ਐੱਸ. ਏ. ਐੱਸ. ਨਗਰ, 30 ਜਨਵਰੀ (ਪ੍ਰੋ. ਅਵਤਾਰ ਸਿੰਘ)-ਮੁਹਾਲੀ ਸਥਿਤ ਵਿਕਾਸ ਭਵਨ ਵਿਖੇ ਵੱਖ-ਵੱਖ ਵਿਭਾਗਾਂ ਦੇ ਨਵੇਂ ਭਰਤੀ ਹੋਏ 916 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਨਿਯੁਕਤੀਆਂ ਨਾਲ 'ਮਿਸ਼ਨ ਰੁਜ਼ਗਾਰ' ਤਹਿਤ ਬਿਨਾਂ ਕਿਸੇ ਰਿਸ਼ਵਤ ਜਾਂ ਸਿਫ਼ਾਰਸ਼ ਦੇ ਸਰਕਾਰੀ ਨੌਕਰੀਆਂ ਦੇਣ ਦੀ 'ਆਪ' ਸਰਕਾਰ ਦੀ ਵਚਨਬੱਧਤਾ ਆਪ ਮੁਹਾਰੇ ਸਾਬਿਤ ਹੁੰਦੀ ਹੈ | ਉਨ੍ਹਾਂ ਕਿਹਾ ਕਿ ਹੁਣ ਤੱਕ 'ਆਪ' ਸਰਕਾਰ ਵਲੋਂ 63,943 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ, ਜਦਕਿ ਆਉਣ ਵਾਲੇ ਦਿਨਾਂ 'ਚ ਹੋਰਨਾਂ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦਿੱਤੇ ਜਾਣਗੇ | ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲੀਆਂ ਸਰਕਾਰਾਂ ਮੌਕੇ ਕਾਬਲੀਅਤ ਦੀ ਬਜਾਏ ਰਿਸ਼ਵਤ ਤੇ ਸਿਫ਼ਾਰਸ਼ ਨਾਲ ਨੌਕਰੀਆਂ ਦੇਣ ਦੇ ਫ਼ੈਸਲੇ ਹੁੰਦੇ ਸਨ | ਉਨ੍ਹਾਂ ਕਿਹਾ ਕਿ ਜਦੋਂ ਤੋਂ ਉਨ੍ਹਾਂ ਨੇ ਮੁੱਖ ਮੰਤਰੀ ਦਾ ਅਹੁਦਾ ਸੰਭਾਲਿਆ ਹੈ, ਉਦੋਂ ਤੋਂ ਉਨ੍ਹਾਂ ਦੀ ਸਰਕਾਰ ਦੇਸ਼ ਦੇ ਮਹਾਨ ਕੌਮੀ ਨਾਇਕਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਨਿਰੰਤਰ ਯਤਨ ਕਰ ਰਹੀ ਹੈ | ਇਸ ਮੌਕੇ ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ, ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਆਈ. ਏ. ਐਸ. ਅਧਿਕਾਰੀ ਰਾਹੁਲ ਭੰਡਾਰੀ, ਪੰਜਾਬ ਸਿਹਤ ਵਿਭਾਗ ਦੇ ਡਾਇਰੈਕਟਰ ਡਾ. ਹਤਿੰਦਰ ਕੌਰ ਤੇ ਡਿਪਟੀ ਕਮਿਸ਼ਨਰ ਮੁਹਾਲੀ ਕੋਮਲ ਮਿੱਤਲ ਸਮੇਤ ਹੋਰ ਅਧਿਕਾਰੀ ਵੀ ਹਾਜ਼ਰ ਸਨ |