ਸਾਕਾ ਆਪਾ ਵਾਰਨ ਅਤੇ ਨਿਸ਼ਕਾਮ ਕੁਰਬਾਨੀ ਦੀ ਅਦੁੱਤੀ ਮਿਸਾਲ-ਰਮੇਸ਼ ਸਿੰਘ ਅਰੋੜਾ
ਅੰਮਿ੍ਤਸਰ, 21 ਫਰਵਰੀ (ਸੁਰਿੰਦਰ ਕੋਛੜ)-ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਇਵੈਕੂਈ ਟਰੱਸਟ ਪ੍ਰਾਪਰਟੀ ਬੋਰਡ ਵਲੋਂ ਸਾਂਝੇ ਤੌਰ 'ਤੇ ਸਾਕਾ ਸ੍ਰੀ ਨਨਕਾਣਾ ਸਾਹਿਬ ਦੇ ਸ਼ਹੀਦਾਂ ਦੀ ਯਾਦ 'ਚ ਕਰਵਾਏ ਗਏ ਤਿੰਨ ਰੋਜ਼ਾ ਸਮਾਗਮ ਦੀ ਸਮਾਪਤੀ ਮੌਕੇ ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਵਿਖੇ ਅਖੰਡ ਪਾਠ ਦੇ ਭੋਗ ਉਪਰੰਤ ਵਿਸ਼ੇਸ਼ ਦੀਵਾਨ ਸਜਾਏ ਗਏ, ਜਿਸ 'ਚ ਗਿਆਨੀ ਹਰਭਜਨ ਸਿੰਘ ਰਾਗੀ ਅਤੇ ਸੰਤ ਸਿੰਘ ਦੇ ਜਥਿਆਂ ਵਲੋਂ ਗੁਰ ਇਤਿਹਾਸ ਸੁਣਾ ਕੇ ਸੰਗਤਾਂ ਨੂੰ ਨਿਹਾਲ ਕਰਦਿਆਂ ਸਾਕੇ ਦੇ ਇਤਿਹਾਸ ਬਾਰੇ ਚਾਨਣਾ ਪਾਇਆ ਗਿਆ | ਸੰਪੂਰਨਤਾ ਦੀ ਅਰਦਾਸ ਗਿਆਨੀ ਮਾਸਟਰ ਬਲਵੰਤ ਸਿੰਘ ਨੇ ਕੀਤੀ | ਇਸ ਮੌਕੇ ਗੁਰਦੁਆਰਾ ਕਮੇਟੀ ਦੇ ਜਨਰਲ ਸਕੱਤਰ ਸਤਵੰਤ ਕੌਰ, ਮੈਂਬਰ ਗਿਆਨ ਸਿੰਘ ਚਾਵਲਾ, ਹੈੱਡ ਗ੍ਰੰਥੀ ਗਿਆਨੀ ਪ੍ਰੇਮ ਸਿੰਘ, ਗਿਆਨੀ ਦਇਆ ਸਿੰਘ, ਗਿਆਨੀ ਰਣਜੀਤ ਸਿੰਘ, ਈ. ਟੀ. ਪੀ. ਬੀ. ਦੇ ਵਧੀਕ ਸਕੱਤਰ (ਸ਼ਰਾਈਨਜ਼) ਨਾਸਿਰ ਮੁਸ਼ਤਾਕ, ਫ਼ਰਾਜ਼ ਅੱਬਾਸ ਅਤੇ ਸ੍ਰੀ ਨਨਕਾਣਾ ਸਾਹਿਬ ਦੀ ਸੰਗਤ ਸਮੇਤ ਯੂ. ਐੱਸ. ਏ. ਅਤੇ ਕੈਨੇਡਾ ਤੋਂ ਪਹੁੰਚੇ ਯਾਤਰੂ ਵੀ ਹਾਜ਼ਰ ਸਨ | ਗੁਰਦੁਆਰਾ ਜਨਮ ਅਸਥਾਨ ਵਿਖੇ ਅਰਦਾਸ ਕਰਨ ਉਪਰੰਤ ਲਹਿੰਦੇ ਪੰਜਾਬ ਦੇ ਘੱਟ-ਗਿਣਤੀ ਮਾਮਲਿਆਂ ਬਾਰੇ ਸੂਬਾਈ ਮੰਤਰੀ ਰਮੇਸ਼ ਸਿੰਘ ਅਰੋੜਾ ਨੇ ਕਿਹਾ ਕਿ ਸਮੁੱਚੀ ਸਿੱਖ ਕੌਮ ਲਈ ਸਾਕਾ ਸ੍ਰੀ ਨਨਕਾਣਾ ਸਾਹਿਬ ਬਹੁਤ ਵੱਡਾ ਤੇ ਮਹੱਤਵਪੂਰਨ ਦਿਹਾੜਾ ਹੈ | ਉਨ੍ਹਾਂ ਕਿਹਾ ਕਿ ਗੁਰਦੁਆਰਾ ਸੁਧਾਰ ਲਹਿਰ 'ਚ ਸ੍ਰੀ ਨਨਕਾਣਾ ਸਾਹਿਬ ਦਾ ਸਾਕਾ ਆਪਾ-ਵਾਰਨ ਅਤੇ ਨਿਸ਼ਕਾਮ ਕੁਰਬਾਨੀ ਦੀ ਅਦੁੱਤੀ ਮਿਸਾਲ ਹੈ | ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਦੇ ਗ੍ਰੰਥੀ ਬਲਵੰਤ ਸਿੰਘ ਨੇ ਜਿਥੇ ਸਾਕਾ ਨਨਕਾਣਾ ਸਾਹਿਬ ਦਾ ਇਤਿਹਾਸ ਸੰਗਤ ਨਾਲ ਸਾਂਝਾ ਕੀਤਾ, ਉਥੇ ਹੀ ਇਸ ਸਾਕੇ ਤੋਂ ਬਾਅਦ ਪਏ ਪ੍ਰਭਾਵਾਂ ਬਾਰੇ ਵੀ ਆਪਣੇ ਵਿਚਾਰ ਪ੍ਰਗਟ ਕੀਤੇ | ਸਮਾਗਮ ਨੂੰ ਸੰਬੋਧਨ ਕਰਦਿਆਂ ਰਣਜੀਤ ਸਿੰਘ ਰਾਣਾ ਪ੍ਰਧਾਨ ਗੁਰਮਤ ਸੇਵਾ ਜਥਾ ਯੂ. ਕੇ. ਅਤੇ ਜਸਬੀਰ ਸਿੰਘ ਬੋਪਾਰਾਏ ਨੇ ਸ੍ਰੀ ਨਨਕਾਣਾ ਸਾਹਿਬ ਦੇ ਸਾਕੇ ਦੌਰਾਨ ਸ਼ਹੀਦ ਹੋਏ ਸਿੰਘਾਂ ਨੂੰ ਸ਼ਰਧਾ ਅਤੇ ਸਤਿਕਾਰ ਭੇਟ ਕਰਦਿਆਂ ਸਿੱਖ ਇਤਿਹਾਸ ਦੇ ਇਨ੍ਹਾਂ ਪੰਨਿਆਂ ਤੋਂ ਪ੍ਰੇਰਨਾ ਲੈਣ ਦੀ ਅਪੀਲ ਕੀਤੀ |
ਪਾਕਿ 'ਚ ਮਨਾਇਆ ਗਿਆ ਸ਼ਹੀਦੀ ਸਾਕਾ ਸ੍ਰੀ ਨਨਕਾਣਾ ਸਾਹਿਬ <br/>
ਅਜੀਤ ਡੈਸਕ
22-02-2026