ਚੰਡੀਗੜ੍ਹ, 28 ਜਨਵਰੀ (ਸੰਦੀਪ ਕੁਮਾਰ ਮਾਹਨਾ)ਜਬਰ-ਜਨਾਹ ਅਤੇ ਧੋਖਾਧੜੀ ਵਰਗੇ ਗੰਭੀਰ ਦੋਸ਼ਾਂ ਦਾ ਸਾਹਮਣਾ ਕਰ ਰਹੇ ਪਟਿਆਲਾ ਦੇ ਹਲਕਾ ਸਨੌਰ ਤੋਂ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਵੱਡਾ ਝਟਕਾ ਲੱਗਾ ਹੈ | ਹਾਈ ਕੋਰਟ ਨੇ ਪਠਾਣਮਾਜਰਾ ਦੀ ਉਸ ਪਟੀਸ਼ਨ ਨੂੰ ਖਾਰਜ ਕਰ ਦਿੱਤਾ, ਜਿਸ 'ਚ ਉਨ੍ਹਾਂ ਨੂੰ ਭਗੌੜਾ ਐਲਾਨਣ ਦੇ ਹੁਕਮਾਂ ਨੂੰ ਰੱਦ ਕਰਨ ਅਤੇ ਉਨ੍ਹਾਂ ਵਿਰੁੱਧ ਅੱਗੇ ਕੋਈ ਕਾਰਵਾਈ ਰੋਕਣ ਦੀ ਮੰਗ ਕੀਤੀ ਗਈ ਸੀ | ਅਦਾਲਤ ਨੇ ਪਠਾਣਮਾਜਰਾ ਨੂੰ ਕੋਈ ਵੀ ਅੰਤਰਿਮ ਰਾਹਤ ਦੇਣ ਤੋਂ ਵੀ ਸਪੱਸ਼ਟ ਤੌਰ 'ਤੇ ਇਨਕਾਰ ਕਰ ਦਿੱਤਾ | ਪਠਾਣਮਾਜਰਾ ਵਿਰੁੱਧ 1 ਸਤੰਬਰ ਨੂੰ ਜਬਰ-ਜਨਾਹ ਅਤੇ ਧੋਖਾਧੜੀ ਦੇ ਦੋਸ਼ਾਂ ਤਹਿਤ ਐਫ.ਆਈ.ਆਰ. ਦਰਜ ਕੀਤੀ ਗਈ ਸੀ | ਜਾਂਚ ਦੌਰਾਨ ਉਸ ਨੇ ਅਗਾਊਾ ਜ਼ਮਾਨਤ ਲਈ ਹੇਠਲੀ ਅਦਾਲਤ ਪਹੁੰਚ ਕੀਤੀ ਪਰ ਹੇਠਲੀ ਅਦਾਲਤ ਨੇ ਉਸ ਦੀ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ | ਇਸ ਦੇ ਬਾਵਜੂਦ ਪਠਾਣਮਾਜਰਾ ਅਦਾਲਤ 'ਚ ਪੇਸ਼ ਨਹੀਂ ਹੋਇਆ | ਪਠਾਣਮਾਜਰਾ ਦੀ ਲਗਾਤਾਰ ਗੈਰ-ਹਾਜ਼ਰੀ ਕਾਰਨ ਅਦਾਲਤ ਨੇ ਉਸ ਨੂੰ ਭਗੌੜਾ ਘੋਸ਼ਿਤ ਕਰਨ ਦੀ ਕਾਰਵਾਈ ਸ਼ੁਰੂ ਕੀਤੀ ਅਤੇ 20 ਦਸੰਬਰ ਨੂੰ ਪਠਾਣਮਾਜਰਾ ਨੂੰ ਇਸ ਮਾਮਲੇ 'ਚ ਭਗੌੜਾ ਐਲਾਨ ਦਿੱਤਾ ਗਿਆ |
ਵਿਧਾਇਕ ਪਠਾਣਮਾਜਰਾ ਨੂੰ ਹਾਈ ਕੋਰਟ ਤੋਂ ਝਟਕਾ! ਭਗੌੜਾ ਐਲਾਨਣ ਦੇ ਹੁਕਮ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਖ਼ਾਰਜ <br/>
ਅਜੀਤ ਡੈਸਕ
29-01-2026