ਚੰਡੀਗੜ੍ਹ, 23 ਫਰਵਰੀ (ਵਿਕਰਮਜੀਤ ਸਿੰਘ ਮਾਨ)-ਪੰਜਾਬ ਕਾਂਗਰਸ ਦੇ ਆਗੂਆਂ ਨੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੀ ਰਾਮਗੜ੍ਹ ਪਿੰਡ ਵਿਚ ਸਥਿਤ ਘਰ ਦੇ ਬਾਹਰ ਕਾਰ ਪਾਰਕਿੰਗ ਦੀ ਦੀਵਾਰ ਢਾਹੇ ਜਾਣ ਦੀ ਨਿਖੇਧੀ ਕੀਤੀ ਹੈ | ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਸਾਬਕਾ ਮੁੱਖ ਮੰਤਰੀ ਬੀਬੀ ਰਜਿੰਦਰ ਕੌਰ ਭੱਠਲ, ਸਾਬਕਾ ਪੰਜਾਬ ਕਾਂਗਰਸ ਪ੍ਰਧਾਨ ਸ਼ਮਸ਼ੇਰ ਸਿੰਘ ਦੂਲੋਂ, ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਲੋਕ ਸਭਾ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ, ਸਾਬਕਾ ਸਪੀਕਰ ਰਾਣਾ ਕੇ.ਪੀ ਸਿੰਘ, ਸਾਬਕਾ ਮੰਤਰੀ ਪਰਗਟ ਸਿੰਘ ਅਤੇ ਕਈ ਹੋਰ ਆਗੂਆਂ ਵਲੋਂ 'ਆਪ' ਦੀ ਸਰਕਾਰ ਨੂੰ ਸਿਆਸੀ ਬਦਲਾਖੋਰੀ ਤਹਿਤ ਤਾਕਤ ਦੀ ਦੁਰਵਰਤੋਂ ਕਰਨ ਵਿਰੁੱਧ ਚਿਤਾਵਨੀ ਦਿੱਤੀ ਹੈ | ਕਾਂਗਰਸੀ ਆਗੂਆਂ ਨੇ ਅਜਿਹੇ ਅਧਿਕਾਰੀਆਂ ਨੂੰ ਵੀ ਚਿਤਾਵਨੀ ਦਿੱਤੀ ਹੈ ਕਿ ਉਹ 'ਆਪ' ਸਰਕਾਰ ਦੀ ਗੈਰਕਾਨੂੰਨੀ ਤੇ ਗੈਰ-ਨਿਆਇਕ ਇਸ਼ਾਰੇ 'ਤੇ ਕੰਮ ਨਾ ਕਰਨ, ਜਿਸ ਦੀ ਸੱਤਾ ਤੋਂ ਬਾਹਰ ਜਾਣ ਦੀ ਤਿਆਰੀ ਚੱਲ ਰਹੀ ਹੈ |