ਅੰਮਿ੍ਤਸਰ, 6 ਫਰਵਰੀ (ਜਸਵੰਤ ਸਿੰਘ ਜੱਸ)-ਪ੍ਰੈੱਸ ਦੀ ਆਜ਼ਾਦੀ ਬਹਾਲ ਕਰੋ ਸੰਘਰਸ਼ ਕਮੇਟੀ ਵਲੋਂ ਆਰ. ਟੀ. ਆਈ. ਕਾਰਕੁਨ ਮਾਨਿਕ ਗੋਇਲ, ਪੱਤਰਕਾਰ ਮਨਿੰਦਰ ਸਿੱਧੂ ਤੇ ਮਨਦੀਪ ਮੱਕੜ ਸਮੇਤ ਕਈ ਹੋਰਨਾਂ ਖ਼ਿਲਾਫ਼ ਗੈਰ-ਜ਼ਮਾਨਤੀ ਧਾਰਾਵਾਂ ਤਹਿਤ ਦਰਜ ਕੀਤੇ ਗਏ ਪਰਚਿਆਂ ਅਤੇ ਸਰਕਾਰ ਵਲੋਂ ਆਜ਼ਾਦ ਮੀਡੀਆ ਚੈਨਲਾਂ ਨੂੰ ਕਥਿਤ ਤੌਰ 'ਤੇ ਬੰਦ ਕਰਵਾਉਣ ਦੀਆਂ ਕੋਸ਼ਿਸ਼ਾਂ ਦੇ ਖ਼ਿਲਾਫ਼ ਅੱਜ ਸਥਾਨਕ ਵਿਰਸਾ ਵਿਹਾਰ ਵਿਖੇ ਵਿਸ਼ਾਲ ਜਨਤਕ ਮੀਟਿੰਗ ਕੀਤੀ ਗਈ, ਜਿਸ ਵਿਚ ਮਾਝਾ ਖੇਤਰ ਦੀਆਂ ਕਰੀਬ 60 ਜਨਤਕ ਜਥੇਬੰਦੀਆਂ ਦੇ ਨੁਮਾਇੰਦਿਆਂ, ਪੱਤਰਕਾਰਾਂ ਅਤੇ ਸਮਾਜਿਕ ਕਾਰਕੁੰਨਾਂ ਨੇ ਵੱਡੀ ਗਿਣਤੀ ਵਿਚ ਸ਼ਿਰਕਤ ਕੀਤੀ | ਮੀਟਿੰਗ ਦੌਰਾਨ ਪ੍ਰੈੱਸ ਦੀ ਆਜ਼ਾਦੀ ਸੰਬੰਧੀ ਗੰਭੀਰ ਚਰਚਾ ਕੀਤੀ ਗਈ ਅਤੇ ਅਸਹਿਮਤ ਆਵਾਜ਼ਾਂ ਨੂੰ ਦਬਾਉਣ ਦੀ ਨੀਤੀ ਦੀ ਤਿੱਖੀ ਆਲੋਚਨਾ ਕੀਤੀ ਗਈ | ਸੰਘਰਸ਼ ਕਮੇਟੀ ਪ੍ਰ੍ਰਬੰਧਕਾਂ ਵਲੋਂ ਪੱਤਰਕਾਰਾਂ ਅਤੇ ਆਰ. ਟੀ. ਆਈ. ਕਾਰਕੁਨਾਂ 'ਤੇ ਦਰਜ ਕੀਤੇ ਪਰਚੇ ਰੱਦ ਕਰਨ ਦੀ ਮੰਗ ਕਰਦਿਆਂ ਮਾਲਵੇ ਦੀ ਤਰਜ਼ 'ਤੇ ਮਾਝੇ ਦੇ ਅੰਮਿ੍ਤਸਰ ਵਿਚ ਵੀ 27 ਫਰਵਰੀ ਨੂੰ ਡੀ.ਸੀ. ਦਫ਼ਤਰ ਵਿਖੇ ਪ੍ਰੈੱਸ 'ਤੇ ਪਾਬੰਦੀਆਂ ਦੇ ਖ਼ਿਲਾਫ਼ ਵਿਸ਼ਾਲ ਰੋਸ ਮੁਜ਼ਾਹਰਾ ਕਰਨ ਦਾ ਐਲਾਨ ਕੀਤਾ ਗਿਆ | ਕਾਮਰੇਡ ਅਮਰਜੀਤ ਸਿੰਘ ਆਸਲ, ਤਰਕਸ਼ੀਲ ਆਗੂ ਸੁਮੀਤ ਸਿੰਘ, ਵਿਰਸਾ ਵਿਹਾਰ ਦੇ ਸਕੱਤਰ ਰਮੇਸ਼ ਯਾਦਵ, ਜਸਬੀਰ ਸਿੰਘ ਪੱਟੀ ਤੋਂ ਇਲਾਵਾ ਪ੍ਰਬੰਧਕਾਂ ਅਨੁਸਾਰ ਇਸ ਮੀਟਿੰਗ ਵਿਚ ਕਿਰਤੀ ਕਿਸਾਨ ਯੂਨੀਅਨ, ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ, ਕਿਸਾਨ ਮਜਦੂਰ ਸੰਘਰਸ਼ ਕਮੇਟੀ, ਨੌਜਵਾਨ ਭਾਰਤ ਸਭਾ, ਪੰਜਾਬ ਸਟੂਡੈਂਟਸ ਯੂਨੀਅਨ, ਜਮਹੂਰੀ ਅਧਿਕਾਰ ਸਭਾ, ਤਰਕਸ਼ੀਲ ਸੁਸਾਇਟੀ, ਪੰਜਾਬ ਅਤੇ ਚੰਡੀਗੜ੍ਹ ਜਰਨਲਿਸਟ ਯੂਨੀਅਨ ਸਮੇਤ ਹੋਰ ਕਈ ਕਿਸਾਨ ਅਤੇ ਜਨਤਕ ਜੱਥੇਬੰਦੀਆਂ ਦੇ ਨੁਮਾਇੰਦੇ ਮੌਜੂਦ ਸਨ |