ਚੰਡੀਗੜ੍ਹ, 3 ਫਰਵਰੀ (ਅਜੀਤ ਬਿਊਰੋ)-ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਵਿਗਿਆਨਕ ਢੰਗ ਨਾਲ ਫਸਲੀ ਰਹਿੰਦ-ਖੂੰਹਦ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ ਲਈ ਠੋਸ ਕਦਮ ਚੁੱਕੇ ਜਾ ਰਹੇ ਹਨ ਤਾਂ ਜੋ ਵਾਤਾਵਰਨ ਸਬੰਧੀ ਸਮੱਸਿਆਵਾਂ ਦਾ ਨਿਵਾਰਨ, ਮਿੱਟੀ ਦੀ ਸਿਹਤ ਵਿਚ ਸੁਧਾਰ ਅਤੇ ਕਿਸਾਨਾਂ ਦੀ ਆਮਦਨ ਵਿਚ ਵਾਧਾ ਕੀਤਾ ਜਾ ਸਕੇ | ਉਹ ਇਥੇ ਏ.ਐਸ.ਏ.ਆਰ. ਵਲੋਂ ਕੈਨੋਪੀ ਦੇ ਸਹਿਯੋਗ ਨਾਲ ਕਰਵਾਈ ਸੂਬਾ ਪੱਧਰੀ ਕਾਨਫ਼ਰੰਸ ਨੂੰ ਸੰਬੋਧਨ ਕਰ ਰਹੇ ਸਨ | ਖੁੱਡੀਆਂ ਨੇ ਕਿਹਾ ਕਿ ਪੰਜਾਬ ਵਲੋਂ ਫ਼ਸਲਾਂ ਦੀ ਰਹਿੰਦ-ਖੂੰਹਦ ਦੇ ਸੁਚੱਜੇ ਪ੍ਰਬੰਧਨ ਲਈ ਦੇ ਯਤਨਾਂ ਦੇ ਪ੍ਰਭਾਵੀ ਤੇ ਸਾਕਾਰਾਤਮਕ ਨਤੀਜੇ ਸਾਹਮਣੇ ਆ ਰਹੇ ਹਨ, ਕਿਉਂਕਿ 2025 ਦੇ ਸਾਉਣੀ ਸੀਜ਼ਨ ਵਿਚ ਪਰਾਲੀ ਸਾੜਨ ਦੀਆਂ ਘਟਨਾਵਾਂ ਵਿਚ 53 ਫ਼ੀਸਦੀ ਗਿਰਾਵਟ ਆਈ ਹੈ | ਉਨ੍ਹਾਂ ਦੱਸਿਆ ਕਿ ਸਾਲ 2024 ਵਿਚ ਅਜਿਹੀਆਂ ਘਟਨਾਵਾਂ ਦੀ ਗਿਣਤੀ 10,909 ਸੀ, ਜੋ ਹੁਣ ਘੱਟ ਕੇ 5,114 ਰਹਿ ਗਈ |