ਚੰਡੀਗੜ੍ਹ, 2 ਫਰਵਰੀ (ਮਾਰਕੰਡਾ)-ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਆਪਣੇ ਵਕੀਲ ਰਾਹੀਂ ਚੰਡੀਗੜ੍ਹ ਜ਼ਿਲ੍ਹਾ ਅਦਾਲਤ 'ਚ ਅੱਠ ਸਾਲ ਪੁਰਾਣੇ ਮਾਣਹਾਨੀ ਦੇ ਮਾਮਲੇ ਵਿਚ ਨਿੱਜੀ ਪੇਸ਼ੀ ਤੋਂ ਛੋਟ ਲਈ ਅਰਜ਼ੀ ਦਾਇਰ ਕੀਤੀ | ਇਹ ਅਰਜ਼ੀ ਰਾਜਿੰਦਰ ਸਿੰਘ ਬਨਾਮ ਸੁਖਬੀਰ ਸਿੰਘ ਬਾਦਲ ਅਤੇ ਹੋਰਾਂ ਨਾਲ ਸਬੰਧਿਤ ਲਗਭਗ ਅੱਠ ਸਾਲ ਪੁਰਾਣੇ ਮਾਣਹਾਨੀ ਦੇ ਮਾਮਲੇ ਦੇ ਸਬੰਧ ਵਿਚ ਅਦਾਲਤ ਵਿਚ ਦਾਇਰ ਕੀਤੀ ਗਈ | ਅਰਜ਼ੀ ਵਿਚ ਕਿਹਾ ਗਿਆ ਹੈ ਕਿ ਅੱਜ ਅੰਮਿ੍ਤਸਰ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਪਾਰਟੀ ਦੀ ਮੀਟਿੰਗ ਬੁਲਾਈ ਗਈ ਹੈ | ਮੀਟਿੰਗ ਵਿਚ ਸੁਖਬੀਰ ਸਿੰਘ ਬਾਦਲ ਦੀ ਮੌਜੂਦਗੀ ਜ਼ਰੂਰੀ ਦੱਸੀ ਗਈ ਹੈ | ਅਰਜ਼ੀ ਵਿਚ ਇਹ ਵੀ ਕਿਹਾ ਗਿਆ ਹੈ ਕਿ ਜੇਕਰ ਸੁਖਬੀਰ ਸਿੰਘ ਬਾਦਲ ਮੀਟਿੰਗ ਵਿਚ ਸ਼ਾਮਲ ਨਹੀਂ ਹੁੰਦੇ ਤਾਂ ਦੂਰ-ਦੁਰਾਡੇ ਤੋਂ ਆਏ ਲੋਕਾਂ ਨੂੰ ਬਿਨਾਂ ਕਿਸੇ ਨਤੀਜੇ ਦੇ ਵਾਪਸ ਜਾਣਾ ਪਵੇਗਾ | ਇਹ ਕਿਹਾ ਗਿਆ ਸੀ ਕਿ ਉਨ੍ਹਾਂ ਦੀ ਗ਼ੈਰਹਾਜ਼ਰੀ ਜਾਣਬੁੱਝ ਕੇ ਨਹੀਂ ਹੈ ਅਤੇ ਉਹ ਅਗਲੀ ਤਰੀਕ ਨੂੰ ਅਦਾਲਤ ਵਿਚ ਪੇਸ਼ ਹੋਣ ਦਾ ਵਾਅਦਾ ਕਰਦੇ ਹਨ | ਦੱਸਣਯੋਗ ਹੈ ਕਿ ਇਹ ਮਾਮਲਾ 2017 ਦਾ ਹੈ | ਅਖੰਡ ਕੀਰਤਨੀ ਜਥੇ ਦੇ ਬੁਲਾਰੇ ਅਤੇ ਮੋਹਾਲੀ ਦੇ ਵਸਨੀਕ ਰਾਜਿੰਦਰ ਪਾਲ ਸਿੰਘ ਨੇ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਵਿਚ ਸੁਖਬੀਰ ਸਿੰਘ ਬਾਦਲ ਵਿਰੁੱਧ ਮਾਣਹਾਨੀ ਦੀ ਸ਼ਿਕਾਇਤ ਦਾਇਰ ਕੀਤੀ ਸੀ |