ਚੰਡੀਗੜ੍ਹ, 23 ਫਰਵਰੀ (ਅਜੀਤ ਬਿਊਰੋ)-ਪੰਜਾਬ ਸਰਕਾਰ ਵਲੋਂ ਜਲਦ ਹੀ ਜ਼ਿਲ੍ਹਾ ਵਾਰ ਐਨ.ਆਰ.ਆਈ ਮਿਲਣੀਆਂ ਦਾ ਆਯੋਜਨ ਕੀਤਾ ਜਾਵੇਗਾ | ਇਹ ਜਾਣਕਾਰੀ ਇਥੇ ਐਨ.ਆਰ.ਆਈ. ਮਾਮਲਿਆਂ ਸਬੰਧੀ ਵਿਭਾਗੀ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਨ ਉਪਰੰਤ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਦਿੱਤੀ | ਡਾ. ਰਵਜੋਤ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਵਿਦੇਸ਼ਾਂ ਵਿਚ ਵੱਸਦੇ ਪੰਜਾਬੀ ਐਨ.ਆਰ.ਆਈਜ਼ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਲਈ ਐਨ.ਆਰ.ਆਈ ਮਿਲਣੀਆਂ ਦਾ ਆਯੋਜਨ ਲਗਾਤਾਰ ਕੀਤਾ ਜਾ ਰਿਹਾ ਹੈ ਅਤੇ ਇਸੇ ਦਿਸ਼ਾ ਵਿਚ ਚਾਲੂ ਸਾਲ ਦੌਰਾਨ ਸੂਬੇ ਦੇ ਹਰੇਕ ਜ਼ਿਲ੍ਹੇ ਵਿਚ ਐਨ.ਆਰ.ਆਈਜ਼ ਮਿਲਣੀਆਂ ਕਰਵਾਈਆਂ ਜਾਣਗੀਆਂ | ਉਨ੍ਹਾਂ ਦੱਸਿਆ ਕਿ ਸਰਕਾਰ ਨੇ ਐਨ.ਆਰ.ਆਈਜ਼ ਦੀਆਂ ਪੰਜਾਬ ਵਿਚ ਪਈਆਂ ਜ਼ਮੀਨ ਜਾਇਦਾਦ ਦੇ ਅਧਿਕਾਰ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਪੁਖ਼ਤਾ ਪ੍ਰਬੰਧ ਕੀਤੇ ਹਨ | ਇਸ ਮੌਕੇ ਐਨ. ਆਰ.ਆਈ ਵਿਭਾਗ ਦੇ ਸਕੱਤਰ ਵੀ.ਐਨ. ਜ਼ਾਦੇ, ਡਵੀਜ਼ਨਲ ਕਮਿਸ਼ਨਰ ਜਲੰਧਰ ਅਤੇ ਸਕੱਤਰ ਸੂਚਨਾ ਤੇ ਲੋਕ ਸੰਪਰਕ ਵਿਭਾਗ ਰਾਮਵੀਰ, ਵਿਸ਼ੇਸ਼ ਸਕੱਤਰ ਐਨ.ਆਰ.ਆਈ. ਅਮਨਦੀਪ ਕੌਰ, ਏ.ਡੀ.ਜੀ.ਪੀ ਐਨ.ਆਰ.ਆਈ ਆਰ. ਕੇ. ਜੈਸਵਾਲ, ਵਧੀਕ ਸਕੱਤਰ ਐਨ. ਆਰ.ਆਈ. ਆਰ. ਬੀ.ਐਸ ਬਰਾੜ ਅਤੇ ਏ.ਆਈ.ਜੀ. ਅਜਿੰਦਰ ਸਿੰਘ ਹਾਜ਼ਰ ਸਨ |
ਪੰਜਾਬ ਸਰਕਾਰ ਵਲੋਂ ਜਲਦ ਕਰਵਾਈ ਜਾਵੇਗੀ ਐਨ.ਆਰ.ਆਈ. ਮਿਲਣੀ-ਡਾ. ਰਵਜੋਤ ਸਿੰਘ <br/>
ਅਜੀਤ ਡੈਸਕ
24-02-2026