ਹਵਾਰਾ ਕਲਾਂ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਤੇ ਪੰਥਕ ਏਕਤਾ ਲਈ ਚੜ੍ਹਦੀ ਕਲਾ ਲਈ ਪੰਥਕ ਇਕੱਠ <br/>
ਅਜੀਤ ਡੈਸਕ
22-02-2026
ਖਮਾਣੋਂ (ਫ਼ਤਿਹਗੜ੍ਹ ਸਾਹਿਬ), 21 ਫਰਵਰੀ (ਮਨਮੋਹਣ ਸਿੰਘ ਕਲੇਰ)-ਭਾਈ ਜਗਤਾਰ ਸਿੰਘ ਹਵਾਰਾ ਦੇ ਜੱਦੀ ਪਿੰਡ ਹਵਾਰਾ ਕਲਾਂ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਅਤੇ ਪੰਥਕ ਏਕਤਾ ਨੂੰ ਸਮਰਪਿਤ ਇਕ ਵਿਸ਼ਾਲ ਚੜ੍ਹਦੀ ਕਲਾਂ ਪੰਥਕ ਇਕੱਠ ਕਰਵਾਇਆ ਗਿਆ | ਸਮਾਗਮ ਦਾ ਮੁੱਖ ਉਦੇਸ਼ ਬੰਦੀ ਸਿੰਘਾਂ ਦੀ ਰਿਹਾਈ ਸੰਬੰਧੀ ਸਾਂਝੀ ਰਣਨੀਤੀ 'ਤੇ ਵਿਚਾਰ-ਵਟਾਂਦਰਾ ਕਰਨਾ ਸੀ | ਇਸ ਮੌਕੇ ਕੌਮੀ ਇਨਸਾਫ਼ ਮੋਰਚੇ ਦੇ ਕਨਵੀਨਰ ਭਾਈ ਪਾਲ ਸਿੰਘ ਫਰਾਂਸ ਵਲੋਂ ਸਟੇਜ ਤੋਂ ਮਤਾ ਪੜ੍ਹ ਕੇ ਸੁਣਾਇਆ ਗਿਆ, ਜਿਸ ਨੂੰ ਹਜ਼ਾਰਾਂ ਦੀ ਗਿਣਤੀ 'ਚ ਹਾਜ਼ਰ ਸਿੱਖ ਸੰਗਤ ਨੇ ਜੈਕਾਰਿਆਂ ਦੀ ਗੂੰਜ ਵਿਚ ਸਰਬਸੰਮਤੀ ਨਾਲ ਪ੍ਰਵਾਨਗੀ ਦਿੱਤੀ | ਮਤੇ ਅਨੁਸਾਰ ਮੁੱਖ ਮੰਤਰੀ ਭਗਵੰਤ ਮਾਨ ਨੂੰ ਇਕ ਹਫ਼ਤੇ ਦਾ ਸਮਾਂ ਦਿੱਤਾ ਗਿਆ ਹੈ | ਜੇਕਰ ਉਹ ਦਿੱਲੀ ਦੀ ਮੰਡੋਲੀ ਜੇਲ੍ਹ 'ਚ ਬੰਦ ਭਾਈ ਜਗਤਾਰ ਸਿੰਘ ਹਵਾਰਾ ਨੂੰ ਆਪਣੀ 82 ਸਾਲਾ ਬਿਮਾਰ ਮਾਤਾ ਨਾਲ ਮਿਲਣ ਲਈ 1 ਮਾਰਚ ਤੱਕ ਛੁੱਟੀ ਦੀ ਮਨਜ਼ੂਰੀ ਨਹੀਂ ਦਿੰਦੇ ਤਾਂ 2 ਮਾਰਚ ਨੂੰ ਕੌਮੀ ਇਨਸਾਫ਼ ਮੋਰਚੇ ਦੀ ਥਾਂ 'ਤੇ ਨਾਨਕ ਨਾਮ ਲੇਵਾ ਸੰਗਤ ਇਕੱਠੀ ਹੋ ਕੇ ਮੁੱਖ ਮੰਤਰੀ ਖ਼ਿਲਾਫ਼ ਅਰਦਾਸ ਕਰੇਗੀ ਅਤੇ ਇਹ ਮੰਗ ਕੀਤੀ ਜਾਵੇਗੀ ਕਿ ਉਹ ਨਿਆਂ ਕਰਨ ਦੇ ਯੋਗ ਨਹੀਂ ਹਨ | ਭਾਈ ਪਾਲ ਸਿੰਘ ਫਰਾਂਸ ਨੇ ਦੱਸਿਆ ਕਿ ਭਾਈ ਹਵਾਰਾ ਦੀ ਛੁੱਟੀ ਸੰਬੰਧੀ ਫਾਈਲ ਅਕਤੂਬਰ 2025 ਤੋਂ ਮੁੱਖ ਮੰਤਰੀ ਕੋਲ ਪਈ ਹੈ, ਪਰ ਅਜੇ ਤੱਕ ਉਸ 'ਤੇ ਕੋਈ ਕਾਰਵਾਈ ਨਹੀਂ ਹੋਈ | ਸਮਾਗਮ ਨੂੰ ਸੰਬੋਧਨ ਕਰਨ ਵਾਲੇ ਪ੍ਰਮੁੱਖ ਬੁਲਾਰਿਆਂ 'ਚ ਗਿਆਨੀ ਹਰਪ੍ਰੀਤ ਸਿੰਘ, ਸਿਮਰਨਜੀਤ ਸਿੰਘ ਮਾਨ, ਮਨਪ੍ਰੀਤ ਸਿੰਘ ਇਯਾਲੀ, ਸਰਬਜੀਤ ਸਿੰਘ ਸੰਸਦ ਮੈਂਬਰ ਫ਼ਰੀਦਕੋਟ, ਕਰਨੈਲ ਸਿੰਘ ਪੰਜੋਲੀ, ਬਾਪੂ ਤਰਸੇਮ ਸਿੰਘ, ਲੱਖਾ ਸਿਧਾਣਾ, ਭਾਨਾ ਸਿੱਧੂ ਸਮੇਤ ਹੋਰ ਪੰਥਕ ਤੇ ਕਿਸਾਨ ਆਗੂ ਸ਼ਾਮਿਲ ਸਨ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਭਾਈ ਜਗਤਾਰ ਸਿੰਘ ਹਵਾਰਾ ਦੀ ਮਾਤਾ ਬੀਬੀ ਨਰਿੰਦਰ ਕੌਰ ਨੂੰ ਵੀ ਸਮਾਗਮ 'ਚ ਲਿਆਂਦਾ ਗਿਆ | ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਨੇ ਐਲਾਨ ਕੀਤਾ ਕਿ ਆਉਣ ਵਾਲੇ ਵਿਧਾਨ ਸਭਾ ਬਜਟ ਇਜਲਾਸ 'ਚ ਬੰਦੀ ਸਿੰਘਾਂ ਦੀ ਰਿਹਾਈ ਲਈ ਮਤਾ ਲਿਆਂਦਾ ਜਾਵੇਗਾ | ਇਸ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਹਰਜਿੰਦਰ ਸਿੰਘ ਧਾਮੀ ਦੀ ਚਿੱਠੀ ਵੀ ਪੜ੍ਹ ਕੇ ਸੁਣਾਈ ਗਈ, ਜਿਸ 'ਚ ਕਮੇਟੀ ਵਲੋਂ ਪੂਰੇ ਸਹਿਯੋਗ ਦਾ ਭਰੋਸਾ ਦਿੱਤਾ ਗਿਆ | ਸਮਾਗਮ ਦੌਰਾਨ 25 ਤੋਂ 26 ਫਰਵਰੀ ਤੱਕ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਤਲਵੰਡੀ ਸਾਬੋ ਤੱਕ ਬੰਦੀ ਸਿੰਘਾਂ ਦੀ ਰਿਹਾਈ ਲਈ ਵਹੀਰ ਕੱਢਣ ਦਾ ਵੀ ਐਲਾਨ ਕੀਤਾ ਗਿਆ | ਇਸ ਤੋਂ ਇਲਾਵਾ ਭਾਈ ਪਰਮਜੀਤ ਸਿੰਘ ਭਿਓਰਾ ਵਲੋਂ ਜੇਲ੍ਹ ਤੋਂ ਭੇਜੀ ਚਿੱਠੀ ਵੀ ਪੜ੍ਹੀ ਗਈ, ਜਿਸ 'ਚ ਪੰਥਕ ਏਕਤਾ ਦਾ ਸੁਨੇਹਾ ਦਿੱਤਾ ਗਿਆ | ਸਟੇਜ ਦੀ ਕਾਰਵਾਈ ਰੇਸ਼ਮ ਸਿੰਘ ਬਡਾਲੀ ਅਤੇ ਅਮਰਪ੍ਰੀਤ ਸਿੰਘ ਪੰਜਕੋਹਾ ਨੇ ਚਲਾਈ, ਜਦਕਿ ਭਾਈ ਜਸਵੰਤ ਸਿੰਘ ਸਿੱਧੂਪੁਰ ਨੇ ਹਾਜ਼ਰ ਸੰਗਤ ਦਾ ਧੰਨਵਾਦ ਕੀਤਾ |