ਪੰਜਾਬ ਦੇ ਪਾਣੀਆਂ 'ਤੇ ਡਾਕਾ ਮਾਰਨ ਦੀ ਕੋਸ਼ਿਸ਼ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ-ਰੱਖੜਾ
ਪਟਿਆਲਾ, 31 ਜਨਵਰੀ (ਧਰਮਿੰਦਰ ਸਿੰਘ ਸਿੱਧੂ)-ਸ਼੍ਰੋਮਣੀ ਅਕਾਲੀ ਦਲ ਪੁਨਰ-ਸੁਰਜੀਤ ਦੀ ਪਟਿਆਲਾ ਵਿਖੇ ਜ਼ਿਲ੍ਹਾ ਪਟਿਆਲਾ ਦਿਹਾਤੀ ਦੇ ਪ੍ਰਧਾਨ ਰਣਧੀਰ ਸਿੰਘ ਰੱਖੜਾ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਨੂੰ ਸੰਬੋਧਨ ਕਰਦਿਆਂ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਨੀਂਹ ਪੰਥਕ ਸੰਸਥਾਵਾਂ, ਖ਼ਾਸ ਕਰਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਰਾਖੀ ਲਈ ਰੱਖੀ ਗਈ ਸੀ ਪਰ ਸਮੇਂ ਦੇ ਨਾਲ ਕੁਝ ਲੋਕਾਂ ਨੇ ਆਪਣੇ ਸਵਾਰਥਾਂ ਕਾਰਨ ਪਾਰਟੀ ਦੀ ਦਿਸ਼ਾ ਭਟਕਾ ਦਿੱਤੀ, ਜਿਸ ਕਾਰਨ ਪੰਥ ਪ੍ਰਸਤ ਅਤੇ ਵਫ਼ਾਦਾਰ ਵਰਕਰਾਂ ਨੂੰ ਬਾਹਰ ਕੱਢ ਕੇ ਰੇਤ ਮਾਫੀਆ, ਕੇਬਲ ਮਾਫੀਆ ਅਤੇ ਨਸ਼ਾ ਤਸਕਰਾਂ ਵਰਗੇ ਤੱਤਾਂ ਨੂੰ ਅਕਾਲੀ ਦਲ ਨਾਲ ਜੋੜਿਆ ਗਿਆ | ਉਨ੍ਹਾਂ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਇਸ ਨਵੇਂ ਅਕਾਲੀ ਦਲ ਦੀ ਵਾੜ ਬਣ ਕੇ ਪੰਥਕ ਹਿੱਤਾਂ ਅਤੇ ਸਿਧਾਂਤਾਂ ਦੀ ਰਾਖੀ ਕਰਨ | ਮੀਟਿੰਗ ਨੂੰ ਸੰਬੋਧਨ ਕਰਦਿਆਂ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਅਕਾਲੀ ਦਲ ਦੀ ਅਸਲ ਤਾਕਤ ਉਸ ਦਾ ਵਰਕਰ ਹੈ, ਜਿਸ ਨੇ ਹਰ ਦੌਰ ਵਿਚ ਪੰਥ ਅਤੇ ਪੰਜਾਬ ਲਈ ਕੁਰਬਾਨੀਆਂ ਦਿੱਤੀਆਂ ਹਨ | ਉਨ੍ਹਾਂ ਕਿਹਾ ਕਿ ਅੱਜ ਸਮੇਂ ਦੀ ਲੋੜ ਹੈ ਕਿ ਵਰਕਰ ਨਿੱਜੀ ਸਵਾਰਥਾਂ ਤੋਂ ਉੱਪਰ ਉੱਠ ਕੇ ਪੁਨਰ-ਸੁਰਜੀਤ ਹੋਏ ਅਕਾਲੀ ਦਲ ਦੀ ਵਾੜ ਬਣਨ | ਉਨ੍ਹਾਂ ਵਰਕਰਾਂ ਨੂੰ ਅਪੀਲ ਕੀਤੀ ਕਿ ਪੰਥਕ ਸੋਚ, ਅਕਾਲ ਤਖ਼ਤ ਸਾਹਿਬ ਦੀ ਰਹਿਨੁਮਾਈ ਅਤੇ ਪੰਜਾਬ ਦੇ ਹੱਕਾਂ ਦੀ ਰਾਖੀ ਲਈ ਇਕਜੁੱਟ ਹੋ ਕੇ ਸੰਘਰਸ਼ ਨੂੰ ਮਜ਼ਬੂਤ ਕੀਤਾ ਜਾਵੇ | ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ ਨੇ ਕਿਹਾ ਕਿ ਪੰਜਾਬ ਦੇ ਪਾਣੀਆਂ 'ਤੇ ਡਾਕਾ ਮਾਰਨ ਦੀ ਕੋਸ਼ਿਸ਼ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਐਸ.ਵਾਈ.ਐਲ. ਮਾਮਲੇ 'ਤੇ ਅਕਾਲੀ ਦਲ ਹਮੇਸ਼ਾਂ ਪੰਜਾਬ ਦੇ ਹੱਕ ਵਿਚ ਡਟ ਕੇ ਖੜ੍ਹਾ ਰਹੇਗਾ | ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਿੱਖ ਕੌਮ ਦੀ ਮਰਯਾਦਾ ਅਤੇ ਅਧਿਕਾਰਾਂ ਦੀ ਰਾਖੀ ਦਾ ਕਿਲ੍ਹਾ ਹੈ, ਜਿਸ ਨੂੰ ਰਾਜਨੀਤਿਕ ਦਖ਼ਲਅੰਦਾਜ਼ੀ ਤੋਂ ਬਚਾਉਣਾ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ | ਉਨ੍ਹਾਂ ਵਰਕਰਾਂ ਨੂੰ ਅਪੀਲ ਕੀਤੀ ਕਿ ਪੁਨਰ-ਸੁਰਜੀਤ ਹੋਏ ਅਕਾਲੀ ਦਲ ਦੀ ਵਾੜ ਬਣ ਕੇ ਪੰਥਕ ਸੰਸਥਾਵਾਂ ਅਤੇ ਪੰਜਾਬ ਦੇ ਸੰਵਿਧਾਨਕ ਹੱਕਾਂ ਦੀ ਰਾਖੀ ਲਈ ਇਕਜੁੱਟ ਸੰਘਰਸ਼ ਕੀਤਾ ਜਾਵੇ | ਸਟੇਜ ਦੀ ਕਾਰਵਾਈ ਮਹਿੰਦਰਪਾਲ ਸਿੰਘ ਸੋਢੀ ਅਤੇ ਜਗਜੀਤ ਸਿੰਘ ਕੋਹਲੀ ਦਫ਼ਤਰ ਸਕੱਤਰ ਨੇ ਚਲਾਈ |
ਪੁਨਰ ਸੁਰਜੀਤ ਹੋਇਆ ਅਕਾਲੀ ਦਲ ਵਾੜ ਬਣ ਕੇ ਸੂਬੇ ਦੇ ਹੱਕਾਂ ਦੀ ਰਾਖੀ ਕਰੇਗਾ-ਗਿਆਨੀ ਹਰਪ੍ਰੀਤ ਸਿੰਘ
ਅਜੀਤ ਡੈਸਕ
01-02-2026