ਚੰਡੀਗੜ੍ਹ, 23 ਫ਼ਰਵਰੀ (ਸੰਦੀਪ ਕੁਮਾਰ ਮਾਹਨਾ)ਖਡੂਰ ਸਾਹਿਬ ਤੋਂ 'ਆਪ' ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਦੀ ਵਿਧਾਨ ਸਭਾ 'ਚ ਮੈਂਬਰਸ਼ਿਪ ਰੱਦ ਕਰਨ ਦੀ ਮੰਗ ਕਰਦੇ ਹੋਏ ਪੰਜਾਬ ਤੇ ਹਰਿਆਣਾ ਹਾਈ ਕੋਰਟ 'ਚ ਇਕ ਜਨਹਿਤ ਪਟੀਸ਼ਨ ਦਾਇਰ ਕੀਤੀ ਗਈ ਹੈ | ਤਰਨ ਤਾਰਨ ਨਿਵਾਸੀ ਜਸਵੰਤ ਸਿੰਘ ਵਲੋਂ ਦਾਇਰ ਪਟੀਸ਼ਨ 'ਤੇ ਸੁਣਵਾਈ ਕਰਦਿਆਂ ਅਦਾਲਤ ਨੇ ਪੰਜਾਬ ਸਰਕਾਰ, ਸਬੰਧਿਤ ਅਧਿਕਾਰੀਆਂ ਅਤੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੂੰ ਨੋਟਿਸ ਜਾਰੀ ਕਰਕੇ 30 ਮਾਰਚ ਤੱਕ ਜਵਾਬ ਦਾਇਰ ਕਰਨ ਦੇ ਨਿਰਦੇਸ਼ ਦਿੱਤੇ ਹਨ | ਪਟੀਸ਼ਨ 'ਚ ਕਿਹਾ ਗਿਆ ਹੈ ਕਿ ਪਿਛਲੇ ਸਾਲ ਸਤੰਬਰ 'ਚ ਤਰਨ ਤਾਰਨ ਦੀ ਇਕ ਅਦਾਲਤ ਨੇ ਵਿਧਾਇਕ ਲਾਲਪੁਰਾ ਨੂੰ 2013 ਵਿਚ ਇਕ ਅÏਰਤ 'ਤੇ ਹਮਲਾ ਕਰਨ ਅਤੇ ਐਸ.ਸੀ/ ਐਸ.ਟੀ (ਅੱਤਿਆਚਾਰ ਰੋਕਥਾਮ) ਐਕਟ ਤਹਿਤ ਦਰਜ ਮਾਮਲੇ 'ਚ ਦੋਸ਼ੀ ਠਹਿਰਾਉਂਦੇ ਹੋਏ ਚਾਰ ਸਾਲ ਦੀ ਕੈਦ ਦੀ ਸਜ਼ਾ ਸੁਣਾਈ ਸੀ | ਪਟੀਸ਼ਨਕਰਤਾ ਅਨੁਸਾਰ ਸਜ਼ਾ ਸੁਣਾਏ ਜਾਣ ਤੋਂ ਬਾਅਦ ਅੱਜ ਤੱਕ ਨਾ ਤਾਂ ਉਨ੍ਹਾਂ ਦੀ ਮੈਂਬਰਸ਼ਿਪ ਖ਼ਤਮ ਕੀਤੀ ਗਈ ਹੈ ਅਤੇ ਨਾ ਹੀ ਸੰਬੰਧਿਤ ਸੰਵਿਧਾਨਕ ਵਿਵਸਥਾਵਾਂ ਦੀ ਪਾਲਣਾ ਕੀਤੀ ਗਈ ਹੈ | ਪਟੀਸ਼ਨ 'ਚ ਸੁਪਰੀਮ ਕੋਰਟ ਦੇ ਨਿਰਦੇਸ਼ਾਂ ਦਾ ਹਵਾਲਾ ਦਿੱਤਾ ਗਿਆ, ਜਿਸ ਮੁਤਾਬਿਕ ਦੋ ਸਾਲ ਜਾਂ ਇਸ ਤੋਂ ਵੱਧ ਸਮੇਂ ਲਈ ਦੋਸ਼ੀ ਠਹਿਰਾਏ ਜਾਣ 'ਤੇ ਜਨ ਪ੍ਰਤੀਨਿਧੀਆਂ ਦੀ ਮੈਂਬਰਸ਼ਿਪ ਤੁਰੰਤ ਪ੍ਰਭਾਵ ਨਾਲ ਖ਼ਤਮ ਹੋ ਜਾਂਦੀ ਹੈ | ਸੁਣਵਾਈ ਦੌਰਾਨ ਅਦਾਲਤ ਨੇ ਸੂਬਾ ਸਰਕਾਰ, ਵਿਧਾਇਕ ਲਾਲਪੁਰਾ ਅਤੇ ਹੋਰ ਸੰਬੰਧਿਤ ਧਿਰਾਂ ਨੂੰ ਨੋਟਿਸ ਜਾਰੀ ਕਰਕੇ 30 ਮਾਰਚ ਤੱਕ ਵਿਸਥਾਰਤ ਜਵਾਬ ਦਾਇਰ ਕਰਨ ਦੇ ਆਦੇਸ਼ ਦਿੱਤੇ ਹਨ |