਹੀ ਨੂੰ ਕਾਨੂੰਨੀ ਵਾਰਿਸਾਂ ਵਿਚ ਸ਼ਾਮਿਲ ਕਰਨ ਸੰਬੰਧੀ ਨੋਟੀਫ਼ਿਕੇਸ਼ਨ ਜਲਦ ਜਾਰੀ ਕੀਤਾ ਜਾਵੇ |
ਸਰਕਾਰ ਨਾਲ ਸੁਤੰਤਰਤਾ ਸੰਗਰਾਮੀ ਜਥੇਬੰਦੀ ਦੀ ਅਹਿਮ ਮੀਟਿੰਗ <br/>
ਅਜੀਤ ਡੈਸਕ
29-01-2026