ਐੱਸ. ਏ. ਐੱਸ. ਨਗਰ, 30 ਜਨਵਰੀ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੂੰ ਵੀਰਵਾਰ ਦੇਰ ਰਾਤ ਖਾਣੇ ਤੋਂ ਬਾਅਦ ਅਚਾਨਕ ਸਿਹਤ ਵਿਗੜਨ ਕਾਰਨ ਮੁਹਾਲੀ ਦੇ ਫੋਰਟਿਸ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ | ਜਾਣਕਾਰੀ ਅਨੁਸਾਰ ਉਨ੍ਹਾਂ ਨੂੰ ਸਾਹ ਲੈਣ ਵਿਚ ਮੁਸ਼ਕਿਲ ਆ ਰਹੀ ਸੀ | ਸਾਵਧਾਨੀ ਵਜੋਂ ਉਨ੍ਹਾਂ ਨੂੰ ਕਿ੍ਟੀਕਲ ਕੇਅਰ ਯੂਨਿਟ (ਸੀ. ਸੀ. ਯੂ.) ਵਿਚ ਨਿਗਰਾਨੀ ਹੇਠ ਰੱਖਿਆ ਗਿਆ ਹੈ | ਮੁਲਾਂਕਣ ਤੋਂ ਬਾਅਦ ਡਾਕਟਰਾਂ ਨੇ ਉਨ੍ਹਾਂ ਨੂੰ ਕਲੀਨਿਕਲੀ ਤੌਰ 'ਤੇ ਤੰਦਰੁਸਤ ਐਲਾਨ ਦਿੱਤਾ ਹੈ ਅਤੇ ਉਨ੍ਹਾਂ ਦੇ ਸਾਰੇ ਟੈਸਟ ਸਹੀ ਪਾਏ ਗਏ ਹਨ | ਡਾਕਟਰਾਂ ਵਲੋਂ ਉਨ੍ਹਾਂ ਨੂੰ ਆਰਾਮ ਕਰਨ ਦੀ ਸਲਾਹ ਦਿੱਤੀ ਗਈ ਹੈ ਅਤੇ ਉਹ 24 ਘੰਟੇ ਡਾਕਟਰੀ ਨਿਗਰਾਨੀ ਹੇਠ ਰਹਿਣਗੇ | ਹਸਪਤਾਲ ਪ੍ਰਬੰਧਕਾਂ ਵਲੋਂ ਉਨ੍ਹਾਂ ਦੀ ਸਿਹਤ ਸੰਬੰਧੀ ਕਿਸੇ ਵੀ ਤਰ੍ਹਾਂ ਕੋਈ ਅਧਿਕਾਰਤ ਮੈਡੀਕਲ ਬੁਲੇਟਿਨ ਜਾਰੀ ਕਰਨ ਤੋਂ ਇਨਕਾਰ ਕਰ ਦਿੱਤਾ ਗਿਆ ਹੈ | ਜ਼ਿਕਰਯੋਗ ਹੈ ਕਿ ਕੈਬਨਿਟ ਮੰਤਰੀ ਸੰਜੀਵ ਅਰੋੜਾ ਕੋਲ ਉਦਯੋਗ ਅਤੇ ਵਣਜ, ਨਿਵੇਸ਼ ਪ੍ਰਮੋਸ਼ਨ, ਬਿਜਲੀ ਅਤੇ ਸਥਾਨਕ ਸਰਕਾਰ ਵਿਭਾਗ ਹੈ |